ਸੁਰਿੰਦਰ ਸਿੰਘ ਸੋਨੀ, ਸ੍ਰੀ ਅਨੰਦਪੁਰ ਸਾਹਿਬ : ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ, ਵਿਰਾਸਤ ਏ ਖਾਲਸਾ ਤੇ ਨੈਣਾਂ ਦੇਵੀ ਦੇ ਦਰਸ਼ਨਾਂ ਲਈ ਦੇਸ਼ ਭਰ ਦੇ ਸ਼ਰਧਾਲੂਆਂ ਅਤੇ ਸੈਲਾਨੀਆਂ ਵੱਲੋਂ ਵਰਤੇ ਜਾਂਦੇ ਸੜਕੀ ਮਾਰਗ ਸ੍ਰੀ ਅਨੰਦਪੁਰ ਸਾਹਿਬ-ਗੜਸ਼ੰਕਰ-ਬੰਗਾ ਨੂੰ ਵਿਧਾਨ ਸਭਾ ਦੇ ਸਦਨ ਵਿਚ ਚਹੁੰ ਮਾਰਗੀ ਕਰਨ ਦਾ ਐਲਾਨ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਸਭ ਤੋਂ ਵੱਡੇ ਤਿਉਹਾਰ ਹੋਲੇ ਮਹੱਲੇ ਮੌਕੇ ਲੱਖਾਂ ਸ਼ਰਧਾਲੂਆਂ ਅਤੇ ਪੰਜਾਬੀਆਂ ਨੂੰ ਤੋਹਫਾ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਨ ਅੰਦਰ ਮੁੱਢ ਤੋਂ ਹੀ ਸ੍ਰੀ ਅਨੰਦਪੁਰ ਸਾਹਿਬ ਦੀ ਮੁਕੱਦਸ ਧਰਤੀ ਦੇ ਲਈ ਸ਼ਰਧਾ ਤੇ ਸਤਿਕਾਰ ਹੈ। ਇਹੀ ਕਾਰਨ ਹੈ ਕਿ ਜਦੋਂ ਉਹ ਜਨਵਰੀ 2019 'ਚ ਸ੍ਰੀ ਅਨੰਦਪੁਰ ਸਾਹਿਬ ਆਏ ਸਨ ਤਾਂ ਉਨ੍ਹਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਹੀ ਲੋਕ ਨਿਰਮਾਣ ਵਿਭਾਗ ਨੂੰ ਅਦੇਸ਼ ਦਿੱਤੇ ਸਨ, ਕਿ ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ-ਬੰਗਾ ਦੀ ਖਸਤਾ ਹਾਲਤ ਸੜਕ 'ਚ ਸੁਧਾਰ ਕਰਵਾਇਆ ਜਾਵੇ। ਜਿਸ ਤੋਂ ਬਾਅਦ ਵਿਭਾਗ ਵੱਲੋਂ ਟੈਂਡਰ ਲਗਾ ਕੇ ਕੰਮ ਵੀ ਸ਼ੁਰੂ ਕਰਵਾਇਆ ਜਾ ਚੁੱਕਿਆ ਹੈ। ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਅਪੀਲ ਕੀਤੀ ਸੀ ਕਿ ਉਹ ਇਸ ਮਾਰਗ ਨੂੰ ਚਹੁੰ ਮਾਰਗੀ ਕਰਨ ਤਾਂ ਜੋ ਸ੍ਰੀ ਅਨੰਦਪੁਰ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਹੀ ਸੜਕਾਂ ਚਹੁੰ ਮਾਰਗੀ ਹੋ ਜਾਣ, ਜਿਸ 'ਤੇ ਮੁੱਖ ਮੰਤਰੀ ਨੇ ਮੁਹਰ ਲਾਉਂਦੇ ਹੋਏ ਹੋਲੇ ਮਹੱਲੇ ਦੇ ਪਵਿੱਤਰ ਤਿਉਹਾਰ ਮੌਕੇ ਵਿਧਾਨ ਸਭਾ ਦੇ ਅੰਦਰ ਹੀ ਐਲਾਨ ਕਰਦੇ ਹੋਏ ਖਾਸ ਤੋਹਫਾ ਦਿੱਤਾ ਹੈ। ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਮੈਨੂੰ ਇਸ ਗੱਲ ਦਾ ਮਾਣ ਤੇ ਖੁਸ਼ੀ ਵੀ ਹੈ ਕਿ ਮੈਨੂੰ ਪਵਿੱਤਰ ਧਰਤੀ ਦੀ ਖਿੱਦਮਤ ਕਰਨ ਦਾ ਮੌਕਾ ਮਿਲਿਆ ਹੈ। ਇਸ ਲਈ ਜੋ-ਜੋ ਵਾਅਦਾ ਅਸੀਂ ਕੀਤਾ ਹੈ ਉਹ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ। ਫਿਰ ਚਾਹੇ ਉਹ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਦੀ ਗੱਲ ਹੋਵੇ ਜਾਂ ਫਿਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵੱਲੋਂ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਅਤੇ ਛੇ ਗੁਰੂ ਸਹਿਬਾਨ ਦੀ ਚਰਨਛੋਹ ਪ੍ਰਰਾਪਤ ਧਰਤੀ ਕੀਰਤਪੁਰ ਸਾਹਿਬ ਦੇ ਵਿਕਾਸ ਦੀ ਗੱਲ ਹੋਵੇ। ਹਰ ਹਾਲ ਵਿਚ ਇਸ ਖੇਤਰ ਦਾ ਚਹੁੰਮੁਖੀ ਵਿਕਾਸ ਕਰਵਾਇਆ ਜਾਵੇਗਾ।