ਰਨ ਫਾਰ ਇਕੁਐਲਿਟੀ’ ਮੈਰਾਥਨ ਨੂੰ ਰੂਪਨਗਰ ਸ਼ਹਿਰ 'ਚ ਮਿਲਿਆ ਭਰਵਾਂ ਹੁੰਗਾਰਾ ਰਨ ਫਾਰ ਇਕੁਐਲਿਟੀ’ ਮੈਰਾਥਨ ਨੂੰ ਰੂਪਨਗਰ ਸ਼ਹਿਰ 'ਚ ਮਿਲਿਆ ਭਰਵਾਂ ਹੁੰਗਾਰਾ
Publish Date: Sun, 06 Sep 2026 05:07 PM (IST)
Updated Date: Sun, 06 Sep 2026 05:10 PM (IST)
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਵਿਚ ਵਿਦਿਆਰਥੀਆਂ, ਨੌਜਵਾਨਾਂ, ਬੱਚਿਆਂ ਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਲਿਆ ਭਾਗ। ਐੱਸਸੀ ਮੋਰਚਾ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ. ਨੇ ਕੀਤੀ ਸ਼ਿਰਕਤ; ਭਾਗੀਦਾਰਾਂ ਨੂੰ ਮੈਡਲ ਵੰਡ ਕੇ ਕੀਤੀ ਹੌਂਸਲਾ ਅਫ਼ਜ਼ਾਈ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਰੂਪਨਗਰ ਸ਼ਹਿਰ ’ਚ ‘ਰਨ ਫਾਰ ਇਕੁਐਲਿਟੀ’ 6.5 ਕਿਲੋਮੀਟਰ ਮੈਰਾਥਨ ਕਰਵਾਈ ਗਈ। ਮੈਰਾਥਨ ਨੂੰ ਸ਼ਹਿਰ ਵਾਸੀਆਂ, ਵਿਦਿਆਰਥੀਆਂ, ਨੌਜਵਾਨਾਂ, ਬੱਚਿਆਂ ਤੇ ਬਜ਼ੁਰਗਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਤੇ ਵੱਡੀ ਗਿਣਤੀ ’ਚ ਲੋਕਾਂ ਨੇ ਉਤਸ਼ਾਹ ਨਾਲ ਇਸ ’ਚ ਭਾਗ ਲੈ ਕੇ ਸਮਾਨਤਾ, ਭਾਈਚਾਰੇ, ਏਕਤਾ, ਸ਼ਾਂਤੀ ਤੇ ਤੰਦਰੁਸਤ ਜੀਵਨ ਦਾ ਸੰਦੇਸ਼ ਦਿੱਤਾ। ਮੈਰਾਥਨ ਦੀ ਸ਼ੁਰੂਆਤ ਵਿਧਾਇਕ ਦਿਨੇਸ਼ ਚੱਢਾ, ਐੱਸਐੱਸਪੀ. ਮਨਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਰੀ ਝੰਡੀ ਦਿਖਾ ਕੇ ਭਾਗੀਦਾਰਾਂ ਨੂੰ ਰਵਾਨਾ ਕਰਕੇ ਕੀਤੀ। ਇਸ ਮੌਕੇ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਖਿਡਾਰੀ, ਵਿਦਿਆਰਥੀ, ਸ਼ਹਿਰ ਵਾਸੀ ਤੇ ਵੱਡੀ ਗਿਣਤੀ ਵਿਚ ਨੌਜਵਾਨ ਮੌਜੂਦ ਸਨ। ਇਹ ਮੈਰਾਥਨ ਡਾ. ਬੀ.ਆਰ. ਅੰਬੇਡਕਰ ਭਵਨ (ਗਿਆਨੀ ਜ਼ੈਲ ਸਿੰਘ ਨਗਰ) ਰੂਪਨਗਰ ਤੋਂ ਸ਼ੁਰੂ ਹੋਈ ਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚੋਂ ਹੁੰਦੀ ਹੋਈ ਲਗਭਗ 6.5 ਕਿਲੋਮੀਟਰ ਦਾ ਪੈਂਡਾ ਤੈਅ ਕਰਕੇ ਮੁੜ ਡਾ. ਬੀ.ਆਰ. ਅੰਬੇਡਕਰ ਭਵਨ ਵਿਖੇ ਆ ਕੇ ਸਮਾਪਤ ਹੋਈ। ਇਸ ਦੌਰਾਨ ਮੈਰਾਥਨ ’ਚ ਸ਼ਾਮਲ ਭਾਗੀਦਾਰਾਂ ਨੇ ਉਤਸ਼ਾਹ ਤੇ ਜੋਸ਼ ਨਾਲ ਦੌੜਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਵਿਚਾਰਧਾਰਾ ਸਮੁੱਚੀ ਮਨੁੱਖਤਾ ਨੂੰ ਆਪਸੀ ਸਤਿਕਾਰ ਤੇ ਭਾਈਚਾਰੇ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ‘ਰਨ ਫਾਰ ਇਕੁਐਲਿਟੀ’ ਵਰਗੇ ਸਮਾਗਮਾਂ ਦਾ ਉਦੇਸ਼ ਸਿਰਫ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੀ ਨਹੀਂ, ਸਗੋਂ ਖੇਡਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀ ਸਮਾਨਤਾ ਦੀ ਵਿਚਾਰਧਾਰਾ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਵੀ ਹੈ। ਇਸ ਮੌਕੇ ਐੱਸਸੀ. ਮੋਰਚਾ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ. ਨੇ ਮੈਰਾਥਨ ’ਚ ਭਾਗ ਲੈਣ ਵਾਲੇ ਨੌਜਵਾਨਾਂ, ਵਿਦਿਆਰਥੀਆਂ, ਬੱਚਿਆਂ ਤੇ ਬਜ਼ੁਰਗਾਂ ਨੂੰ ਮੈਡਲਾਂ ਦੀ ਵੰਡ ਕੀਤੀ ਤੇ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹਨ। ਐੱਸਐੱਸਪੀ. ਰੂਪਨਗਰ ਮਨਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਤੇ ਸਰੀਰਕ ਗਤੀਵਿਧੀਆਂ ਤੰਦਰੁਸਤ ਤੇ ਅਨੁਸ਼ਾਸਿਤ ਸਮਾਜ ਦੀ ਸਿਰਜਣਾ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਚੰਦਰਜਯੋਤੀ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਵਿਚਾਰਾਂ ਨਾਲ ਜੋੜਨਾ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਨੇ ਖੇਡ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ‘ਰਨ ਫਾਰ ਇਕੁਐਲਿਟੀ’ ਮੈਰਾਥਨ ’ਚ ਸ਼ਾਮਲ ਹੋਏ 1000 ਤੋਂ ਵੱਧ ਭਾਗੀਦਾਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਚੇਅਰਮੈਨ ਭਾਗ ਸਿੰਘ ਮਦਾਨ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਜ਼ਿਲ੍ਹਾ ਯੂਥ ਪ੍ਰਧਾਨ ਚੇਤਨ ਕਾਲੀਆ,ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ,ਡਾ. ਰਾਜੀਵ ਅਗਰਵਾਲ, ਡਾ. ਜਗਦੀਪ ਚੌਧਰੀ, ਡਾ. ਕਮਲ ਚੌਧਰੀ, ਐਮਸੀ ਸੁਖਜਿੰਦਰ ਫੌਜੀ, ਗੋਲਡੀ ਪੁਰਖਾਲੀ, ਅਮਨਦੀਪ ਸਿੰਘ ਲਾਡੀ ਕੋਚ, ਗੁਰਵਿੰਦਰ ਸਿੰਘ ਜੱਗੀ, ਇੰਦਰਜੀਤ ਸਿੰਘ ਬਾਲਾ, ਗੁਰਦਿੱਤ ਸਿੰਘ ਬਾਲਾ, ਵਿਕਰਾਂਤ ਚੌਧਰੀ ਤੋਂ ਇਲਾਵਾ ਪਤਵੰਤੇ ਸੱਜਣ ਹਾਜ਼ਰ ਸਨ।