- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੇਰੀ ਦੁਕਾਨ ਮੇਰੇ ਨਾਮ’ ਯੋਜਨਾ ਤਹਿਤ ਸੂਬੇ ਦੇ ਲਗਭਗ 8500 ਦੁਕਾਨਦਾਰਾਂ ਨੂੰ ਮਿਲੇਗਾ ਲਾਭ: ਅਨਿਲ ਠਾਕੁਰ

ਸੂਬੇ ’ਚ ਲਗਭਗ 7000 ਸ਼ਿਕਾਇਤਾਂ ਦਾ ਨਿਪਟਾਰਾ, 1000 ਸ਼ਿਕਾਇਤਾਂ ਵਿਚਾਰ ਅਧੀਨ
ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ: : ‘ਮੇਰੀ ਦੁਕਾਨ ਮੇਰੇ ਨਾਮ’ ਯੋਜਨਾ ਤਹਿਤ ਸੂਬੇ ਦੇ ਲਗਭਗ 8500 ਦੁਕਾਨਦਾਰਾਂ ਨੂੰ ਲਾਭ ਮਿਲਣ ਦੀ ਉਮੀਦ ਹੈ। ਇਸ ਯੋਜਨਾ ਰਾਹੀਂ ਸਰਕਾਰੀ ਕਿਰਾਏ ਵਾਲੀਆਂ ਦੁਕਾਨਾਂ ਸਬੰਧੀ ਦੁਕਾਨਦਾਰਾਂ ਨੂੰ ਲਾਭ ਪਹੁੰਚਾਇਆ ਜਾਵੇਗਾ। ਇਹ ਜਾਣਕਾਰੀ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਬੁੱਧਵਾਰ ਨੂੰ ਰੂਪਨਗਰ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਜਾਇਜ਼ਾ ਲੈਂਦਿਆਂ ਦਿੱਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦਾ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੰਮ ਕਰ ਰਹੇ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਸੂਬੇ ਭਰ ’ਚ ਜ਼ਿਲ੍ਹਾ ਵਪਾਰੀ ਕਮਿਸ਼ਨਾਂ ਵੱਲੋਂ ਲਗਭਗ 800 ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਕਰੀਬ 7,000 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ, ਜਦਕਿ ਲਗਭਗ 1,000 ਸ਼ਿਕਾਇਤਾਂ ਹਾਲੇ ਵਿਚਾਰ ਅਧੀਨ ਹਨ।
ਉਨ੍ਹਾਂ ਮੀਟਿੰਗ ’ਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.), ਗਮਾਡਾ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਲੰਬਿਤ ਸ਼ਿਕਾਇਤਾਂ ਦਾ ਬਿਨਾਂ ਹੋਰ ਦੇਰੀ ਤੋਂ ਨਿਪਟਾਰਾ ਕਰਨ ਲਈ ਕਿਹਾ। ਉਨ੍ਹਾਂ ਜ਼ੋਰ ਦਿੱਤਾ ਕਿ ਵਪਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਬੇਲੋੜੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਅੱਗੇ ਦੱਸਿਆ ਕਿ ਖੇਤਰੀ ਪੱਧਰ ’ਤੇ ਹੋਈਆਂ ਮੀਟਿੰਗਾਂ ਦੌਰਾਨ ਪ੍ਰਾਪਤ ਸੁਝਾਵਾਂ ਅਤੇ ਲੋੜਾਂ ਦੇ ਆਧਾਰ ’ਤੇ ਪੰਜਾਬ ਸਰਕਾਰ ਵੱਲੋਂ ਸਥਾਨਕ ਬੁਨਿਆਦੀ ਢਾਂਚੇ ’ਚ ਸੁਧਾਰ ਲਈ 40 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਇਸ ਰਾਸ਼ੀ ਨਾਲ ਗਲੀਆਂ ਦੀਆਂ ਬੱਤੀਆਂ, ਪਾਰਕਿੰਗ ਸਹੂਲਤਾਂ ਦੀ ਮੁਰੰਮਤ ਅਤੇ ਹੋਰ ਲੋੜੀਂਦੀਆਂ ਸਥਾਨਕ ਸਹੂਲਤਾਂ ’ਚ ਸੁਧਾਰ ਕੀਤਾ ਜਾਵੇਗਾ। ਇਨ੍ਹਾਂ ਕੰਮਾਂ ਲਈ ਹਰੇਕ ਜ਼ਿਲ੍ਹੇ ਨੂੰ 2 ਕਰੋੜ ਰੁਪਏ ਦਿੱਤੇ ਗਏ ਹਨ ਅਤੇ ਇਨ੍ਹਾਂ ਨੂੰ ਅਗਲੇ ਮਹੀਨੇ ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਵਿਚਾਰ-ਵਟਾਂਦਰੇ ’ਚ ਹਿੱਸਾ ਲੈਂਦਿਆਂ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਨੂੰ ਭਰੋਸਾ ਦਿੱਤਾ ਕਿ ਲੰਬਿਤ ਮਾਮਲੇ ਸਬੰਧਤ ਵਿਭਾਗਾਂ ਕੋਲ ਉਠਾ ਕੇ ਉਨ੍ਹਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।
ਐੱਸਐੱਸਪੀ. ਰੂਪਨਗਰ ਮਨਿੰਦਰ ਸਿੰਘ ਨੇ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪੁਲਿਸ ਪ੍ਰਸ਼ਾਸਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਬਿਨਾਂ ਕਿਸੇ ਡਰ ਜਾਂ ਚਿੰਤਾ ਦੇ ਆਪਣਾ ਕਾਰੋਬਾਰ ਕਰ ਸਕੇ, ਇਸ ਲਈ ਪੁਲਿਸ ਵੱਲੋਂ ਲੋੜੀਂਦੇ ਕਦਮ ਚੁੱਕੇ ਜਾਂਦੇ ਹਨ। ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਚੇਅਰਮੈਨ ਦਾਰਾ ਸਿੰਘ ਨੇ ਦੱਸਿਆ ਕਿ ਮੀਟਿੰਗਾਂ ਦੌਰਾਨ ਸਾਹਮਣੇ ਆਈਆਂ ਜ਼ਿਆਦਾਤਰ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਸ਼ਿਕਾਇਤਾਂ ਦੇ ਹੱਲ ਲਈ ਨਿਯਮਿਤ ਤੌਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ, ਐੱਸਪੀ ਹਰਸਿਮਰਤ ਸਿੰਘ ਸ਼ੇਤਰਾ, ਸਹਾਇਕ ਕਮਿਸ਼ਨਰ (ਜ) ਸਚਿਨ ਪਾਠਕ, ਐੱਸਡੀਐੱਮ ਰੂਪਨਗਰ ਜਸਪ੍ਰੀਤ ਸਿੰਘ, ਐੱਸਡੀਐੱਮ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਐੱਸਡੀਐੱਮ ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਐੱਸਡੀਐੱਮ ਮੋਰਿੰਡਾ ਚੇਤਨ ਬੰਗੜ, ਜੀਐਸਟੀ ਕਮਿਸ਼ਨਰ ਗੁਰਸਿਮਰਨ ਕੌਰ ਧਾਲੀਵਾਲ, ਹਲਕਾ ਚੇਅਰਮੈਨ ਰੂਪਨਗਰ ਅਮਨਦੀਪ ਸਿੰਘ ਸੋਨੀ, ਹਲਕਾ ਚੇਅਰਮੈਨ ਸ੍ਰੀ ਚਮਕੌਰ ਸਾਹਿਬ ਲਖਵਿੰਦਰ ਸਿੰਘ ਕਾਕਾ ਅਤੇ ਹਲਕਾ ਚੇਅਰਮੈਨ ਸ੍ਰੀ ਅਨੰਦਪੁਰ ਸਾਹਿਬ ਗੁਰਪ੍ਰੀਤ ਸਿੰਘ ਅਰੋੜਾ ਸਮੇਤ ਹੋਰ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।