ਸ੍ਰੀ ਹਰਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਸਬੰਧੀ ਤਿਆਰੀਆਂ ਜ਼ੋਰਾਂ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੀਰਤਪੁਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ
Publish Date: Sun, 02 Aug 2026 04:42 PM (IST)
Updated Date: Mon, 03 Aug 2026 04:04 AM (IST)
5 ਅਗਸਤ ਨੂੰ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਹੋਵੇਗੀ ਆਰੰਭ ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਗੁਰੂ ਸਾਹਿਬਾਨ ਵੱਲੋਂ ਵਰਸੋਈ ਅਤੇ ਛੇ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਇਤਿਹਾਸਿਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਬਹੁਤ ਹੀ ਸ਼ਰਧਾ, ਸਤਿਕਾਰ ਸਹਿਤ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਰ ਸੇਵਾ ਕਿਲਾ ਸ੍ਰੀ ਅਨੰਦਗੜ੍ਹ ਸਾਹਿਬ ਦੇ ਮੁਖੀ ਬਾਬਾ ਸਤਨਾਮ ਸਿੰਘ ਜੀ ਨੇ ਸਾਂਝੇ ਤੌਰ ਤੇ ਪ੍ਰੋਗਰਾਮ ਦੀ ਜਾਣਕਾਰੀ ਦਿੰਦਿਆਂ ਸੰਗਤਾਂ ਨੂੰ ਵੱਧ ਤੋਂ ਵੱਧ ਗੁਰੂ ਘਰ ਪਹੁੰਚ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਭਾਈ ਜੋਗਿੰਦਰ ਸਿੰਘ ਨੇ ਦੱਸਿਆ ਕਿ ਕਾਰ ਸੇਵਾ ਕਿਲਾ ਸ੍ਰੀ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪ੍ਰੋਗਰਾਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਵਿਸ਼ਾਲ ਸ਼ੈਡ ਤਿਆਰ ਕੀਤਾ ਗਿਆ ਹੈ, ਤਾਂ ਜੋ ਮੀਂਹ ਦੇ ਮੌਸਮ ਦੌਰਾਨ ਕਿਸੇ ਵੀ ਸੰਗਤ ਨੂੰ ਕੋਈ ਦਿੱਕਤ ਨਾ ਆਵੇ। ਇਸ ਤੋਂ ਇਲਾਵਾ ਲੰਗਰ, ਪੀਣ ਵਾਲੇ ਪਾਣੀ ਅਤੇ ਹੋਰ ਸਹੂਲਤਾਂ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 5 ਅਗਸਤ ਨੂੰ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ, ਜਦਕਿ 7 ਅਗਸਤ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਮੌਕੇ ਇਲਾਹੀ ਬਾਣੀ ਦੇ ਜਾਪ, ਗੁਰਬਾਣੀ ਕੀਰਤਨ ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਪ੍ਰਸਿੱਧ ਰਾਗੀ ਅਤੇ ਢਾਡੀ ਜਥੇ ਗੁਰੂ ਸਾਹਿਬ ਦੀ ਮਹਿਮਾ ਦਾ ਗਾਇਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। ਇਸ ਦੌਰਾਨ ਕਾਰ ਸੇਵਾ ਕਿਲਾ ਸ੍ਰੀ ਅਨੰਦਗੜ੍ਹ ਸਾਹਿਬ ਦੇ ਮੁੱਖੀ ਬਾਬਾ ਸਤਨਾਮ ਸਿੰਘ ਜੀ ਨੇ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਗੁਰੂ ਘਰਾਂ ਦੇ ਆਲੇ-ਦੁਆਲੇ ਕਈ ਥਾਵਾਂ ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਕਿ ਜਲਦ ਤੋਂ ਜਲਦ ਸਫਾਈ ਕਰਵਾ ਕੇ ਸੰਗਤਾਂ ਲਈ ਸੁੱਚਾ ਅਤੇ ਸਾਫ਼-ਸੁਥਰਾ ਮਾਹੌਲ ਯਕੀਨੀ ਬਣਾਇਆ ਜਾਵੇ। ਇਸ ਮਹਾਨ ਗੁਰਮਤੀ ਸਮਾਗਮ ਵਿੱਚ ਭਾਈ ਜਗਦੀਪ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਕੁਲਵਿੰਦਰ ਸਿੰਘ ਮਾਹਲ ਹਜੂਰੀ ਰਾਗੀ ਦਰਬਾਰ ਸਾਹਿਬ, ਭਾਈ ਤਲਵਿੰਦਰ ਸਿੰਘ ਸਹਿਜਪੁਰ ਹਜੂਰੀ ਰਾਗੀ ਗੁਰਦੁਆਰਾ ਬੁਰਜ ਸਾਹਿਬ ਪਾਤਸ਼ਾਹੀ ਪੰਜਵੀਂ ਧਾਲੀਵਾਲ, ਗਿਆਨੀ ਸ਼ੇਰ ਸਿੰਘ ਕਥਾਵਾਚਕ, ਪੰਥ ਦੇ ਮਹਾਨ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਸਮੇਤ ਪੰਥ ਦੀਆਂ ਮਹਾਨ ਸ਼ਖਸੀਅਤਾਂ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਪਹੁੰਚ ਰਹੇ ਹਨ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ, ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਿਮਾਚਲ ਪ੍ਰਦੇਸ਼ ਮੈਂਬਰ ਦਲਜੀਤ ਸਿੰਘ ਭਿੰਡਰ ਸਮੇਤ ਹੋਰ ਪੰਥਕ ਸ਼ਖਸ਼ੀਅਤਾਂ ’ਤੇ ਨੁਮਾਇੰਦੇ ਪਹੁੰਚ ਰਹੇ ਹਨ। ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਦੇ ਐਸ,ਡੀ,ਐਮ ਸੁਖਪਾਲ ਸਿੰਘ ਦੇ ਧਿਆਨ ਵਿੱਚ ਵੀ ਇਹ ਮਾਮਲਾ ਲਿਆਂਦਾ ਗਿਆ ਹੈ ਤਾਂ ਜੋ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸਾਰੀਆਂ ਲੋੜੀਂਦੀਆਂ ਵਿਵਸਥਾਵਾਂ ਮੁਕੰਮਲ ਕੀਤੀਆਂ ਜਾ ਸਕਣ। ਇਸ ਮੌਕੇ ਐਸਜੀਪੀਸੀ ਅਤੇ ਕਾਰ ਸੇਵਾ ਕਿਲਾ ਅਨੰਦਗੜ੍ਹ ਮੁਖੀ ਬਾਬਾ ਸਤਨਾਮ ਸਿੰਘ ਨੇ ਇਲਾਕੇ ਅਤੇ ਦੇਸ਼ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਨੂੰ ਅਪੀਲ ਕੀਤੀ ਹੈ ਕਿ ਇਸ ਪਵਿੱਤਰ ਦਿਹਾੜੇ ਤੇ ਵੱਧ ਤੋਂ ਵੱਧ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।