ਕਿਸਾਨ ਮੰਡੀਆਂ ’ਚ ਸੁੱਕਾ ਝੋਨਾ ਹੀ ਲਿਆਉਣ : ਸੁਖਪਾਲ ਸਿੰਘ ਸ੍ਰੀ ਕੀਰਤਪੁਰ ਸਾਹਿਬ ਅਨਾਜ ਮੰਡੀ ਦੇ ਖਰੀਦ ਪ੍ਰਬੰਧਾਂ ਦੀ ਐਸ.ਡੀ.ਐਮ ਨੇ ਕੀਤੀ ਸਮੀਖਿਆ
Publish Date: Thu, 08 Oct 2026 03:56 PM (IST)
Updated Date: Thu, 08 Oct 2026 03:59 PM (IST)
ਮੰਡੀਆਂ ’ਚ ਕਿਸਾਨਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ ਵੱਲੋਂ ਕੀਰਤਪੁਰ ਸਾਹਿਬ ਵਿਖੇ ਸਥਿਤ ਅਨਾਜ ਮੰਡੀ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਮੰਡੀ ’ਚ ਚੱਲ ਰਹੀ ਖਰੀਦ ਪ੍ਰਕਿਰਿਆ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਜਾਣਿਆ। ਐੱਸਡੀਐੱਮ. ਸੁਖਪਾਲ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ’ਚ ਸਿਰਫ਼ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ’ਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੀ ਫ਼ਸਲ ਨੂੰ ਨਿਰਧਾਰਤ ਮਾਪਦੰਡਾਂ ਮੁਤਾਬਕ ਖਰੀਦਣ ਦੀ ਪ੍ਰਕਿਰਿਆ ਯਕੀਨੀ ਬਣਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਮੰਡੀਆਂ ’ਚ ਖਰੀਦੇ ਜਾ ਰਹੇ ਝੋਨੇ ਦੀ ਨਾਲੋਂ-ਨਾਲ ਚੁਕਾਈ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ, ਚੁਕਾਈ ਅਤੇ ਹੋਰ ਪ੍ਰਬੰਧਾਂ ’ਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਕਿਸਾਨਾਂ ਨੂੰ ਸੁਚਾਰੂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੰਡੀਆਂ ’ਚ ਹਰ ਲੋੜੀਂਦਾ ਪ੍ਰਬੰਧ ਕੀਤਾ ਗਿਆ ਹੈ। ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ’ਚ ਲਾਈਟਾਂ, ਪੀਣ ਵਾਲੇ ਪਾਣੀ, ਪਖਾਨਿਆਂ ਸਮੇਤ ਹੋਰ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੰਡੀ ’ਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ, ਇਸ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਅਤੇ ਉਨ੍ਹਾਂ ਦੀ ਫ਼ਸਲ ਦੀ ਸਮੇਂ ਸਿਰ ਖਰੀਦ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਇਸ ਦੌਰਾਨ ਉਨ੍ਹਾਂ ਨੇ ਮੰਡੀ ’ਚ ਚੱਲ ਰਹੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ।