ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦਾ ਵੱਡਾ ਅਸਰ ; ਤਿੰਨ ਦਿਨਾਂ ਤੋਂ ਹਨੇਰੇ 'ਚ ਡੁੱਬਿਆ ਬਰਾਰੀ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦਾ ਵੱਡਾ ਅਸਰ: ਤਿੰਨ ਦਿਨਾਂ ਤੋਂ ਹਨੇਰੇ 'ਚ ਡੁੱਬਿਆ ਪਿੰਡ ਬਰਾਰੀ
Publish Date: Sun, 26 Jul 2026 05:13 PM (IST)
Updated Date: Mon, 27 Jul 2026 04:01 AM (IST)
ਪੀਣ ਵਾਲੇ ਪਾਣੀ ਦੀ ਸਪਲਾਈ ਵੀ ਹੋਈ ਠੱਪ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੇ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਦਾ ਖਮਿਆਜ਼ਾ ਹੁਣ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਨੂਰਪੁਰਬੇਦੀ ਖੇਤਰ ਦਾ ਪਿੰਡ ਬਰਾਰੀ ਪਿਛਲੇ ਤਿੰਨ ਦਿਨਾਂ ਤੋਂ ਪੂਰੀ ਤਰ੍ਹਾਂ ਬਿਜਲੀ ਤੋਂ ਵਾਂਝਾ ਹੈ, ਜਿਸ ਕਾਰਨ ਪਿੰਡ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ ’ਤੇ ਚਿੱਟੇ ਦਿਨੀ ਵੀ ਕਾਲੇ ਦਿਨ ਵਾਲਾ ਦੌਰ ਗੁਜ਼ਾਰ ਰਹੇ ਹਨ। ਬਿਜਲੀ ਸਪਲਾਈ ਬੰਦ ਹੋਣ ਨਾਲ ਨਾ ਸਿਰਫ਼ ਲੋਕ ਹਨੇਰੇ ਵਿੱਚ ਰਹਿਣ ਲਈ ਮਜਬੂਰ ਹਨ, ਸਗੋਂ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਠੱਪ ਹੋਣ ਕਾਰਨ ਹਾਲਾਤ ਹੋਰ ਗੰਭੀਰ ਬਣਦੇ ਜਾ ਰਹੇ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਤਿੰਨ ਦਿਨਾਂ ਤੋਂ ਬਿਜਲੀ ਨਾ ਹੋਣ ਕਾਰਨ ਘਰੇਲੂ ਕੰਮਕਾਜ, ਕਾਰੋਬਾਰ ਅਤੇ ਰੋਜ਼ਾਨਾ ਦੀ ਜ਼ਿੰਦਗੀ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਮਜ਼ਬੂਰੀ ਵੱਸ ਕਈ ਪਰਿਵਾਰ ਜਨਰੇਟਰਾਂ ਦੇ ਸਹਾਰੇ ਆਪਣਾ ਗੁਜ਼ਾਰਾ ਕਰ ਰਹੇ ਹਨ, ਪਰ ਹਰ ਕਿਸੇ ਲਈ ਇਹ ਪ੍ਰਬੰਧ ਸੰਭਵ ਨਹੀਂ। ਗਰਮੀ ਅਤੇ ਹੁੰਮਸ ਕਾਰਨ ਛੋਟੇ ਬੱਚਿਆਂ, ਸਕੂਲੀ ਵਿਦਿਆਰਥੀਆਂ, ਬਜ਼ੁਰਗਾਂ ਅਤੇ ਬਿਮਾਰ ਲੋਕਾਂ ਨੂੰ ਸਭ ਤੋਂ ਵੱਧ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਬਿਜਲੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਵਿਰੋਧੀ ਨਹੀਂ ਹਨ, ਪਰ ਮੁਲਾਜ਼ਮਾਂ ਅਤੇ ਸਰਕਾਰ ਦਰਮਿਆਨ ਚੱਲ ਰਹੇ ਟਕਰਾਅ ਦਾ ਸਿੱਧਾ ਅਸਰ ਆਮ ਲੋਕਾਂ ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹੜਤਾਲ ਲੰਬੀ ਚੱਲੀ ਤਾਂ ਬਰਾਰੀ ਤੋਂ ਬਾਅਦ ਖੇਤਰ ਦੇ ਹੋਰ ਪਿੰਡਾਂ ਵਿੱਚ ਵੀ ਬਿਜਲੀ ਸਪਲਾਈ ਠੱਪ ਹੋਣ ਦਾ ਖ਼ਤਰਾ ਵੱਧ ਸਕਦਾ ਹੈ, ਜਿਸ ਨਾਲ ਸਥਿਤੀ ਹੋਰ ਵੀ ਵਿਗੜ ਸਕਦੀ ਹੈ। ਲੋਕਾਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੀਐਸਪੀਸੀਐਲ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਕੋਈ ਬਦਲਵਾਂ ਪ੍ਰਬੰਧ ਕੀਤਾ ਜਾਵੇ, ਤਾਂ ਜੋ ਬਿਜਲੀ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਬਹਾਲ ਹੋ ਸਕੇ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਹੱਲ ਨਾ ਕੱਢਿਆ ਗਿਆ ਤਾਂ ਲੋਕਾਂ ਦਾ ਗੁੱਸਾ ਸੜਕਾਂ ਤੇ ਵੀ ਦਿਖਾਈ ਦੇ ਸਕਦਾ ਹੈ। ਇਸ ਮੌਕੇ ਰਾਜੇਸ਼ ਕੁਮਾਰ, ਰਾਜ ਕੁਮਾਰ, ਰਾਜੀਵ ਰਾਣਾ, ਸੰਦੀਪ ਰਾਣਾ, ਜਿੰਦਰ ਸਿੰਘ ਰਾਣਾ, ਸੁਨੀਲ ਕੁਮਾਰ, ਭਾਗ ਸ਼ਰਮਾ, ਪ੍ਰਿਥਵੀ ਰਾਜ, ਵੰਸ਼ ਰਾਣਾ, ਬਾਲਾ ਪੰਡਿਤ ਸਮੇਤ ਹੋਰ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ। ਬਾਕਸ: ਐੱਸਡੀਓ ਨਾਲ ਸੰਪਰਕ ਨਹੀਂ ਹੋ ਸਕਿਆ, ਲੋਕਾਂ ਚ ਰੋਸ ਇਸ ਸਬੰਧੀ ਜਦੋਂ ਪੀਐਸਪੀਸੀਐਲ ਦੇ ਸਬੰਧਤ ਐਸਡੀਓ ਨਾਲ ਪੱਖ ਜਾਣਨ ਲਈ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਉਨ੍ਹਾਂ ਨੇ ਕਾਲ ਦਾ ਜਵਾਬ ਨਹੀਂ ਦਿੱਤਾ। ਇਸ ਕਾਰਨ ਪਿੰਡ ਵਾਸੀਆਂ ਵਿੱਚ ਨਾਰਾਜ਼ਗੀ ਦੇਖਣ ਨੂੰ ਮਿਲੀ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਡਿਊਟੀ ਤੇ ਤਾਇਨਾਤ ਅਧਿਕਾਰੀ ਵੀ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਤਿਆਰ ਨਹੀਂ, ਤਾਂ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਬਿਜਲੀ ਸਪਲਾਈ ਬਹਾਲ ਨਾ ਕੀਤੀ ਗਈ ਤਾਂ ਇਲਾਕੇ ਦੇ ਲੋਕ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੇ।