ਵਿਦਿਆਰਥੀਆਂ ਦਾ ਧਾਰਮਿਕ ਟੂਰ ਕਰਵਾਇਆ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵੱਲੋਂ ਵਿਦਿਆਰਥੀਆਂ ਦਾ ਧਾਰਮਿਕ ਟੂਰ ਕਰਵਾਇਆ
Publish Date: Sat, 24 Oct 2026 05:05 PM (IST)
Updated Date: Sat, 24 Oct 2026 05:07 PM (IST)
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਵਿਰਾਸਤ-ਏ-ਖ਼ਾਲਸਾ ਦੇ ਦਰਸ਼ਨ ਕਰਕੇ ਵਿਦਿਆਰਥੀਆਂ ਨੇ ਇਤਿਹਾਸ ਤੇ ਵਿਰਸੇ ਬਾਰੇ ਹਾਸਲ ਕੀਤੀ ਜਾਣਕਾਰੀ ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ (ਬੀਬੀ ਮੂਲਾ ਦੇਵੀ ਖ਼ਾਲਸਾ ਪਬਲਿਕ ਸਕੂਲ), ਸ੍ਰੀ ਕੀਰਤਪੁਰ ਸਾਹਿਬ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਇਤਿਹਾਸ, ਧਾਰਮਿਕ ਮਹੱਤਤਾ ਅਤੇ ਅਮੀਰ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਧਾਰਮਿਕ ਟੂਰ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਸ਼ਰਧਾ ਸਹਿਤ ਮੱਥਾ ਟੇਕਿਆ ਅਤੇ ਗੁਰੂ ਸਾਹਿਬਾਨ ਨਾਲ ਸਬੰਧਤ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕੀਤੇ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਵਿਰਾਸਤ-ਏ-ਖ਼ਾਲਸਾ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਸਿੱਖ ਇਤਿਹਾਸ, ਸੱਭਿਆਚਾਰ ਅਤੇ ਖ਼ਾਲਸਾ ਪੰਥ ਦੀ ਸਥਾਪਨਾ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਜਾਣਨ ਦਾ ਮੌਕਾ ਮਿਲਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਆਸ਼ਾ ਰਾਣੀ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਆਪਣੇ ਧਰਮ, ਇਤਿਹਾਸ, ਸੱਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਹੈ। ਅਜਿਹੇ ਧਾਰਮਿਕ ਅਤੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਅੰਦਰ ਗੁਰੂ ਸਾਹਿਬਾਨ ਪ੍ਰਤੀ ਸ਼ਰਧਾ, ਸੇਵਾ ਭਾਵਨਾ, ਅਨੁਸ਼ਾਸਨ ਅਤੇ ਆਪਣੇ ਵਿਰਸੇ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਭਵਿੱਖ ਵਿੱਚ ਵੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਜਿਹੀਆਂ ਸਿੱਖਿਆਦਾਇਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਰਹਿਣਗੀਆਂ। ਇਸ ਮੌਕੇ ਰੰਜਨਾ ਦੇਵੀ, ਪਰਵਿੰਦਰ ਕੌਰ, ਮਨਜੀਤ ਕੌਰ, ਸ਼ਾਲਨੀ ਸ਼ਰਮਾ, ਪਰਵੀਨ ਕੌਰ, ਲਵਲੀਨ ਕੌਰ, ਦਲਜੀਤ ਸਿੰਘ ਆਦਿ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।