ਚਰਨ ਗੰਗਾ ਸਟੇਡੀਅਮ ਨੇ ਧਾਰਿਆ ਤਾਲਾਬ ਦਾ ਰੂਪ, ਹਰ ਪਾਸੇ ਪਾਣੀ ਹੀ ਪਾਣੀ ਚਰਨ ਗੰਗਾ ਸਟੇਡੀਅਮ ਨੇ ਧਾਰਿਆ ਤਾਲਾਬ ਦਾ ਰੂਪ ਹਰ ਪਾਸੇ ਪਾਣੀ ਹੀ ਪਾਣੀ
Publish Date: Tue, 28 Jul 2026 04:25 PM (IST)
Updated Date: Wed, 29 Jul 2026 04:01 AM (IST)
ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਖਿਡਾਰੀਆਂ ਤੇ ਸਥਾਨਕ ਲੋਕਾਂ ’ਚ ਰੋਸ, 15 ਅਗਸਤ ਸਮਾਗਮਾਂ ਨੂੰ ਲੈ ਕੇ ਵੀ ਚਿੰਤਾ ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਲਗਾਤਾਰ ਹੋ ਰਹੀ ਬਰਸਾਤ ਤੋਂ ਬਾਅਦ ਸ਼੍ਰੀ ਅਨੰਦਪੁਰ ਸਾਹਿਬ ਦਾ ਇਤਿਹਾਸਕ ਚਰਨ ਗੰਗਾ ਸਟੇਡੀਅਮ ਇੱਕ ਵਾਰ ਫਿਰ ਤਾਲਾਬ ਦਾ ਰੂਪ ਧਾਰ ਚੁੱਕਾ ਹੈ। ਸਟੇਡੀਅਮ ਦੇ ਚਾਰੋਂ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ, ਜਿਸ ਕਾਰਨ ਖਿਡਾਰੀਆਂ, ਸਵੇਰ ਦੀ ਸੈਰ ਕਰਨ ਵਾਲੇ ਲੋਕਾਂ ਤੇ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਕਈ ਸਰਕਾਰਾਂ ਆਈਆਂ ਅਤੇ ਚਲੀਆਂ ਗਈਆਂ, ਪਰ ਇਸ ਸਟੇਡੀਅਮ ਦੇ ਹਾਲਾਤ ਅੱਜ ਤੱਕ ਨਹੀਂ ਸੁਧਰੇ। ਜ਼ਿਕਰਯੋਗ ਹੈ ਕਿ ਚਰਨ ਗੰਗਾ ਸਟੇਡੀਅਮ ਸ਼੍ਰੀ ਅਨੰਦਪੁਰ ਸਾਹਿਬ ਦਾ ਇਕਲੌਤਾ ਸਰਕਾਰੀ ਖੇਡ ਮੈਦਾਨ ਹੈ। ਇੱਥੇ ਹਰ ਸਾਲ ਹੋਲਾ ਮਹੱਲਾ ਦੌਰਾਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ। ਇਸੇ ਮੈਦਾਨ ਵਿੱਚ ਦੁਸ਼ਹਿਰਾ, ਗਣਤੰਤਰ ਦਿਵਸ ਅਤੇ ਆਜ਼ਾਦੀ ਦਿਵਸ ਵਰਗੇ ਮਹੱਤਵਪੂਰਨ ਸਰਕਾਰੀ ਸਮਾਗਮ ਵੀ ਆਯੋਜਿਤ ਹੁੰਦੇ ਹਨ। ਇਸ ਤੋਂ ਇਲਾਵਾ ਹਾਕੀ, ਫੁੱਟਬਾਲ, ਕ੍ਰਿਕਟ, ਐਥਲੈਟਿਕਸ ਅਤੇ ਹੋਰ ਖੇਡਾਂ ਨਾਲ ਜੁੜੇ ਸੈਂਕੜੇ ਨੌਜਵਾਨ ਰੋਜ਼ਾਨਾ ਇੱਥੇ ਅਭਿਆਸ ਕਰਨ ਲਈ ਪਹੁੰਚਦੇ ਹਨ। ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਚਰਨ ਗੰਗਾ ਦਾ ਪਾਣੀ ਸਟੇਡੀਅਮ ਵਿੱਚ ਦਾਖਲ ਹੋ ਜਾਂਦਾ ਹੈ, ਜਿਸ ਨਾਲ ਸਾਰਾ ਮੈਦਾਨ ਪਾਣੀ ਨਾਲ ਭਰ ਜਾਂਦਾ ਹੈ। ਖਿਡਾਰੀਆਂ ਦਾ ਕਹਿਣਾ ਹੈ ਕਿ ਸਟੇਡੀਅਮ ਵਿੱਚ ਅਜੇ ਤੱਕ ਬੁਨਿਆਦੀ ਸਹੂਲਤਾਂ ਦੀ ਘਾਟ ਹੈ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੋਈ ਸਥਾਈ ਪ੍ਰਬੰਧ ਨਹੀਂ ਕੀਤਾ ਗਿਆ। ਇਸ ਕਾਰਨ ਹਰ ਸਾਲ ਇਹੀ ਸਥਿਤੀ ਬਣਦੀ ਹੈ ਅਤੇ ਖੇਡ ਗਤੀਵਿਧੀਆਂ ਕਈ ਦਿਨਾਂ ਲਈ ਪ੍ਰਭਾਵਿਤ ਹੋ ਜਾਂਦੀਆਂ ਹਨ। ਆਜ਼ਾਦੀ ਦਿਵਸ ਨੂੰ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਅਜਿਹੇ ਵਿੱਚ ਜੇਕਰ ਸਟੇਡੀਅਮ ਵਿੱਚੋਂ ਪਾਣੀ ਦੀ ਨਿਕਾਸੀ ਸਮੇਂ ਸਿਰ ਨਾ ਕੀਤੀ ਗਈ ਤਾਂ 15 ਅਗਸਤ ਦੇ ਸਰਕਾਰੀ ਸਮਾਗਮਾਂ ਦੇ ਪ੍ਰਬੰਧਾਂ ਵਿੱਚ ਵੀ ਰੁਕਾਵਟ ਪੈ ਸਕਦੀ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਟੇਡੀਅਮ ਨੂੰ ਜਲਦੀ ਤੋਂ ਜਲਦੀ ਵਰਤੋਂ ਯੋਗ ਬਣਾਇਆ ਜਾਵੇ ਅਤੇ ਭਵਿੱਖ ਵਿੱਚ ਇਸ ਸਮੱਸਿਆ ਦੇ ਸਥਾਈ ਹੱਲ ਲਈ ਢੁੱਕਵੇਂ ਕਦਮ ਚੁੱਕੇ ਜਾਣ। ਇਸ ਸਬੰਧੀ ਗੱਲਬਾਤ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਚੀਫ਼ ਸਪੋਕਸਮੈਨ ਅਤੇ ਸੀਨੀਅਰ ਆਗੂ ਬਲਰਾਮ ਪ੍ਰਾਸ਼ਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗੁਰੂ ਨਗਰੀ ਸ਼੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਅਫਸੋਸਨਾਕ ਗੱਲ ਹੋਰ ਕੀ ਹੋ ਸਕਦੀ ਹੈ ਕਿ ਇਲਾਕੇ ਦਾ ਵਿਧਾਇਕ ਅਤੇ ਕੈਬਨਿਟ ਮੰਤਰੀ ਇੱਥੋਂ ਦਾ ਹੋਣ ਦੇ ਬਾਵਜੂਦ ਵੀ ਸ਼ਹਿਰ ਵਿੱਚ ਵਿਕਾਸ ਕਾਰਜ ਨਜ਼ਰ ਨਹੀਂ ਆ ਰਹੇ। ਉਨ੍ਹਾਂ ਦੋਸ਼ ਲਾਇਆ ਕਿ ਗੁਰੂ ਨਗਰੀ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕਰਨਾ ਇਸ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਨਾਲ ਬੇਇਨਸਾਫ਼ੀ ਹੈ, ਜਿਸ ਦਾ ਜਵਾਬ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਦੇਣਗੇ। ਬਲਰਾਮ ਪਰਾਸ਼ਰ ਨੇ ਕਿਹਾ ਕਿ ਹਰ ਰੋਜ਼ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਗੁਰੂ ਨਗਰੀ ਵਿੱਚ ਨਤਮਸਤਕ ਹੋਣ ਲਈ ਪਹੁੰਚਦੇ ਹਨ, ਪਰ ਸ਼ਹਿਰ ਵਿੱਚ ਥਾਂ-ਥਾਂ ਗੰਦਗੀ ਦੇ ਢੇਰ ਅਤੇ ਬਰਸਾਤੀ ਪਾਣੀ ਦੀ ਖੜ੍ਹੀ ਸਮੱਸਿਆ ਕਾਰਨ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਖੜ੍ਹਾ ਪਾਣੀ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ ਅਤੇ ਇਸ ਵੱਲ ਸਰਕਾਰ ਨੂੰ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰਾਂ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਜੇਕਰ ਖਿਡਾਰੀਆਂ ਨੂੰ ਬਿਹਤਰ ਸਟੇਡੀਅਮ ਅਤੇ ਬੁਨਿਆਦੀ ਸਹੂਲਤਾਂ ਹੀ ਨਾ ਮਿਲਣ ਤਾਂ ਅਜਿਹੇ ਦਾਅਵੇ ਬੇਮਾਇਨੇ ਹੋ ਜਾਂਦੇ ਹਨ। ਉਨ੍ਹਾਂ ਮੰਗ ਕੀਤੀ ਕਿ ਚਰਨ ਗੰਗਾ ਸਟੇਡੀਅਮ ਦੀ ਤੁਰੰਤ ਮੁਰੰਮਤ ਕਰਵਾ ਕੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਖਿਡਾਰੀਆਂ ਤੇ ਆਮ ਲੋਕਾਂ ਨੂੰ ਹਰ ਸਾਲ ਇਸ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।