ਪਰਮਜੀਤ ਕੌਰ, ਚਮਕੌਰ ਸਾਹਿਬ : ਚਮਕੌਰ ਸਾਹਿਬ ਬਲਾਕ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿੱਚ ਸਵੱਛ ਭਾਰਤ ਮੁਹਿੰਮ ਅਤੇ ਕਲੀਨ ਇੰਡੀਆ ਕੰਪੇਨ ਤਹਿਤ ਸਫ਼ਾਈ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਹਸਪਤਾਲ ਚਮਕੌਰ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸੀ.ਪੀ. ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਚਮਕੌਰ ਸਾਹਿਬ ਅਧੀਨ ਸਮੂਹ ਆਸ਼ਾ ਵਰਕਰਜ਼ ਵੱਲੋਂ ਇਸ ਮੁਹਿੰਮ ਤਹਿਤ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਵੱਖ-ਵੱਖ ਪਿੰਡਾਂ ਵਿੱਚ ਸਫ਼ਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਉਨਾਂ੍ਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਅਤੇ ਆਪਣੇ ਆਸ-ਪਾਸ ਪਾਣੀ ਨਾ ਖੜਾ ਹੋਣ ਦੇਣ, ਕਿਉਂਕਿ ਖੜੇ ਪਾਣੀ ਵਿੱਚ ਮੱਛਰ ਦਾ ਲਾਰਵਾ ਪੈਦਾ ਹੋਣ ਨਾਲ ਡੈਂਗੂ ਫੈਲਣ ਦਾ ਖਤਰਾ ਰਹਿੰਦਾ ਹੈ। ਉਨਾਂ੍ਹ ਕਿਹਾ ਕਿ ਸਵੱਛ ਭਾਰਤ ਮੁਹਿੰਮ ਤਹਿਤ ਸਾਡਾ ਸਭ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖ ਕੇ ਆਪਣੀ ਸਿਹਤ ਨੂੰ ਤੰਦਰੁਸਤ ਰੱਖੀਏ। ਉਨਾਂ੍ਹ ਕਿਹਾ ਕਿ ਸਮੇਂ-ਸਮੇਂ ਸਿਰ ਇਲਾਕੇ ਦੇ ਲੋਕਾਂ ਨੂੰ ਸਵੱਛਤਾ ਅਭਿਆਨ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ।