ਸਟਾਫ ਰਿਪੋਰਟਰ, ਰੂਪਨਗਰ : ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਅਤੇ ਵਪਾਰ ਮੰਡਲ ਰੋਪੜ ਦੇ ਪ੍ਰਧਾਨ ਪਰਵਿੰਦਰਪਾਲ ਸਿੰਘ ਬਿੰਟਾ ਵਲੋਂ ਸਾਰੇ ਵਪਾਰੀਆਂ ਦੀ ਮੰਗ ਅਨੁਸਾਰ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨਾਲ ਮੁਲਾਕਾਤ ਕੀਤੀ ਗਈ। ਇਸ ਸਬੰਧੀ ਨਗਰ ਕੌਂਸਲ ਦੇ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਕਿਹਾ ਕਿ ਕੋਵਿਡ-19 ਕਾਰਨ ਪੰਜਾਬ ਸਰਕਾਰ ਵੱਲੋਂ ਲਗਾਏ ਲਾਕਡਾਊਨ ਬਾਰੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨਾਲ ਚਰਚਾ ਕੀਤੀ ਗਈ।

ਇਸ ਦੌਰਾਨ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਗਈ ਕਿ ਲਾਕਡਾਊਨ ਦੌਰਾਨ ਸਾਰੇ ਵਪਾਰੀਆਂ ਦੀਆਂ ਦੁਕਾਨਾਂ ਖੋਲ੍ਹਣ ਦਾ ਸਮਾਂ ਵਧਾਇਆ ਜਾਵੇ, ਕਿਉਂਕਿ ਸ਼ਾਮ 5 ਵਜੇ ਤਕ ਹੀ ਦੁਕਾਨਾਂ ਖੋਲ੍ਹਣ ਦੀ ਮਨਜ਼ੂਰੀ ਹੈ ਅਤੇ ਇਸ ਤੋਂ ਬਾਅਦ ਕੋਈ ਵੀ ਦੁਕਾਨਦਾਰ ਆਪਣੀ ਦੁਕਾਨ ਨਹੀਂ ਖੋਲ੍ਹ ਸਕਦਾ, ਜਦੋਂ ਕਿ ਸ਼ਾਮ ਵੇਲੇ ਹੀ ਗਾਹਕ ਜ਼ਿਆਦਾਤਰ ਦੁਕਾਨਾਂ 'ਤੇ ਆਉਂਦੇ ਹਨ ਅਤੇ ਖ਼ਰੀਦਦਾਰੀ ਕਰਦੇ ਹਨ, ਗਰਮੀ ਦਾ ਮੌਸਮ ਹੋਣ ਕਾਰਨ ਵੀ ਲੋਕ ਘਰਾਂ ਤੋਂ ਬਾਹਰ ਨਹੀਂ ਆਉਂਦੇ, ਜਿਸ ਕਾਰਨ ਵਪਾਰੀਆਂ ਦਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਅਤੇ ਵਪਾਰੀਆਂ ਦੀ ਸਮੱਸਿਆਵਾਂ ਨੂੰ ਦੇਖਦੇ ਹੋਏ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਗਈ।