ਸ੍ਰੀ ਅਨੰਦਪੁਰ ਸਾਹਿਬ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾਵੇ : ਲਾਲਪੁਰਾ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਸ਼ਵ ਪੱਧਰੀ ਧਾਰਮਿਕ ਤੇ ਵਿਰਾਸਤੀ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾਵੇ: ਇਕਬਾਲ ਸਿੰਘ ਲਾਲਪੁਰਾ
Publish Date: Wed, 19 Aug 2026 06:32 PM (IST)
Updated Date: Wed, 19 Aug 2026 06:33 PM (IST)
ਲਖਵੀਰ ਖਾਬੜਾ, ਪੰਜਾਬੀ ਜਾਗਰਣ ਰੂਪਨਗਰ : ਭਾਜਪਾ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰਕੇ ਖ਼ਾਲਸੇ ਦੀ ਪਵਿੱਤਰ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਸਬੰਧੀ ਗੰਭੀਰ ਅਤੇ ਸਾਰਥਕ ਵਿਚਾਰ-ਵਟਾਂਦਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਕੇਵਲ ਇੱਕ ਇਤਿਹਾਸਕ ਸ਼ਹਿਰ ਨਹੀਂ, ਸਗੋਂ ਸਿੱਖ ਧਰਮ, ਖ਼ਾਲਸਾਈ ਪਰੰਪਰਾਵਾਂ, ਅਧਿਆਤਮਿਕ ਚੇਤਨਾ, ਬਹਾਦਰੀ, ਕੁਰਬਾਨੀ ਅਤੇ ਮਨੁੱਖੀ ਬਰਾਬਰੀ ਦਾ ਜੀਵੰਤ ਪ੍ਰਤੀਕ ਹੈ। ਇਸ ਪਾਵਨ ਧਰਤੀ ਨਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਹਾਨ ਇਤਿਹਾਸ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾਕਿ ਇਸ ਸ਼ਹਿਰ ਦੀ ਪਵਿੱਤਰਤਾ, ਕੁਦਰਤੀ ਸੁੰਦਰਤਾ, ਧਾਰਮਿਕ ਮਰਿਆਦਾ ਅਤੇ ਇਤਿਹਾਸਕ ਸਰੂਪ ਨੂੰ ਕਾਇਮ ਰੱਖਦਿਆਂ ਇਸ ਦਾ ਯੋਜਨਾਬੱਧ ਵਿਕਾਸ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਚ ਦੇਸ਼-ਵਿਦੇਸ਼ ਤੋਂ ਹਰ ਸਾਲ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚਦੇ ਹਨ। ਇੱਥੇ ਧਾਰਮਿਕ ਅਤੇ ਵਿਰਾਸਤੀ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਮੌਜੂਦ ਹਨ। ਬਿਹਤਰ ਸੜਕੀ ਸੰਪਰਕ, ਸੁਚੱਜੀ ਆਵਾਜਾਈ, ਸਫ਼ਾਈ, ਪਾਰਕਿੰਗ, ਯਾਤਰੀ ਸਹੂਲਤਾਂ, ਜਾਣਕਾਰੀ ਕੇਂਦਰਾਂ ਅਤੇ ਵਿਰਾਸਤੀ ਸਥਾਨਾਂ ਦੀ ਸੰਭਾਲ ਵਰਗੀਆਂ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਏ ਜਾਣ ਨਾਲ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਸ਼ਵ ਪੱਧਰ ਦੇ ਪ੍ਰਮੁੱਖ ਧਾਰਮਿਕ ਅਤੇ ਵਿਰਾਸਤੀ ਸੈਰ-ਸਪਾਟਾ ਕੇਂਦਰ ਵਜੋਂ ਸਥਾਪਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਵਿਕਾਸ ਦੀ ਕਿਸੇ ਵੀ ਯੋਜਨਾ ਨੂੰ ਤਿਆਰ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਦੇ ਪਵਿੱਤਰ ਅਤੇ ਇਤਿਹਾਸਕ ਸਰੂਪ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ। ਆਧੁਨਿਕ ਸਹੂਲਤਾਂ ਦਾ ਵਿਸਥਾਰ ਇਸ ਢੰਗ ਨਾਲ ਕੀਤਾ ਜਾਵੇ ਕਿ ਸ਼ਹਿਰ ਦੀ ਅਧਿਆਤਮਿਕ ਭਾਵਨਾ, ਪਰੰਪਰਾਗਤ ਵਾਸਤੂਕਲਾ ਅਤੇ ਸੱਭਿਆਚਾਰਕ ਪਛਾਣ ਪੂਰੀ ਤਰ੍ਹਾਂ ਸੁਰੱਖਿਅਤ ਰਹੇ। ਸਥਾਨਕ ਲੋਕਾਂ, ਇਤਿਹਾਸਕਾਰਾਂ, ਧਾਰਮਿਕ ਸੰਸਥਾਵਾਂ ਅਤੇ ਸੈਰ-ਸਪਾਟਾ ਮਾਹਿਰਾਂ ਦੇ ਸੁਝਾਵਾਂ ਨੂੰ ਵੀ ਵਿਕਾਸ ਯੋਜਨਾਵਾਂ ਦਾ ਅਹਿਮ ਹਿੱਸਾ ਬਣਾਇਆ ਜਾਣਾ ਚਾਹੀਦਾ ਹੈ। ਲਾਲਪੁਰਾਂ ਨੇ ਦੱਸਿਆ ਕਿ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਸਬੰਧੀ ਰੱਖੇ ਗਏ ਵਿਚਾਰਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਹੈ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਵਿਰਾਸਤ, ਸੱਭਿਆਚਾਰ ਅਤੇ ਸੈਰ-ਸਪਾਟਾ ਸਮਰੱਥਾ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਯਤਨ ਕਰਨਗੇ।