ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਵੱਲੋਂ ਅਚਨਚੇਤ ਨਿਰੀਖਣ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਵੱਲੋਂ ਜ਼ਿਲ੍ਹਾ ਹਸਪਤਾਲ ਰੂਪਨਗਰ ਦਾ ਅਚਨਚੇਤ ਨਿਰੀਖਣ
Publish Date: Mon, 02 Nov 2026 05:11 PM (IST)
Updated Date: Mon, 02 Nov 2026 05:14 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ’ਚ ਮਰੀਜ਼ਾਂ ਨੂੰ ਬਿਹਤਰ, ਮਿਆਰੀ ਤੇ ਨਿਰਵਿਘਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਵੱਲੋਂ ਜ਼ਿਲ੍ਹਾ ਹਸਪਤਾਲ ਰੂਪਨਗਰ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਤੇ ਸਿਹਤ ਸੇਵਾਵਾਂ ਨਾਲ ਸਬੰਧਤ ਕੇਂਦਰਾਂ ਦਾ ਦੌਰਾ ਕਰਕੇ ਉੱਥੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਸਿਵਲ ਸਰਜਨ ਵੱਲੋਂ ਜ਼ਿਲ੍ਹਾ ਹਸਪਤਾਲ ਦੇ ਐਮਰਜੈਂਸੀ ਵਾਰਡ, ਕ੍ਰਸਨਾ ਲੈਬੋਰਟਰੀ ਤੇ ਸਿਟੀ ਸਕੈਨ ਸੈਂਟਰ, ਜ਼ਿਲ੍ਹਾ ਹਸਪਤਾਲ ਦੀ ਲੈਬੋਰਟਰੀ ਤੇ ਸਖੀ ਵਨ ਸਟਾਪ ਸੈਂਟਰ ਦਾ ਵਿਸ਼ੇਸ਼ ਤੌਰ ਤੇ ਦੌਰਾ ਕੀਤਾ ਗਿਆ। ਉਨ੍ਹਾਂ ਨੇ ਹਰੇਕ ਵਿਭਾਗ ’ਚ ਉਪਲਬਧ ਸਹੂਲਤਾਂ, ਸਟਾਫ਼ ਦੀ ਕਾਰਜਪ੍ਰਣਾਲੀ ਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਐਮਰਜੈਂਸੀ ਵਾਰਡ ਦੇ ਨਿਰੀਖਣ ਦੌਰਾਨ ਉਨ੍ਹਾਂ ਨੇ ਸਬੰਧਤ ਸਟਾਫ਼ ਨੂੰ ਹਦਾਇਤ ਕੀਤੀ ਕਿ ਐਮਰਜੈਂਸੀ ’ਚ ਆਉਣ ਵਾਲੇ ਮਰੀਜ਼ਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਤੇ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਜਾਵੇ। ਐਮਰਜੈਂਸੀ ਸੇਵਾਵਾਂ ਲਈ ਲੋੜੀਂਦੀਆਂ ਦਵਾਈਆਂ, ਮੈਡੀਕਲ ਉਪਕਰਨ ਤੇ ਹੋਰ ਜ਼ਰੂਰੀ ਸਮੱਗਰੀ ਹਰ ਸਮੇਂ ਉਪਲਬਧ ਰਹਿਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ’ਚ ਮਰੀਜ਼ਾਂ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨ੍ਹਾਂ ਨੇ ਜਾਂਚ ਲਈ ਵਰਤੇ ਜਾਣ ਵਾਲੇ ਉਪਕਰਨਾਂ ਦੀ ਕਾਰਜਸ਼ੀਲਤਾ, ਸਾਂਭ-ਸੰਭਾਲ ਤੇ ਸਫ਼ਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਮੈਡੀਕਲ ਤੇ ਜਾਂਚ ਉਪਕਰਨ ਸਹੀ ਹਾਲਤ ’ਚ ਰੱਖੇ ਜਾਣ ਤੇ ਉਨ੍ਹਾਂ ਦੀ ਸਮੇਂ-ਸਮੇਂ ਤੇ ਲੋੜੀਂਦੀ ਦੇਖਭਾਲ ਤੇ ਸਰਵਿਸਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਜਾਂਚ ਸਬੰਧੀ ਰਿਪੋਰਟਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਇਲਾਜ ਦੀ ਪ੍ਰਕਿਰਿਆ ’ਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਸਿਵਲ ਸਰਜਨ ਵੱਲੋਂ ਸਖੀ ਵਨ ਸਟਾਪ ਸੈਂਟਰ ਦਾ ਵੀ ਨਿਰੀਖਣ ਕੀਤਾ ਗਿਆ ਤੇ ਉੱਥੇ ਮਹਿਲਾਵਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸਬੰਧਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸੈਂਟਰ ’ਚ ਆਉਣ ਵਾਲੀਆਂ ਪੀੜਤ ਮਹਿਲਾਵਾਂ ਨੂੰ ਸੰਵੇਦਨਸ਼ੀਲਤਾ, ਸਤਿਕਾਰ ਤੇ ਗੁਪਤਤਾ ਨੂੰ ਮੁੱਖ ਰੱਖਦਿਆਂ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇ। ਇਸ ਤੋਂ ਇਲਾਵਾ ਸੈਂਟਰ ’ਚ ਸਾਫ਼-ਸਫ਼ਾਈ ਤੇ ਹੋਰ ਬੁਨਿਆਦੀ ਸਹੂਲਤਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਅੰਜਲੀ ਚੌਧਰੀ, ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਉਰਮਿਲ, ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਰੂਪਨਗਰ ਡਾਕਟਰ ਲਵਲੀਨ ਕੌਰ, ਸਟੈਨੋ ਹਰਜਿੰਦਰ ਸਿੰਘ, ਬੀਸੀਸੀ ਕੋ ਆਰਡੀਨੇਟਰ ਸੁਖਜੀਤ ਕੰਬੋਜ, ਅਜੇ ਕੁਮਾਰ, ਅਮਨਦੀਪ ਤੇ ਹਸਪਤਾਲ ਦੇ ਸਟਾਫ ਮੈਂਬਰ ਮੌਜੂਦ ਸਨ।