ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸੈਮੀਨਾਰ ਆਰਬੀਯੂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸੈਮ
Publish Date: Wed, 26 Aug 2026 04:10 PM (IST)
Updated Date: Wed, 26 Aug 2026 04:13 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਤਵਾਂ ਰਾਜ ਪੱਧਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਸਲਾਹਕਾਰ ਦੀਪਕ ਬਾਲੀ, ਡੇਰਾ ਬਾਬਾ ਪ੍ਰੀਤਮ ਦਾਸ ਦੇ ਮੁਖੀ ਬਾਬਾ ਨਿਰਮਲ ਦਾਸ, ਜੀਐੱਨਡੀਯੂ ਦੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ.ਮਨਜਿੰਦਰ ਸਿੰਘ, ਡੇਰਾ ਸੰਤ ਪ੍ਰੀਤਮ ਦਾਸ ਤੋਂ ਆਰਕੀਟੈਕਟ ਸੰਤੋਸ਼ ਕੁਮਾਰੀ, ਆਰਬੀਯੂ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਵਾਈਸ ਚਾਂਸਲਰ ਜੇ ਕੁਮਾਰ, ਰਜਿਸਟਰਾਰ ਪ੍ਰੋ.ਐੱਲਕੇ ਯਾਦਵ, ਡੀਨ ਵਿਦਿਆਰਥੀ ਭਲਾਈ ਡਾ.ਸਿਮਰਜੀਤ ਕੌਰ, ਯੂਨੀਵਰਸਿਟੀ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਮਹਾਨ ਸ਼ਖ਼ਸੀਅਤ ਕਿਸੇ ਇੱਕ ਵਰਗ, ਧਰਮ ਜਾਂ ਖੇਤਰ ਤੱਕ ਸੀਮਤ ਨਹੀਂ ਹੈ। ਉਨ੍ਹਾਂ ਦੀ ਬਾਣੀ ਅਤੇ ਵਿਚਾਰਧਾਰਾ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਪਿਆਰ, ਭਾਈਚਾਰੇ, ਸੱਚਾਈ ਅਤੇ ਮਨੁੱਖੀ ਸਨਮਾਨ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ, ਗਿਆਨ ਅਤੇ ਵਿਚਾਰ-ਵਟਾਂਦਰੇ ਦੇ ਮਹੱਤਵਪੂਰਨ ਕੇਂਦਰ ਹਨ ਅਤੇ ਇੱਥੇ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਫ਼ਲਸਫ਼ੇ ’ਤੇ ਗੰਭੀਰ ਵਿਚਾਰ-ਵਟਾਂਦਰਾ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੀ ਵਿਚਾਰਧਾਰਾ ਨਾਲ ਡੂੰਘਾਈ ਨਾਲ ਜੋੜਨ ਵਿਚ ਸਹਾਈ ਹੋਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਹਰ ਕੰਮ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਕਰਨ ਦਾ ਸੱਦਾ ਦਿੱਤਾ। ਕਾਸ਼ੀ ਤੋਂ ਇਲਾਵਾ ਬਠਿੰਡਾ ਅਤੇ ਫਰੀਦਕੋਟ ਤੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੱਕ ਪਵਿੱਤਰ ਸ਼ੋਭਾ ਯਾਤਰਾਵਾਂ ਵੀ ਉਲੀਕੀਆਂ ਗਈਆਂ ਹਨ। ਇਸ ਮੌਕੇ ਦੀਪਕ ਬਾਲੀ ਨੇ ਕਿਹਾ ਕਿ ਭਾਰਤ ਵਿਭਿੰਨਤਾਵਾਂ ਭਰਪੂਰ ਦੇਸ਼ ਹੈ, ਜਿਸ ਦੀ ਬੌਧਿਕ ਅਤੇ ਅਧਿਆਤਮਿਕ ਵਿਰਾਸਤ ਬੇਹੱਦ ਅਮੀਰ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮਾਜ ਦੀ ਪੀੜ ਨੂੰ ਮਹਿਸੂਸ ਕਰਦਿਆਂ ਅਸਮਾਨਤਾ ਵਿਰੁੱਧ ਆਵਾਜ਼ ਚੁੱਕੀ ਅਤੇ ‘ਬੇਗਮਪੁਰਾ’ ਦੇ ਸਿਧਾਂਤ ਰਾਹੀਂ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਪੇਸ਼ ਕੀਤੀ। ਇਸ ਮੌਕੇ ਪ੍ਰੋ.ਮਨਜਿੰਦਰ ਸਿੰਘ,ਆਰਕੀਟੈਕਟ ਸੰਤੋਸ਼ ਕੁਮਾਰੀ,ਬਾਬਾ ਨਿਰਮਲ ਦਾਸ ਨੇ ਕਿਹਾ ਕਿ ਗੁਰੂ ਸਾਹਿਬ ਮਹਾਨ ਸੰਤ ਅਤੇ ਸਮਾਜ ਸੁਧਾਰਕ ਸਨ, ਜਿਨ੍ਹਾਂ ਨੇ ਧਰਮ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਗਿਆਨ ਦੀ ਰੌਸ਼ਨੀ ਨਾਲ ਰੌਸ਼ਨ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੱਤਾ। ਆਰਬੀਯੂ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੂਨੀਵਰਸਿਟੀਆਂ ਵਿਚ ਅਜਿਹੇ ਸੈਮੀਨਾਰ ਕਰਵਾਉਣ ਨਾਲ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੋੜਨ ਦਾ ਮੌਕਾ ਮਿਲ ਰਿਹਾ ਹੈ। ਵਾਈਸ ਚਾਂਸਲਰ ਸੰਜੇ ਕੁਮਾਰ ਅਤੇ ਰਜਿਸਟਰਾਰ ਪ੍ਰੋ.ਐੱਲਕੇ ਯਾਦਵ ਨੇ ਵੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅੱਜ ਦੇ ਸਮੇਂ ਵਿਚ ਬਰਾਬਰੀ ਅਤੇ ਮਨੁੱਖੀ ਸਨਮਾਨ ਦੀ ਸਥਾਪਨਾ ਲਈ ਮਹੱਤਵਪੂਰਨ ਦੱਸਦਿਆਂ ਵਿਦਿਆਰਥੀਆਂ ਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਅਪੀਲ ਕੀਤੀ।