ਅਕਾਲੀ ਦਲ ਪਾਣੀ ਦੀ ਬੂੰਦ ਵੀ ਹਰਿਆਣਾ ਨੂੰ ਨਹੀਂ ਜਾਣ ਦੇਵੇਗਾ
ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਹਰਿਆਣਾ ਨੂੰ ਨਹੀਂ ਜਾਣ ਦੇਵੇਗਾ: ਭਾਈ ਚਾਵਲਾ
Publish Date: Thu, 29 Jan 2026 05:14 PM (IST)
Updated Date: Fri, 30 Jan 2026 04:05 AM (IST)

ਪੰਜਾਬੀ ਜਾਗਰਣ ਟੀਮ, ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਸ.ਵਾਈ.ਐਲ. ਨਹਿਰ ਸਬੰਧੀ ਦਿੱਤੇ ਗਏ ਬਿਆਨ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਕੀਮਤ ’ਤੇ ਪੰਜਾਬ ਦਾ ਪਾਣੀ ਹਰਿਆਣਾ ਨੂੰ ਨਹੀਂ ਜਾਣ ਦੇਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਕਹਿਣਾ ਕਿ “ਪਹਿਲਾਂ ਪਾਣੀ ਤੈਅ ਹੋ ਜਾਵੇ, ਫਿਰ ਨਹਿਰ ਵੀ ਬਣਾ ਲਵਾਂਗੇ”, ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰਨ ਦੇ ਬਰਾਬਰ ਹੈ। ਭਾਈ ਚਾਵਲਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੀ ਹੈ ਅਤੇ ਪੰਜਾਬ ਦੇ ਹੱਕਾਂ ਨਾਲ ਸਮਝੌਤਾ ਕਰਨ ਲਈ ਤਿਆਰ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰਦੇ ਹੋਏ ਐਸ.ਵਾਈ.ਐਲ. ਨਹਿਰ ਨਾਲ ਸੰਬੰਧਿਤ ਜ਼ਮੀਨਾਂ ਕਿਸਾਨਾਂ ਨੂੰ ਵਾਪਸ ਕਰਕੇ ਉਨ੍ਹਾਂ ਨੂੰ ਮਾਲਿਕ ਬਣਾਇਆ ਸੀ, ਜੋ ਕਿ ਇੱਕ ਇਤਿਹਾਸਕ ਫੈਸਲਾ ਸੀ। ਭਾਈ ਚਾਵਲਾ ਨੇ ਇਹ ਵੀ ਦੋਸ਼ ਲਗਾਇਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਸੰਦੀਪ ਪਾਠਕ ਪਹਿਲਾਂ ਹੀ ਹਰਿਆਣਾ ਨੂੰ ਪਾਣੀ ਦੇਣ ਦੀ ਹਮਾਇਤ ਕਰ ਚੁੱਕੇ ਹਨ, ਜਿਸ ਤੋਂ ਸਾਫ਼ ਹੁੰਦਾ ਹੈ ਕਿ ‘ਆਪ’ ਸਰਕਾਰ ਪੰਜਾਬ ਦੇ ਪਾਣੀਆਂ ਦੀ ਰੱਖਿਆ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਅਖੀਰ ’ਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਪਾਣੀ, ਧਰਤੀ ਅਤੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਹਰ ਮੋਰਚੇ ’ਤੇ ਡਟ ਕੇ ਸੰਘਰਸ਼ ਕਰੇਗਾ।