ਸਟਾਫ ਰਿਪੋਰਟਰ, ਰੂਪਨਗਰ :

ਘਰ-ਘਰ ਰੁਜ਼ਗਾਰ ਮਿਸ਼ਨ ਅਧੀਨ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਸ ਕੜੀ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ 2 ਅਤੇ 3 ਦਸੰਬਰ ਨੂੰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਸਵੈ-ਰੁਜ਼ਗਾਰ ਲੋਨ ਮੇਲੇ ਲਾਏ ਜਾ ਰਹੇ ਹਨ। ਇਨ੍ਹਾਂ ਮੇਲਿਆਂ ਨੂੰ ਸਫਲ ਬਣਾਉਣ ਲਈ ਅਤੇ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਤਕ ਸਵੈ-ਰੁਜ਼ਗਾਰ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦੀਪਸ਼ਿਖਾ ਸ਼ਰਮਾ, ਆਈ.ਏ.ਐੱਸ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ.ਈ.ਓ ਦੀ ਪ੍ਰਧਾਨਗੀ ਹੇਠ ਸਮੂਹ ਸਵੈ-ਰੁਜ਼ਗਾਰ ਸਕੀਮਾਂ ਪ੍ਰਦਾਨ ਕਰਨ ਵਾਲੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਇਹ ਸਵੈ-ਰੁਜ਼ਗਾਰ ਮੇਲੇ 2 ਅਤੇ 3 ਦਸੰਬਰ-2021 ਨੂੰ ਸਵੇਰੇ 10 ਤੋਂ 3 ਵਜੇ ਤਕ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਲਾਏ ਜਾਣਗੇ। ਇਹਨਾ ਮੇਲਿਆਂ ਵਿਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਲਾਭ ਪਹੁੰਚਾਉਣ ਦਾ ਯਤਨ ਕੀਤਾ ਜਾਵੇ। ਉਨ੍ਹਾਂ ਵੱਲੋਂ ਪੈਂਡਿੰਗ ਕੇਸਾਂ ਦਾ ਰੀਵਿਊ ਕਰਨ ਦੀ ਵੀ ਹਦਾਇਤ ਕੀਤੀ ਗਈ। ਅਰੁਣ ਕੁਮਾਰ, ਰੁਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਰੂਪਨਗਰ ਨੇ ਜਾਣਕਾਰੀ ਦਿੱਤੀ ਕਿ ਇਸ ਮੀਟਿੰਗ ਵਿਚ ਜ਼ਿਲ੍ਹਾ ਉਦਯੋਗ ਕੇਂਦਰ, ਆਰ.ਸੇਟੀ, ਲੀਡ ਬੈਂਕ ਮੈਨੈਜਰ, ਬੈਕਫਿਨਕੋ, ਬਾਗਬਾਨੀ ਵਿਭਾਗ, ਖੇਤੀਬਾੜੀ ਵਿਭਾਗ, ਮੱਛੀ ਪਾਲਣ ਵਿਭਾਗ, ਪਸ਼ੂ-ਪਾਲਣ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਦੇ ਜ਼ਿਲ੍ਹਾ ਅਧਿਕਾਰੀ ਸ਼ਾਮਲ ਹੋਏ ਅਤੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਉਹਨਾਂ ਦੇ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੁਜ਼ਗਾਰ ਸਕੀਮਾਂ ਦਾ ਲੈਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਉਨ੍ਹਾਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਰਜਿਸਟੇ੍ਸ਼ਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਜ਼ਰੂਰ ਕਰਵਾਉਣ ਅਤੇ ਆਪਣੀ ਆਨਲਾਈਨ ਪੋਰਟਲ www.pgrkam.com 'ਤੇ ਵੀ ਰਜਿਸਟੇ੍ਸ਼ਨ ਕਰਨ ਤਾਂ ਜੋ ਉਹ ਬਿਊਰੋ ਵੱਲੋਂ ਰੁਜ਼ਗਾਰ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਅਹਿਮ ਉਪਰਾਲਿਆ ਦਾ ਲਾਭ ਉਠਾ ਸਕਣ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਡੀ.ਬੀ.ਈ.ਈ ਦੇ ਹੈਲਪਲਾਈਨ ਨੰਬਰ: 85570-10066 ਤੇ ਸੰਪਰਕ ਕੀਤਾ ਜਾ ਸਕਦਾ ਹੈ।