ਰੂਪਨਗਰ ਪੁਲਿਸ ਵੱਲੋਂ ਪਿੰਡ ਸੋਲਖੀਆਂ ਵਿਖੇ ਕਾਸੋ ਅਭਿਆਨ ਚਲਾਇਆ ਰੂਪਨਗਰ ਪੁਲਿਸ ਵੱਲੋਂ ਪਿੰਡ ਸੋਲਖੀਆਂ ਵਿਖੇ ਕਾਸੋ ਅਭਿਆਨ ਚਲਾਇਆ
Publish Date: Tue, 24 Nov 2026 04:10 PM (IST)
Updated Date: Tue, 24 Nov 2026 04:13 PM (IST)
ਨਸ਼ਾ ਤਸਕਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ, ਨਸ਼ਾ ਪ੍ਰਭਾਵਿਤ ਥਾਵਾਂ ਦੀ ਸਫ਼ਾਈ ਤੇ ਲੋਕਾਂ ਤੋਂ ਸਹਿਯੋਗ ਦੀ ਅਪੀਲ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਪਿੰਡ ਸੋਲਖੀਆਂ ਵਿਖੇ ਕਾਸੋ ਅਭਿਆਨ ਚਲਾਇਆ ਗਿਆ, ਜਿਸ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਜਾਂਚ ਤੇ ਛਾਪੇਮਾਰੀ ਕੀਤੀ ਗਈ। ਇਸ ਮੌਕੇ ਐੱਸਐੱਸਪੀ ਰੂਪਨਗਰ ਮਨਿੰਦਰ ਸਿੰਘ ਨੇ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ’ਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਨਸ਼ਿਆਂ ਦੀ ਤਸਕਰੀ ਜਾਂ ਵਰਤੋਂ ਸਬੰਧੀ ਪੁਲਿਸ ਨੂੰ ਜਾਣਕਾਰੀ ਪ੍ਰਾਪਤ ਹੁੰਦੀ ਹੈ, ਉੱਥੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ ਤੇ ਆਉਣ ਵਾਲੇ ਦਿਨਾਂ ’ਚ ਜ਼ਿਲ੍ਹੇ ਦੀਆਂ ਵੱਖ-ਵੱਖ ਉਪ ਮੰਡਲਾਂ ਅਧੀਨ ਅਜਿਹੇ ਅਭਿਆਨ ਨਿਰੰਤਰ ਜਾਰੀ ਰਹਿਣਗੇ। ਐੱਸਐੱਸਪੀ ਰੂਪਨਗਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਰੂਪਨਗਰ ਪੁਲਿਸ ਵੱਲੋਂ ਨਸ਼ਿਆਂ ਦੀ ਵਰਤੋਂ ਵਾਲੀਆਂ ਸੰਭਾਵਿਤ ਥਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਾਫ਼-ਸੁਥਰਾ ਤੇ ਸੁਰੱਖਿਅਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾ ਰਹੀ ਹੈ। ਜਿੱਥੇ ਕਿਤੇ ਖਾਲੀ ਮਕਾਨਾਂ, ਝਾੜੀਆਂ ਜਾਂ ਹੋਰ ਸੁੰਨੀਆਂ ਥਾਵਾਂ ’ਤੇ ਲੋਕਾਂ ਵੱਲੋਂ ਨਸ਼ਾ ਕਰਨ ਸਬੰਧੀ ਸ਼ਿਕਾਇਤ ਜਾਂ ਜਾਣਕਾਰੀ ਮਿਲਦੀ ਹੈ, ਉੱਥੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਾਰਵਾਈ ਕਰਕੇ ਅਜਿਹੀਆਂ ਥਾਵਾਂ ਨੂੰ ਨਸ਼ਾ ਮੁਕਤ ਤੇ ਸੁਰੱਖਿਅਤ ਬਣਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਦੀ ਕਾਰਵਾਈ ਨੂੰ ਲੋਕਾਂ ਦੇ ਸਹਿਯੋਗ ਨਾਲ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਪਿੰਡ, ਵਾਰਡ ਜਾਂ ਆਲੇ-ਦੁਆਲੇ ਦੇ ਖੇਤਰ ’ਚ ਨਸ਼ਿਆਂ ਦੀ ਤਸਕਰੀ ਜਾਂ ਨਸ਼ਿਆਂ ਦੀ ਵਰਤੋਂ ਨਾਲ ਸਬੰਧਤ ਕੋਈ ਜਾਣਕਾਰੀ ਹੈ ਤਾਂ ਉਹ ਬਿਨਾਂ ਕਿਸੇ ਡਰ ਦੇ ਪੁਲਿਸ ਨਾਲ ਸਾਂਝੀ ਕਰਨ। ਪ੍ਰਾਪਤ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਵੱਲੋਂ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐੱਸਪੀ ਹੈਡਕੁਆਰਟਰ ਹਰਸਿਮਰਤ ਸਿੰਘ ਸ਼ੇਤਰਾ, ਡੀਐਸਪੀ ਦੀਪਇੰਦਰ ਸਿੰਘ, ਐੱਸਐੱਚਓ ਸੰਨੀ ਖੰਨਾ ਸਮੇਤ ਪੁਲਿਸ ਵਿਭਾਗ ਦੇ ਮੁਲਾਜ਼ਮ ਮੌਜ਼ੂਦ ਸਨ।