ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਰੂਪਨਗਰ ਦਾ ਅਚਨਚੇਤ ਦੌਰਾ
Publish Date: Thu, 12 Nov 2026 05:41 PM (IST)
Updated Date: Thu, 12 Nov 2026 05:42 PM (IST)
ਸਫ਼ਾਈ ਪ੍ਰਬੰਧਾਂ ਤੇ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ : ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਵੱਲੋਂ ਸਿਵਲ ਹਸਪਤਾਲ ਦਾ ਦੌਰਾ ਕਰਕੇ ਵੱਖ-ਵੱਖ ਵਿਭਾਗਾਂ ਤੇ ਵਾਰਡਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਵਿਚ ਸਫ਼ਾਈ ਪ੍ਰਬੰਧਾਂ, ਰਿਕਾਰਡ ਰੱਖ-ਰਖਾਅ ਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਸਿਵਲ ਸਰਜਨ ਵੱਲੋਂ ਓਪੀਡੀ. (ਆਊਟ ਪੇਸ਼ੈਂਟ ਵਿਭਾਗ), ਆਈਪੀਡੀ. (ਇਨਡੋਰ ਮਰੀਜ਼ ਵਿਭਾਗ), ਟੀਬੀ. ਵਿਭਾਗ ਤੇ ਵੱਖ-ਵੱਖ ਵਾਰਡਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਨੇ ਸਬੰਧਤ ਸਟਾਫ਼ ਤੋਂ ਮਰੀਜ਼ਾਂ ਦੀ ਗਿਣਤੀ, ਇਲਾਜ ਸਬੰਧੀ ਪ੍ਰਬੰਧਾਂ ਤੇ ਵਿਭਾਗਾਂ ਵਿੱਚ ਰੱਖੇ ਜਾ ਰਹੇ ਰਿਕਾਰਡ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਹਸਪਤਾਲ ਵਿਚ ਮਰੀਜ਼ਾਂ ਦੀਆਂ ਰਜਿਸਟ੍ਰੇਸ਼ਨ ਪ੍ਰਕਿਰਿਆਵਾਂ, ਮੈਡੀਕਲ ਰਿਕਾਰਡ ਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ। ਸਿਵਲ ਸਰਜਨ ਨੇ ਟੀਬੀ. ਵਿਭਾਗ ਦਾ ਵਿਸ਼ੇਸ਼ ਤੌਰ ਤੇ ਨਿਰੀਖਣ ਕਰਦਿਆਂ ਟੀਬੀ. ਦੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ, ਇਲਾਜ ਦੀ ਪ੍ਰਗਤੀ ਤੇ ਰਿਕਾਰਡ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਟੀਬੀ. ਦੇ ਖਾਤਮੇ ਲਈ ਮਰੀਜ਼ਾਂ ਦੀ ਸਮੇਂ ਸਿਰ ਪਛਾਣ, ਜਾਂਚ ਤੇ ਪੂਰਾ ਇਲਾਜ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਇਸ ਲਈ ਸਿਹਤ ਕਰਮਚਾਰੀ ਮਰੀਜ਼ਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਤੇ ਉਨ੍ਹਾਂ ਨੂੰ ਇਲਾਜ ਪੂਰਾ ਕਰਨ ਲਈ ਪ੍ਰੇਰਿਤ ਕਰਨ। ਇਸ ਮੌਕੇ ਡਾ. ਵਿਵੇਕ ਕਟਾਰੀਆ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਸਾਫ਼-ਸਫ਼ਾਈ, ਮਰੀਜ਼ਾਂ ਦੀ ਸਹੂਲਤ ਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਹਸਪਤਾਲ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਦੇ ਸਾਰੇ ਵਾਰਡਾਂ, ਪਖਾਨਿਆਂ ਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤੇ ਸਾਰਾ ਰਿਕਾਰਡ ਨਿਯਮਾਂ ਅਨੁਸਾਰ ਅਪਡੇਟ ਰੱਖਿਆ ਜਾਵੇ। ਇਸ ਮੌਕੇ ਉਨਾਂ ਨੇ ਡਾਕਟਰ ਉਰਮਿਲ ਡਿਪਟੀ ਮੈਡੀਕਲ ਕਮਿਸ਼ਨਰ ਤੇ ਡਾਕਟਰ ਲਵਲੀਨ ਕੌਰ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਸਿਵਿਲ ਹਸਪਤਾਲ ਰੂਪਨਗਰ ਨੂੰ ਕਿਹਾ ਕੀ ਆਪਣੇ ਅਧੀਨ ਆਉਂਦੇ ਮੈਡੀਕਲ ਤੇ ਪੈਰਾਮੈਡੀਕਲ ਸਟਾਫ ਨੂੰ ਨਿਰਦੇਸ਼ ਦਿੱਤੇ ਜਾਣ ਕਿ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਨਾਲ ਨਿਮਰਤਾ ਤੇ ਸਤਿਕਾਰ ਨਾਲ ਪੇਸ਼ ਆਇਆ ਜਾਵੇ ਤੇ ਉਨ੍ਹਾਂ ਨੂੰ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ ਵਿਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਹਰਜਿੰਦਰ ਸਿੰਘ ਪੀਏ ,ਸਾਗਰ ਸੈਣੀ ਤੇ ਹੋਰ ਸਟਾਫ ਹਾਜ਼ਰ ਸੀ।