ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਯੁਵਕ ਤੇ ਲੋਕ ਮੇਲੇ ’ਚ ਗੱਡੇ ਜਿੱਤ ਦੇ ਝੰਡੇ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ-ਖੇਤਰੀ ਯੁਵਕ ਤੇ ਲੋਕ ਮੇਲੇ ਵਿਚ ਜਿੱਤੇ ਸੋਨੇ ਅਤੇ ਚਾਂਦੀ ਦੇ ਤਗਮੇ
Publish Date: Thu, 26 Nov 2026 03:32 PM (IST)
Updated Date: Thu, 26 Nov 2026 03:34 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਏ ਗਏ ਅੰਤਰ-ਖੇਤਰੀ ਯੁਵਕ ਤੇ ਲੋਕ ਮੇਲੇ ’ਚ ਸਰਕਾਰੀ ਕਾਲਜ ਰੂਪਨਗਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਤੇ ਚਾਂਦੀ ਦੇ ਤਗਮੇ ਜਿੱਤ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੇਲੇ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਕਲੇਅ ਮਾਡਲਿੰਗ (ਮਿੱਟੀ ਦੇ ਨਮੂਨੇ ਬਣਾਉਣ) ਤੇ ਮਿੱਟੀ ਦੇ ਖਿਡੌਣੇ ਬਣਾਉਣ ਦੇ ਮੁਕਾਬਲਿਆਂ ’ਚ ਸੋਨੇ ਦੇ ਤਗਮੇ ਹਾਸਲ ਕੀਤੇ, ਜਦਕਿ ਪੱਖੀ ਬੁਣਨ ਤੇ ਰਵਾਇਤੀ ਪਹਿਰਾਵੇ ਦੇ ਮੁਕਾਬਲਿਆਂ ’ਚ ਚਾਂਦੀ ਦੇ ਤਗਮੇ ਜਿੱਤੇ। ਕਾਲਜ ਦੀ ਪ੍ਰਿੰਸੀਪਲ ਗੁਨਜੀਤ ਕੌਰ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਸੋਨੇ ਦੇ ਤਗਮੇ ਜਿੱਤਣ ਵਾਲੇ ਵਿਦਿਆਰਥੀ ਪਵਨ ਕੁਮਾਰ, ਰਵਾਇਤੀ ਪਹਿਰਾਵੇ ਦੇ ਮੁਕਾਬਲੇ ’ਚ ਚਾਂਦੀ ਦਾ ਤਗਮਾ ਹਾਸਲ ਕਰਨ ਵਾਲੇ ਵਿਦਿਆਰਥੀ ਹਰਜੀਤ ਸਿੰਘ ਤੇ ਪੱਖੀ ਬੁਣਨ ਦੇ ਮੁਕਾਬਲੇ ’ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਵਿਦਿਆਰਥਣ ਰਮਨਦੀਪ ਕੌਰ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਪ੍ਰਾਪਤੀ ਲਈ ਕਾਲਜ ਦੇ ਸੱਭਿਆਚਾਰਕ ਤਾਲਮੇਲਕ ਡਾ. ਨਿਰਮਲ ਸਿੰਘ ਬਰਾੜ, ਲਲਿਤ ਕਲਾਵਾਂ ਦੇ ਸਹਿ-ਤਾਲਮੇਲਕ ਤੇ ਕਨਵੀਨਰ ਪ੍ਰੋ. ਅਰਵਿੰਦਰ ਕੌਰ, ਡਾ. ਜਤਿੰਦਰ ਕੁਮਾਰ, ਰਵਾਇਤੀ ਪਹਿਰਾਵਾ ਪ੍ਰਦਰਸ਼ਨੀ ਦੇ ਕਨਵੀਨਰ ਪ੍ਰੋ. ਰਵਨੀਤ ਕੌਰ ਤੇ ਪੱਖੀ ਬੁਣਨ ਦੇ ਕਨਵੀਨਰ ਡਾ. ਨਰਿੰਦਰ ਕੌਰ ਨੂੰ ਵੀ ਮੁਬਾਰਕਬਾਦ ਦਿੱਤੀ। ਇਸ ਮੌਕੇ ਸੱਭਿਆਚਾਰਕ ਤਾਲਮੇਲਕ ਡਾ. ਨਿਰਮਲ ਸਿੰਘ ਬਰਾੜ ਨੇ ਦੱਸਿਆ ਕਿ ਅੰਤਰ-ਖੇਤਰੀ ਯੁਵਕ ਤੇ ਲੋਕ ਮੇਲੇ ’ਚ ਕਾਲਜ ਵੱਲੋਂ 12 ਵੱਖ-ਵੱਖ ਮੁਕਾਬਲਿਆਂ ’ਚ ਭਾਗ ਲਿਆ ਗਿਆ, ਜਿਨ੍ਹਾਂ ’ਚ ਵਿਦਿਆਰਥੀਆਂ ਨੇ ਬਿਹਤਰੀਨ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਕਾਲਜ ਦੇ ਉਪ-ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ, ਕਾਲਜ ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।