ਜਨਗਣਨਾ ਦੇ ਦੂਜੇ ਪੜਾਅ ਤਹਿਤ ਭਲਕੇ ਸ਼ੁਰੂ ਹੋਵੇਗੀ ਸਵੈ-ਗਣਨਾ ਜਨਗਣਨਾ ਦੇ ਦੂਜੇ ਪੜਾਅ ਤਹਿਤ 16 ਨਵੰਬਰ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ
Publish Date: Sat, 14 Nov 2026 04:58 PM (IST)
Updated Date: Sat, 14 Nov 2026 05:00 PM (IST)
ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ: ਭਾਰਤ ਸਰਕਾਰ ਵੱਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 16 ਤੋਂ 30 ਨਵੰਬਰ 2026 ਤੱਕ ਸਵੈ-ਗਣਨਾ ਦੀ ਪ੍ਰਕਿਰਿਆ ਚਲਾਈ ਜਾਵੇਗੀ। ਇਸ ਦੌਰਾਨ ਨਾਗਰਿਕ ਪੋਰਟਲ ਰਾਹੀਂ ਆਪਣੇ ਪਰਿਵਾਰ ਸਬੰਧੀ ਵੇਰਵੇ ਖੁਦ ਆਨਲਾਈਨ ਦਰਜ ਕਰ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਨਗਰ ਕੌਂਸਲ ਨੰਗਲ ਕਿਰਨ ਬਾਲਾ ਨੇ ਦੱਸਿਆ ਕਿ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਆਪਣੇ ਵੇਰਵੇ ਸਹੀ ਤੇ ਮੁਕੰਮਲ ਦਰਜ ਕਰਨ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਨੂੰ ਸਫਲ ਬਣਾਉਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਿਣਤੀਕਾਰ ਘਰ-ਘਰ ਜਾ ਕੇ ਆਬਾਦੀ ਗਣਨਾ ਕਰਨਗੇ। ਇਸ ਦੌਰਾਨ ਉਨ੍ਹਾਂ ਘਰਾਂ, ਪਰਿਵਾਰਾਂ ਤੇ ਵਿਅਕਤੀਆਂ ਸਬੰਧੀ ਜਾਣਕਾਰੀ ਇਕੱਠੀ ਕਰਨਗੇ। ਜਿਨ੍ਹਾਂ ਨਾਗਰਿਕਾਂ ਨੇ ਸਵੈ-ਗਣਨਾ ਕੀਤੀ ਹੋਵੇਗੀ, ਉਨ੍ਹਾਂ ਤੋਂ ਸਵੈ-ਗਣਨਾ ਦੀ ਆਈ.ਡੀ. ਲੈ ਕੇ ਦਰਜ ਕੀਤੇ ਵੇਰਵਿਆਂ ਦੀ ਪੁਸ਼ਟੀ ਕੀਤੀ ਜਾਵੇਗੀ। ਜੇਕਰ ਕੋਈ ਜਾਣਕਾਰੀ ਦਰਜ ਹੋਣ ਤੋਂ ਰਹਿ ਗਈ ਹੋਵੇ ਤਾਂ ਘਰ-ਘਰ ਗਿਣਤੀ ਦੌਰਾਨ ਵੀ ਮੁਹੱਈਆ ਕਰਵਾਈ ਜਾ ਸਕਦੀ ਹੈ। ਪ੍ਰਧਾਨ ਨਗਰ ਕੌਂਸਲ ਨੰਗਲ ਨੇ ਨੰਗਲ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਨਾਗਰਿਕ ਕਿਸੇ ਕਾਰਨ ਕਰਕੇ ਆਨਲਾਈਨ ਸਵੈ-ਗਣਨਾ ਨਹੀਂ ਕਰ ਸਕਦੇ, ਉਹ ਘਰ ਪਹੁੰਚਣ ਵਾਲੇ ਗਿਣਤੀਕਾਰਾਂ ਨੂੰ ਪੂਰਾ ਸਹਿਯੋਗ ਦੇਣ ਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਤੇ ਲੋਕ ਭਲਾਈ ਨੀਤੀਆਂ ਬਣਾਉਣ ਲਈ ਅਹਿਮ ਆਧਾਰ ਹੁੰਦੇ ਹਨ। ਇਸ ਲਈ ਹਰ ਨਾਗਰਿਕ ਇਸ ਕੰਮ ’ਚ ਆਪਣਾ ਯੋਗਦਾਨ ਪਾਵੇ।