- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸਸੀਬੀਸੀ ਯੂਨੀਅਨ ਵੱਲੋਂ ਘਨੌਲੀ ਚੌਕੀ ਦੇ ਨਵੇਂ ਇੰਚਾਰਜ ਗੁਰਿੰਦਰ ਸਿੰਘ ਨਾਲ ਮੁਲਾਕਾਤ

ਪੁਸ਼ਪਿੰਦਰ ਗੋਲੀਆਂ, ਪੰਜਾਬੀ ਜਾਗਰਣ, ਘਨੌਲੀ : ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਐੱਸਸੀ/ਬੀਸੀ. ਯੂਨੀਅਨ ਦੇ ਵਫ਼ਦ ਵੱਲੋਂ ਇਲਾਕੇ ਦੇ ਵੱਖ-ਵੱਖ ਮਸਲਿਆਂ ਨੂੰ ਲੈ ਕੇ ਘਨੌਲੀ ਪੁਲਿਸ ਚੌਕੀ ਦੇ ਨਵੇਂ ਇੰਚਾਰਜ ਏਐੱਸਆਈ. ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਯੂਨੀਅਨ ਦੇ ਪ੍ਰਧਾਨ ਜਗਵਿੰਦਰ ਸਿੰਘ ਜੱਗੀ ਦੀ ਅਗਵਾਈ ਹੇਠ ਪਹੁੰਚੇ ਵਫ਼ਦ ਵੱਲੋਂ ਗੁਰਿੰਦਰ ਸਿੰਘ ਦਾ ਘਨੌਲੀ ਚੌਕੀ ਦਾ ਅਹੁਦਾ ਸੰਭਾਲਣ ’ਤੇ ਸਵਾਗਤ ਕੀਤਾ ਗਿਆ ਅਤੇ ਇਲਾਕੇ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਚੌਕੀ ਇੰਚਾਰਜ ਏਐੱਸਆਈ. ਗੁਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੂੰਹੋਂ ਕਾਲੋਨੀ ਸਮੇਤ ਇਲਾਕੇ ਦੇ ਕਈ ਪਿੰਡਾਂ ਵਿਚ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਅਤੇ ਨਸ਼ੇੜੀਆਂ ਵਿਰੁੱਧ ਕਾਰਵਾਈ ਕਰਦਿਆਂ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਪੁਲਿਸ ਟੀਮ ਵੱਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਪੁਲਿਸ ਦਾ ਮੁੱਖ ਉਦੇਸ਼ ਇਲਾਕੇ ਵਿਚ ਸ਼ਾਂਤਮਈ ਮਾਹੌਲ ਕਾਇਮ ਰੱਖਣਾ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਹੈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਜਗਵਿੰਦਰ ਸਿੰਘ ਜੱਗੀ, ਜਨਰਲ ਸਕੱਤਰ ਤਰੁਣ ਲੋਤਰਾ, ਜਸਕਰਨ, ਬਸੰਤ ਕੁਮਾਰ, ਕੁਲਵਿੰਦਰ ਸਿੰਘ ਪਰਖਾਲੀ, ਗੁਰਚਰਨ ਸਿੰਘ, ਹਰਮੀਤ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।