- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਈ ਜੈਤਾ ਜੀ ਦੀ ਯਾਦ ਵਿੱਚ ਹੋਇਆ ਵਿਸ਼ੇਸ਼ ਗੁਰਮਤ ਸਮਾਗਮ

ਕੁਝ ਲੋਕਾਂ ਵੱਲੋਂ ਸਮਾਗਮ ’ਚ ਵਿਘਨ ਪਾਉਣ ਦੀ ਕੋਸ਼ਿਸ਼, ਸ਼੍ਰੋਮਣੀ ਕਮੇਟੀ ਪ੍ਰਧਾਨ ’ਤੇ ਭਾਈ ਚਾਵਲਾ ਬਿਨਾਂ ਸੰਬੋਧਨ ਤੋਂ ਪਰਤੇ
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ,
ਸ੍ਰੀ ਅਨੰਦਪੁਰ ਸਾਹਿਬ : ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਜੈਤਾ ਜੀ, ਜਿਨ੍ਹਾਂ ਨੂੰ ਬਾਬਾ ਜੀਵਨ ਸਿੰਘ ਜੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਦੀ ਯਾਦ ਵਿਚ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਤਪ ਅਸਥਾਨ ਸਾਹਿਬ ਵਿਖੇ ਵਿਸ਼ੇਸ਼ ਗੁਰਮਤ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਭਾਈ ਸਾਹਿਬ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੋਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਕਈ ਪੰਥਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਗੁਰਦੁਆਰਾ ਸ੍ਰੀ ਤਪ ਅਸਥਾਨ ਸਾਹਿਬ ਦੇ ਮੁੱਖੀ ਬਾਬਾ ਤੀਰਥ ਸਿੰਘ ਤੇ ਮੁੱਖ ਪ੍ਰਬੰਧਕ ਬਾਬਾ ਅਮਨਦੀਪ ਸਿੰਘ ਵੱਲੋਂ ਪੰਥਕ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਸਥਾਨਕ ਸੰਗਤਾਂ ਤੋਂ ਇਲਾਵਾ ਵੱਖ-ਵੱਖ ਇਲਾਕਿਆਂ ਤੋਂ ਦਸ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ। ਨਗਰ ਕੀਰਤਨਾਂ ਨੇ ਸਮਾਗਮ ਦੀਆਂ ਰੌਣਕਾਂ ਵਿੱਚ ਹੋਰ ਵਾਧਾ ਕੀਤਾ।
-------
ਬਾਕਸ-
ਸਮਾਗਮ ’ਚ ਖਲਲ ਪਾਉਣ ਦੀ ਕੋਸ਼ਿਸ਼
ਸਮਾਗਮ ਦੌਰਾਨ ਉਸ ਸਮੇਂ ਮਾਹੌਲ ਕੁਝ ਤਣਾਅਪੂਰਨ ਹੋ ਗਿਆ ਜਦੋਂ ਕੁਝ ਵਿਅਕਤੀਆਂ ਨੇ ਸੰਗਤ ’ਚ ਹੀ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲ ਪਹੁੰਚ ਕੇ ਸ਼੍ਰੋਮਣੀ ਕਮੇਟੀ ਵੱਲੋਂ ਕਮਰੇ ਨਾ ਦਿੱਤੇ ਜਾਣ ਸਬੰਧੀ ਸ਼ਿਕਾਇਤ ਕਰਨੀ ਸ਼ੁਰੂ ਕਰ ਦਿੱਤੀ। ਸਿੰਘ ਸਾਹਿਬ ਨੇ ਉਨ੍ਹਾਂ ਨੂੰ ਮਾਮਲੇ ਸਬੰਧੀ ਸਾਈਡ ’ਤੇ ਹੋ ਕੇ ਬਾਅਦ ’ਚ ਗੱਲ ਕਰਨ ਲਈ ਕਿਹਾ ਪਰ ਉਕਤ ਵਿਅਕਤੀਆਂ ਵੱਲੋਂ ਉੱਚੀ ਆਵਾਜ਼ ’ਚ ਬੋਲਣਾ ਜਾਰੀ ਰੱਖਿਆ ਗਿਆ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਤੀਰਥ ਸਿੰਘ ਤੇ ਬਾਬਾ ਅਮਨਦੀਪ ਸਿੰਘ ਦੀ ਸੂਝ-ਬੂਝ ਸਦਕਾ ਮਾਮਲੇ ਨੂੰ ਸੰਭਾਲ ਲਿਆ ਗਿਆ। ਹਾਲਾਂਕਿ ਇਸ ਵਿਵਾਦ ਕਾਰਨ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਭਾਈ ਅਮਰਜੀਤ ਸਿੰਘ ਚਾਵਲਾ ਸੰਗਤਾਂ ਨੂੰ ਸੰਬੋਧਨ ਕੀਤੇ ਬਿਨਾਂ ਹੀ ਵਾਪਸ ਚਲੇ ਗਏ।
----------
ਬਾਕਸ-
ਸੰਗਤਾਂ ਲਈ ਉਚਿਤ ਪ੍ਰਬੰਧ ਕੀਤੇ ਗਏ ਸਨ : ਮੈਨੇਜਰ
ਇਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਰਬ ਦਿਆਲ ਸਿੰਘ ਨੇ ਕਿਹਾ ਕਿ ਮੈਨੇਜਮੈਂਟ ਵੱਲੋਂ ਸੰਗਤਾਂ ਲਈ ਉਚਿਤ ਪ੍ਰਬੰਧ ਕੀਤੇ ਗਏ ਸਨ। ਬਾਬਾ ਤੀਰਥ ਸਿੰਘ ਤੇ ਬਾਬਾ ਅਮਨਦੀਪ ਸਿੰਘ ਵੱਲੋਂ ਜਿਹੜੀ ਵੀ ਮੰਗ ਕੀਤੀ ਗਈ ਸੀ, ਉਸ ਅਨੁਸਾਰ ਸਰਾਵਾਂ ’ਚ ਏਸੀ ਹਾਲ ਤੇ ਏਸੀ ਕਮਰੇ ਮੁਹੱਈਆ ਕਰਵਾਏ ਗਏ ਸਨ। ਦੂਜੇ ਪਾਸੇ ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਤੀਰਥ ਸਿੰਘ ਤੇ ਬਾਬਾ ਅਮਨਦੀਪ ਸਿੰਘ ਨੇ ਵੀ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਲਈ ਕਮਰਿਆਂ ਜਾਂ ਹੋਰ ਲੋੜੀਂਦੀਆਂ ਸਹੂਲਤਾਂ ਸਬੰਧੀ ਜਦੋਂ ਵੀ ਮੰਗ ਕੀਤੀ ਜਾਂਦੀ ਹੈ, ਉਸ ਨੂੰ ਪੂਰਾ ਕੀਤਾ ਜਾਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ’ਚ ਵੀ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਤੇ ਸ਼੍ਰੋਮਣੀ ਕਮੇਟੀ ਵੱਲੋਂ ਇਸੇ ਤਰ੍ਹਾਂ ਸਹਿਯੋਗ ਮਿਲਦਾ ਰਹੇਗਾ।