ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਯੂਥ ਫੈਸਟੀਵਲ ’ਚ ਮਾਰੀਆਂ ਮੱਲਾਂ
ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਨੈਸ਼ਨਲ ਯੂਥ ਫੈਸਟੀਵਲ ਵਿਚ ਮੱਲਾਂ ਮਾਰੀਆਂ
Publish Date: Mon, 16 Mar 2026 05:30 PM (IST)
Updated Date: Mon, 16 Mar 2026 05:34 PM (IST)

ਗਰੁੱਪ ਸੋਂਗ ’ਚ ਸੋਨ ਤਮਗਾ ਤੇ ਫੋਕ ਆਰਕੈਸਟਰਾ ’ਚ ਚਾਂਦੀ ਦਾ ਤਮਗਾ ਜਿੱਤਿਆ ਪੰਜਾਬੀ ਜਾਗਰਣ ਟੀਮ, ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਚੇਨਈ ਵਿਖੇ ਸਥਿਤ ਸਥਿਆਭਾਮਾ ਇੰਸਟੀਚਿਊਟ ਆਫ ਸਾਇੰਸ ਐਂਡ ਟੈਕਨੋਲੋਜੀ ਵਿਚ ਆਯੋਜਿਤ 39ਵੇਂ ਨੈਸ਼ਨਲ ਇੰਟਰ-ਯੂਨੀਵਰਸਿਟੀ ਯੂਥ ਫੈਸਟੀਵਲ 2026 ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀਆਂ ਮੱਲਾਂ ਮਾਰੀਆਂ ਹਨ। ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਨੁਮਾਇੰਦਗੀ ਕਰਦੇ ਹੋਏ ਇੰਡੀਅਨ ਗਰੁੱਪ ਸੋਂਗ ਵਿਚ ਸੋਨ ਤਮਗਾ ਅਤੇ ਫੋਕ ਆਰਕੈਸਟਰਾ ਵਿਚ ਚਾਂਦੀ ਦਾ ਤਮਗਾ ਜਿੱਤ ਕੇ ਕਾਲਜ ਅਤੇ ਪੰਜਾਬ ਦਾ ਨਾਮ ਦੇਸ਼ ਪੱਧਰ ‘ਤੇ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕਾਲਜ ਪ੍ਰਬੰਧਕੀ ਕਮੇਟੀ ਦੇ ਆਨਰੇਰੀ ਸਕੱਤਰ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਮੁੱਖ ਬੁਲਾਰੇ, ਮੈਬਰ ਅਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰ ਅਜਮੇਰ ਸਿੰਘ ਖੇੜਾ, ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਦਲਜੀਤ ਸਿੰਘ ਭਿੰਡਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸਿੱਖਿਆ ਸੁਖਮਿੰਦਰ ਸਿੰਘ ਨੇ ਕਾਲਜ ਪ੍ਰਿੰਸੀਪਲ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਪੱਧਰ ‘ਤੇ ਪੰਜਾਬੀ ਸਭਿਆਚਾਰ ਦੀ ਸ਼ਾਨਦਾਰ ਝਲਕ ਪੇਸ਼ ਕਰਕੇ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਉਪਲਬਧੀਆਂ ਨੌਜਵਾਨਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਕਾਲਜ ਪ੍ਰਬੰਧਕੀ ਕਮੇਟੀ ਦੇ ਆਨਰੇਰੀ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸੰਸਥਾ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਖਾਲਸਾ ਕਾਲਜ ਹਮੇਸ਼ਾਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸੱਭਿਆਚਾਰਕ ਖੇਤਰ ਵਿਚ ਵੀ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਦਾ ਆ ਰਿਹਾ ਹੈ ਤੇ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸਮੁੱਚੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਬੁਲਾਰੇ ਅਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਅਤੇ ਮਿਹਨਤ ਨਾਲ ਰਾਸ਼ਟਰੀ ਪੱਧਰ ‘ਤੇ ਕਾਮਯਾਬੀ ਹਾਸਲ ਕਰਕੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਨਾਲ ਨੌਜਵਾਨ ਪੀੜ੍ਹੀ ਨੂੰ ਸੱਭਿਆਚਾਰ ਨਾਲ ਜੁੜਨ ਦੀ ਪ੍ਰੇਰਣਾ ਮਿਲਦੀ ਹੈ। ਸਾਰੇ ਆਗੂਆਂ ਨੇ ਕਿਹਾ ਕਿ ਉਮੀਦ ਹੈ ਕਿ ਕਾਲਜ ਦੇ ਵਿਦਿਆਰਥੀ ਭਵਿੱਖ ਵਿਚ ਵੀ ਇਸੇ ਤਰ੍ਹਾਂ ਕਾਮਯਾਬੀਆਂ ਹਾਸਲ ਕਰਦੇ ਰਹਿਣਗੇ ਅਤੇ ਸੰਸਥਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਇਸ ਮੌਕੇ ਕਾਲਜ ਪ੍ਰਿੰਸੀਪਲ ਨੇ ਕਾਲਜ ਦੀ ਸਮੁੱਚੀ ਪ੍ਰਬੰਧਕੀ ਕਮੇਟੀ ਵੱਲੋਂ ਮਿਲ ਰਹੇ ਸਹਿਯੋਗ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਆਖਿਆ ਕਿ ਸੰਗੀਤ ਵਿਭਾਗ ਦੇ ਮੁੱਖੀ ਡਾ. ਜੇਪੀ ਸਿੰਘ ਦੀ ਅਗਵਾਈ ਵਿਚ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਦੀਆਂ ਸਿਰਕੱਢ ਪ੍ਰਾਪਤੀਆਂ ਨੇ ਕਾਲਜ ਦਾ ਨਾਂ ਰਾਸ਼ਟਰੀ ਪੱਧਰ ‘ਤੇ ਹੋਰ ਉੱਚਾ ਕੀਤਾ ਹੈ। ਇਸ ਦੇ ਨਾਲ ਹੀ ਪ੍ਰਿੰਸੀਪਲ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ ਯੂਥ ਵੈਲਫੇਅਰ ਡਿਪਾਰਟਮੈਂਟ ਡਾ. ਭੀਮ ਇੰਦਰ ਸਿੰਘ, ਡਾ. ਡੈਨੀ ਸ਼ਰਮਾ, ਡਾ. ਹਰਿੰਦਰ ਹੁੰਦਲ, ਗੁਰਕੰਵਲ ਸਿੰਘ ਰੂਬਲ ਅਤੇ ਵਿਜੈ ਯਮਲਾ ਦਾ ਟੀਮ ਦੀ ਤਿਆਰੀ ਕਰਵਾਉਣ ਲਈ ਵਿਸ਼ੇਸ਼ ਧੰਨਵਾਦ ਕੀਤਾ।