ਖੇਡਾਂ ਵਤਨ ਪੰਜਾਬ ਦੀਆਂ-2026-ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ ਖੇਡਾਂ ਵਤਨ ਪੰਜਾਬ ਦੀਆਂ-2026-ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ
Publish Date: Sat, 12 Sep 2026 04:39 PM (IST)
Updated Date: Sat, 12 Sep 2026 04:41 PM (IST)
ਨਹਿਰੂ ਸਟੇਡੀਅਮ ਵਿਖੇ ਸੈਂਕੜੇ ਖਿਡਾਰੀਆਂ ਨੇ ਦਿਖਾਏ ਖੇਡ ਪ੍ਰਤਿਭਾ ਦੇ ਜੌਹਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਉਨ੍ਹਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਸਥਾਨਕ ਨਹਿਰੂ ਸਟੇਡੀਅਮ ’ਚ ਜੋਸ਼ੋ-ਖਰੋਸ਼ ਨਾਲ ਸੰਪੰਨ ਹੋ ਗਏ। 9 ਸਤੰਬਰ ਤੋਂ 11 ਸਤੰਬਰ ਤੱਕ ਚੱਲੇ ਇਨ੍ਹਾਂ ਮੁਕਾਬਲਿਆਂ ’ਚ ਵੱਖ-ਵੱਖ ਉਮਰ ਵਰਗਾਂ ਦੇ ਸੈਂਕੜੇ ਖਿਡਾਰੀਆਂ ਨੇ ਪੂਰੇ ਉਤਸ਼ਾਹ, ਖੇਡ ਭਾਵਨਾ ਤੇ ਅਨੁਸ਼ਾਸਨ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਮਾਪਤੀ ਸਮਾਰੋਹ ਦੌਰਾਨ ਡੀਐੱਸਓ ਜਗਜੀਵਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੂਬੇ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਤੇ ਉਨ੍ਹਾਂ ਅੰਦਰ ਛੁਪੀ ਖੇਡ ਪ੍ਰਤਿਭਾ ਨੂੰ ਉਭਾਰਨ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਸਬਰ, ਸਖਤ ਮਿਹਨਤ, ਟੀਮ ਭਾਵਨਾ ਤੇ ਜਿੱਤ ਲਈ ਦ੍ਰਿੜ੍ਹ ਇਰਾਦਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਵਿਚ ਮੌਜੂਦ ਹੋਣਹਾਰ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਮਿਲ ਰਿਹਾ ਹੈ, ਜੋ ਭਵਿੱਖ ਵਿਚ ਜ਼ਿਲ੍ਹਾ, ਸੂਬਾ, ਕੌਮੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਿਚ ਸਹਾਈ ਹੋਵੇਗਾ। ਉਨ੍ਹਾਂ ਸਾਰੇ ਪ੍ਰਤੀਭਾਗੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਤੀਜੇ ਦਿਨ ਦੇ ਸਮਾਪਤੀ ਸਮਾਰੋਹ ਵਿਚ ਡੀਪੀਆਰਓ ਕਰਨ ਮਹਿਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਮਾੜੀਆਂ ਆਦਤਾਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਅੱਗੇ ਵਧਣ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਆਪਣੀ ਖੇਡ ਵਿਚ ਨਿਰੰਤਰ ਸੁਧਾਰ ਕਰਨ ਅਤੇ ਜਿੱਤ-ਹਾਰ ਦੀ ਪਰਵਾਹ ਕੀਤੇ ਬਿਨਾਂ ਪੂਰੀ ਮਿਹਨਤ ਤੇ ਖੇਡ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮਾਪਤੀ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਈਓ ਰੂਪਨਗਰ ਅਸ਼ੋਕ ਕੁਮਾਰ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿਚ ਪ੍ਰਾਪਤ ਕੀਤੀ ਜਿੱਤ ਸਿਰਫ਼ ਇੱਕ ਤਮਗਾ ਜਾਂ ਸਥਾਨ ਹਾਸਲ ਕਰਨਾ ਨਹੀਂ, ਸਗੋਂ ਨੌਜਵਾਨਾਂ ਵਿਚ ਆਤਮ-ਵਿਸ਼ਵਾਸ ਅਤੇ ਜੀਵਨ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਪੈਦਾ ਕਰਨਾ ਵੀ ਹੈ। ਉਨ੍ਹਾਂ ਸਮੂਹ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਡੀਐੱਸਓ ਰੂਪਨਗਰ ਜਗਜੀਵਨ ਸਿੰਘ ਨੇ ਰੂਪਨਗਰ ਬਲਾਕ ਪੱਧਰੀ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਥਲੈਟਿਕਸ ਵਿਚ ਲੰਬੀ ਛਾਲ ਲੜਕੀਆਂ ਦੇ ਮੁਕਾਬਲੇ ਵਿਚ ਅਮਨਦੀਪ ਕੌਰ ਨੇ ਪਹਿਲਾ, ਹਰਪ੍ਰੀਤ ਕੌਰ ਨੇ ਦੂਜਾ ਅਤੇ ਗੁਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਗੋਲਾ ਸੁੱਟਣ ਦੇ ਲੜਕਿਆਂ ਦੇ ਮੁਕਾਬਲੇ ’ਚ ਦਲਜੀਤ ਸਿੰਘ ਨੇ ਪਹਿਲਾ, ਸੁਰਜੀਤ ਸਿੰਘ ਨੇ ਦੂਜਾ ਅਤੇ ਦਿਲਬਾਗ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਬੱਡੀ ਸਰਕਲ ਸਟਾਈਲ ਲੜਕਿਆਂ ਦੇ ਮੁਕਾਬਲੇ ’ਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੇ ਪਹਿਲਾ ਤੇ ਸਸਸਸ ਸਿੰਘ ਭਗਵੰਤਪੁਰਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਫੁੱਟਬਾਲ ਲੜਕੇ ਅੰਡਰ-17 ਦੇ ਮੁਕਾਬਲੇ ’ਚ ਸਤਲੁੱਜ ਪਬਲਿਕ ਸਕੂਲ ਦੀ ਟੀਮ ਨੇ ਸਸਸਸ ਦੁੱਗਰੀ ਨੂੰ 3-1 ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਇੱਕ ਹੋਰ ਮੁਕਾਬਲੇ ’ਚ ਸੇਂਟ ਕਾਰਮਲ ਸਕੂਲ ਕੱਟਲੀ ਦੀ ਟੀਮ ਨੇ ਗਿੱਲਕੋ ਵੈਲੀ ਫੁੱਟਬਾਲ ਕਲੱਬ ਨੂੰ 2-1 ਨਾਲ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਸਮੈਸ਼ਿੰਗ ਦੇ ਮੁਕਾਬਲੇ ਵਿਚ ਲੋਹਾਰੀ ਕਲੱਬ ਨੇ ਪਹਿਲਾ, ਮੀਆਂਪੁਰ ਨੇ ਦੂਜਾ ਤੇ ਕੋਚਿੰਗ ਸੈਂਟਰ ਨੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਜੇਤੂ ਖਿਡਾਰੀ ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਹਿੱਸਾ ਲੈਣਗੇ। ਉਨ੍ਹਾਂ ਇਨ੍ਹਾਂ ਤਿੰਨ ਰੋਜ਼ਾ ਖੇਡ ਮੁਕਾਬਲਿਆਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਕੋਚਾਂ, ਖੇਡ ਪ੍ਰਬੰਧਕਾਂ, ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ, ਸਹਿਯੋਗ ਦੇਣ ਵਾਲੇ ਸਕੂਲਾਂ ਅਤੇ ਸਪੋਰਟਸ ਕਲੱਬਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਪ੍ਰਬੰਧਕਾਂ ਨੇ ਕਿਹਾ ਕਿ ਸਾਰੇ ਸਬੰਧਤ ਵਿਭਾਗਾਂ, ਸੰਸਥਾਵਾਂ ਤੇ ਖੇਡ ਪ੍ਰੇਮੀਆਂ ਦੇ ਸਾਂਝੇ ਸਹਿਯੋਗ ਸਦਕਾ ਇਹ ਮੁਕਾਬਲੇ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਸੰਪੰਨ ਹੋ ਸਕੇ।