- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਵਿਖੇ ਵਾਪਰੀ ਘਟਨਾ ਬਹੁਤ ਮੰਦਭਾਗੀ ਹੈ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੰਥਕ ਜਥੇਬੰਦੀਆਂ ਨੂੰ ਆਪਸੀ ਅਨੁਸ਼ਾਸਨ, ਮਰਿਆਦਾ ਅਤੇ ਪੰਥਕ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ।

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਪਿਛਲੇ ਦਿਨੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਿਹੰਗ ਸਿੰਘਾਂ ਵੱਲੋਂ ਕੀਤੇ ਗਏ ਹਮਲੇ ਦੌਰਾਨ ਜ਼ਖ਼ਮੀ ਹੋਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੇਵਾਦਾਰਾਂ ਦਾ ਹਾਲ-ਚਾਲ ਜਾਣਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੱਜੇ। ਇਸ ਮੌਕੇ ਉਨ੍ਹਾਂ ਜ਼ਖ਼ਮੀ ਸੇਵਾਦਾਰਾਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਮਾਲੀ ਸਹਾਇਤਾ ਦਾ ਐਲਾਨ ਵੀ ਕੀਤਾ। ਹਮਲੇ ਦੌਰਾਨ ਗੰਭੀਰ ਜ਼ਖਮੀ ਹੋਏ ਮੁਲਾਜ਼ਮ ਸਿਕੰਦਰ ਸਿੰਘ ਨੂੰ ਡੇਢ ਲੱਖ ਰੁਪਏ ਅਤੇ ਗੁਰਤੇਜ ਸਿੰਘ ਤੇ ਸਤਪਾਲ ਸਿੰਘ ਨੂੰ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇੱਕ ਸੰਗਤੀ ਸੰਸਥਾ ਹੈ ਅਤੇ ਇਸ ਦੇ ਕਰਮਚਾਰੀ ਗੁਰੂ ਘਰ ਦੀ ਮਾਣ ਮਰਿਆਦਾ ਨੂੰ ਕਾਇਮ ਰੱਖਣ ਲਈ ਅਨੁਸ਼ਾਸਨਬੱਧ ਢੰਗ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਕਰਮਚਾਰੀਆਂ ਦੇ ਆਤਮ ਸਨਮਾਨ, ਹੌਂਸਲਾ ਅਫਜ਼ਾਈ ਅਤੇ ਸੁਰੱਖਿਆ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦੀ ਡਿਊਟੀ ਗੁਰੂ ਦੀ ਅਮਾਨਤ ਹੈ ਅਤੇ ਇਹ ਸਿਰਫ਼ ਨੌਕਰੀ ਨਹੀਂ, ਸਗੋਂ ਗੁਰਧਾਮਾਂ ਦੀ ਰੱਖਿਆ ਅਤੇ ਸੇਵਾ ਦਾ ਪਵਿੱਤਰ ਕਰਤੱਬ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਵਿਖੇ ਵਾਪਰੀ ਘਟਨਾ ਬਹੁਤ ਮੰਦਭਾਗੀ ਹੈ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੰਥਕ ਜਥੇਬੰਦੀਆਂ ਨੂੰ ਆਪਸੀ ਅਨੁਸ਼ਾਸਨ, ਮਰਿਆਦਾ ਅਤੇ ਪੰਥਕ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਿਹੰਗ ਸਿੰਘਾਂ ਦੇ ਹਮਲੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੇਵਾਦਾਰਾਂ ਨੇ ਬਹੁਤ ਸੰਜਮ ਅਤੇ ਸਬਰ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਖਮੀ ਸੇਵਾਦਾਰਾਂ ਦੇ ਇਲਾਜ ਅਤੇ ਸੁਰੱਖਿਆ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ ਤਾਂ ਜੋ ਗੁਰੂ ਘਰ ਦੇ ਕਰਮਚਾਰੀਆਂ ਦਾ ਹੌਸਲਾ ਅਤੇ ਮਨੋਬਲ ਹੋਰ ਮਜ਼ਬੂਤ ਬਣਿਆ ਰਹੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ ਤਲਵੰਡੀ ਸੱਲਾ, ਵਧੀਕ ਮੈਨੇਜਰ ਹਰਦੇਵ ਸਿੰਘ ਐਡਵੋਕੇਟ, ਮੀਤ ਮੈਨੇਜਰ ਭੁਪਿੰਦਰ ਸਿੰਘ ਅਤੇ ਜਸਵੀਰ ਸਿੰਘ, ਬਲਜਿੰਦਰ ਸਿੰਘ ਜੇ.ਈ. ਵੀ ਮੌਜੂਦ ਸਨ। ਉਨ੍ਹਾਂ ਜ਼ਖਮੀ ਮੁਲਾਜ਼ਮਾਂ ਦੀ ਜਲਦੀ ਸਿਹਤਯਾਬੀ ਲਈ ਕਾਮਨਾਵਾਂ ਵੀ ਕੀਤੀਆਂ।