ਕਵੀਸ਼ਰੀ ਮੁਕਾਬਲੇ ’ਚ ਖ਼ਾਲਸਾ ਸਕੂਲ ਜੰਡ ਸਾਹਿਬ ਦੀਆਂ ਵਿਦਿਆਰਥਣਾਂ ਰਹੀਆਂ ਅੱਵਲ ਕਵੀਸ਼ਰੀ ਗਾਇਨ ਮੁਕਾਬਲੇ ਵਿਚ ਖ਼ਾਲਸਾ ਸਕੂਲ ਜੰਡ ਸਾਹਿਬ ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤਾ ਪਹਿਲਾ ਸਥਾਨ
Publish Date: Sat, 28 Nov 2026 04:14 PM (IST)
Updated Date: Sat, 28 Nov 2026 04:16 PM (IST)
ਗੁਰਮੁੱਖ ਸਿੰਘ ਸਲਾਹਪੁਰੀ, ਪੰਜਾਬੀ ਜਾਗਰਣ, ਬੇਲਾ ਬਹਿਰਾਮਪੁਰ : ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੀਆਂ ਵਿਦਿਆਰਥਣਾਂ ਨੇ ਅੰਤਰ-ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਵੀਸ਼ਰੀ ਗਾਇਨ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਦੇ ਨਾਲ ਹੀ ਸਕੂਲ ਦੀਆਂ ਲੜਕੀਆਂ ਦੀ ਰੱਸਾ ਕੱਸੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਡਿੰਪਲ ਢਿੱਲੋਂ ਨੇ ਦੱਸਿਆ ਕਿ ਪਿਛਲੇ ਦਿਨੀਂ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵੋਮੈਨ, ਸ੍ਰੀ ਝਾੜ ਸਾਹਿਬ ਵਿਖੇ ਕਾਲਜ ਦੀ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਅਗਵਾਈ ਹੇਠ ਅੰਤਰ-ਸਕੂਲ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਖਾਲਸਾ ਸਕੂਲ ਜੰਡ ਸਾਹਿਬ ਦੀਆਂ ਵਿਦਿਆਰਥਣਾਂ ਪ੍ਰਭਸਿਮਰਨ ਕੌਰ, ਜੈਸਮੀਨ ਕੌਰ ਅਤੇ ਰਵਨੀਤ ਕੌਰ ਨੇ ਕਵੀਸ਼ਰੀ ਗਾਇਨ ਮੁਕਾਬਲੇ ’ਚ ਆਪਣੀ ਕਲਾ, ਸੁਰ, ਲੈਅ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਰਾਹੀਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਦੌਰਾਨ ਸਕੂਲ ਦੀ ਲੜਕੀਆਂ ਦੀ ਰੱਸਾ ਕੱਸੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਲਈ ਇੱਕ ਹੋਰ ਮਾਣਮੱਤੀ ਪ੍ਰਾਪਤੀ ਦਰਜ ਕੀਤੀ। ਇਸ ਮੌਕੇ ਪ੍ਰਿੰਸੀਪਲ ਡਿੰਪਲ ਢਿੱਲੋਂ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ, ਸਾਹਿਤਕ ਅਤੇ ਖੇਡ ਗਤੀਵਿਧੀਆਂ ’ਚ ਵੀ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਗਿਆਨ ਅਤੇ ਹੁਨਰ ’ਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਵਰਗੇ ਮਹੱਤਵਪੂਰਨ ਗੁਣਾਂ ਦਾ ਵਿਕਾਸ ਕਰਦੇ ਹਨ।