ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਵਿਖੇ ਮੈਡੀਕਲ ਸਟੋਰਾਂ ਦੀ ਅਚਨਚੇਤ ਜਾਂਚ ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਵਿਖੇ ਮੈਡੀਕਲ ਸਟੋਰਾਂ ਦੀ ਅਚਨਚੇਤ ਜਾਂਚ
Publish Date: Sat, 24 Oct 2026 04:50 PM (IST)
Updated Date: Sat, 24 Oct 2026 04:52 PM (IST)
ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਡਰੱਗ ਵਿਭਾਗ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਦੀ ਅਗਵਾਈ ਤਹਿਤ ਡਰੱਗ ਇੰਸਪੈਕਟਰ ਹਰਪ੍ਰੀਤ ਕੌਰ ਵੱਲੋਂ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਖੇਤਰਾਂ ਵਿਚ ਪੈਂਦੇ ਮੈਡੀਕਲ ਸਟੋਰਾਂ ਦੀ ਅਚਨਚੇਤ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਰੱਗ ਇੰਸਪੈਕਟਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਦੇ ਮਾਮਲੇ ਵਿਚ ਸੰਵੇਦਨਸ਼ੀਲ ਥਾਵਾਂ ਵਜੋਂ ਨਿਸ਼ਾਨਦੇਹੀ ਕੀਤੇ ਗਏ ਖੇਤਰਾਂ ਦੇ ਆਲੇ-ਦੁਆਲੇ ਸਥਿਤ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ। ਇਸ ਜਾਂਚ ਦਾ ਮੁੱਖ ਉਦੇਸ਼ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣਾ ਅਤੇ ਦਵਾਈਆਂ ਦੀ ਵਿਕਰੀ ਸਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਸੀ। ਉਨ੍ਹਾਂ ਦੱਸਿਆ ਕਿ ਮੈਡੀਕਲ ਸਟੋਰਾਂ ਦੀ ਜਾਂਚ ਦੌਰਾਨ ਕੋਈ ਵੀ ਪਾਬੰਦੀਸ਼ੁਦਾ ਦਵਾਈ ਬਰਾਮਦ ਨਹੀਂ ਹੋਈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਵਾਸਤੇ ਵਿਭਾਗ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਡਰੱਗ ਵਿਭਾਗ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਜਾਂਚ ਮੁਹਿੰਮ ਭਵਿੱਖ ਵਿਚ ਵੀ ਲਗਾਤਾਰ ਜਾਰੀ ਰਹੇਗੀ। ਜੇਕਰ ਕੋਈ ਮੈਡੀਕਲ ਸਟੋਰ ਸੰਚਾਲਕ ਨਿਯਮਾਂ ਦੀ ਉਲੰਘਣਾ ਕਰਦਿਆਂ ਅਜਿਹੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਵਿਭਾਗ ਨੇ ਮੈਡੀਕਲ ਸਟੋਰ ਸੰਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਦਵਾਈਆਂ ਦੀ ਵਿਕਰੀ ਸਬੰਧੀ ਸਾਰੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿਚ ਪ੍ਰਸ਼ਾਸਨ ਦਾ ਸਹਿਯੋਗ ਦੇਣ।