- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇ ਪਲੇਸਮੈਂਟ ਕੈਂਪ ਦੌਰਾਨ 31 ਉਮੀਦਵਾਰਾਂ ਦੀ ਚੋਣ

ਐਕਸਿਸ ਬੈਂਕ ਵੱਲੋਂ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਕੀਤੀ ਗਈ ਭਰਤੀ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ ਜਿਸ ਦੌਰਾਨ 31 ਉਮੀਦਵਾਰਾਂ ਦੀ ਚੋਣ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੂਪਨਗਰ ਸੁਖਮਨ ਮਾਨ ਨੇ ਦੱਸਿਆ ਕਿ ਇਸ ਕੈਂਪ ’ਚ ਐਕਸਿਸ ਬੈਂਕ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ, ਓਪਰੇਸ਼ਨ ਅਫ਼ਸਰ ਅਤੇ ਟੈਲੀਕਾਲਰ ਦੀਆਂ 60 ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਨ੍ਹਾਂ ਅਸਾਮੀਆਂ ਲਈ ਬਾਰਵੀਂ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਯੋਗਤਾ ਵਾਲੇ 21 ਤੋਂ 35 ਸਾਲ ਉਮਰ ਦੇ ਉਮੀਦਵਾਰਾਂ ਨੇ ਭਾਗ ਲਿਆ। ਕੈਂਪ ’ਚ ਕੁੱਲ 53 ਉਮੀਦਵਾਰ ਸ਼ਾਮਲ ਹੋਏ, ਜਿਨ੍ਹਾਂ ਵਿੱਚੋਂ 31 ਉਮੀਦਵਾਰਾਂ ਦੀ ਮੌਕੇ ’ਤੇ ਹੀ ਚੋਣ ਕੀਤੀ ਗਈ। ਚੁਣੇ ਗਏ ਉਮੀਦਵਾਰਾਂ ਨੂੰ 18,500 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ।
ਪਲੇਸਮੈਂਟ ਅਫ਼ਸਰ ਮੀਨਾਕਸ਼ੀ ਬੇਦੀ ਨੇ ਦੱਸਿਆ ਕਿ ਇਹ ਅਸਾਮੀਆਂ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ’ਚ ਭਰਨ ਲਈ ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਦੇ ਕੈਰੀਅਰ ਕਾਊਂਸਲਰ ਜਸਵੀਰ ਸਿੰਘ ਵੱਲੋਂ ਕੈਂਪ ’ਚ ਮੌਜੂਦ ਉਮੀਦਵਾਰਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।