ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਨੂੰ ਸਾਈਕਲਾਂ ਦੀ ਵੰਡ ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਨੂੰ ਸਾਈਕਲਾਂ ਦੀ ਵੰਡ
Publish Date: Sat, 03 Oct 2026 03:44 PM (IST)
Updated Date: Sat, 03 Oct 2026 03:46 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਆਉਣ-ਜਾਣ ਦੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਾਈਕਲਾਂ ਵੰਡਣ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਸਾਈਕਲਾਂ ਦੀ ਵੰਡ ਕੀਤੀ। ਇਸ ਮੌਕੇ ਵਿਧਾਇਕ ਚੱਢਾ ਨੇ ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਿੱਖਿਆ ਤੇ ਵਿਦਿਆਰਥੀਆਂ ਦੀ ਭਲਾਈ ਲਈ ਕੀਤੇ ਜਾਂਦੇ ਕਾਰਜ ਸਮਾਜ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਨ ਲਈ ਸੁਵਿਧਾਜਨਕ ਆਵਾਜਾਈ ਦੇ ਸਾਧਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪੜ੍ਹਾਈ ਨੂੰ ਨਿਰੰਤਰ ਜਾਰੀ ਰੱਖਣ ਵਿਚ ਸਹਾਇਕ ਸਾਬਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਈਕਲ ਵਿਦਿਆਰਥੀਆਂ ਲਈ ਆਵਾਜਾਈ ਦਾ ਸਾਧਨ ਹੋਣ ਦੇ ਨਾਲ-ਨਾਲ ਸਿਹਤਮੰਦ ਜੀਵਨਸ਼ੈਲੀ ਤੇ ਵਾਤਾਵਰਣ ਦੀ ਸੰਭਾਲ ਨਾਲ ਵੀ ਜੁੜਿਆ ਹੋਇਆ ਹੈ। ਸਾਈਕਲ ਦੀ ਵਰਤੋਂ ਨਾਲ ਜਿੱਥੇ ਵਿਦਿਆਰਥੀਆਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਵਿਚ ਸਹੂਲਤ ਮਿਲਦੀ ਹੈ, ਉੱਥੇ ਇਹ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ’ਚ ਵੀ ਯੋਗਦਾਨ ਪਾਉਂਦੀ ਹੈ। ਵਿਧਾਇਕ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ, ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਸਤਿਕਾਰ ਕਰਨ ਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਰੋਟਰੀ ਕਲੱਬ ਰੂਪਨਗਰ ਦੇ ਅਹੁਦੇਦਾਰਾਂ ਨੇ ਕਿਹਾ ਕਿ ਸੰਸਥਾ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਸਮੇਂ-ਸਮੇਂ ’ਤੇ ਸੇਵਾ ਕਾਰਜ ਕੀਤੇ ਜਾਂਦੇ ਹਨ। ਵਿਦਿਆਰਥੀਆਂ ਨੂੰ ਸਾਈਕਲਾਂ ਦੀ ਵੰਡ ਵੀ ਇਸੇ ਸਮਾਜ ਸੇਵਾ ਦੀ ਲੜੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ’ਚ ਵੀ ਸਿੱਖਿਆ, ਸਿਹਤ ਅਤੇ ਸਮਾਜ ਭਲਾਈ ਨਾਲ ਸਬੰਧਤ ਕਾਰਜਾਂ ਨੂੰ ਜਾਰੀ ਰੱਖਿਆ ਜਾਵੇਗਾ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਰੋਟਰੀ ਕਲੱਬ ਵੱਲੋਂ ਕੀਤੇ ਇਸ ਉਪਰਾਲੇ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਸਾਈਕਲ ਮਿਲਣ ਨਾਲ ਉਨ੍ਹਾਂ ਨੂੰ ਸਕੂਲ ਆਉਣ-ਜਾਣ ਵਿਚ ਕਾਫ਼ੀ ਸਹੂਲਤ ਮਿਲੇਗੀ। ਸਮਾਗਮ ਦੇ ਅੰਤ ’ਚ ਰੋਟਰੀ ਕਲੱਬ ਦੇ ਅਹੁਦੇਦਾਰਾਂ ਵੱਲੋਂ ਮੁੱਖ ਮਹਿਮਾਨ ਵਿਧਾਇਕ ਚੱਢਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਐੱਮਸੀ ਸੰਜੀਵ ਕੁਮਾਰ ਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।