ਤਰੁਨਪ੍ਰੀਤ ਸਿੰਘ ਸੌਂਦ ਦਾ ਵੱਡਾ ਬਿਆਨ, ਜਦੋਂ ‘ਧੁਰੰਧਰ' ਨੂੰ ਕਲੀਅਰੈਂਸ ਮਿਲ ਸਕਦੀ ਹੈ ਤਾਂ 'ਸਤਲੁੱਜ' ਨੂੰ ਕਿਉਂ ਨਹੀਂ, ਫਿਲਮ ਨੂੰ ਓਟੀਟੀ ਤੋਂ ਹਟਾਉਣ ਦੀ ਕੀਤੀ ਨਿਖੇਧੀ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ 'ਧੁਰੰਧਰ' ਵਰਗੀ ਫਿਲਮ ਨੂੰ ਮਨਜ਼ੂਰੀ ਦੇ ਸਕਦੀ ਹੈ ਤਾਂ ਪੰਜਾਬੀ ਗਾਇਕ ਦਲਜੀਤ ਦੁਸਾਂਝ ਦੀ ਫਿਲਮ 'ਸਤਲੁੱਜ' ਨਾਲ ਵੱਖਰਾ ਵਤੀਰਾ ਕਿਉਂ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਿਲਮ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਉਣਾ ਵੀ ਮੰਦਭਾਗਾ ਹੈ ਅਤੇ ਆਮ ਆਦਮੀ ਪਾਰਟੀ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ।
Publish Date: Tue, 07 Jul 2026 09:30 AM (IST)
Updated Date: Tue, 07 Jul 2026 09:33 AM (IST)
ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ 'ਧੁਰੰਧਰ' ਵਰਗੀ ਫਿਲਮ ਨੂੰ ਮਨਜ਼ੂਰੀ ਦੇ ਸਕਦੀ ਹੈ ਤਾਂ ਪੰਜਾਬੀ ਗਾਇਕ ਦਲਜੀਤ ਦੁਸਾਂਝ ਦੀ ਫਿਲਮ 'ਸਤਲੁੱਜ' ਨਾਲ ਵੱਖਰਾ ਵਤੀਰਾ ਕਿਉਂ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਿਲਮ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਉਣਾ ਵੀ ਮੰਦਭਾਗਾ ਹੈ ਅਤੇ ਆਮ ਆਦਮੀ ਪਾਰਟੀ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ।
'ਸਤਲੁੱਜ' ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ
ਰੂਪਨਗਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦੇ ਅਹੁਦਾ ਸੰਭਾਲ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੌਂਦ ਨੇ ਕਿਹਾ ਕਿ ਫਿਲਮ 'ਸਤਲੁੱਜ' ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ, ਜਿਸ ਵਿੱਚ ਉਸ ਸਮੇਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਫਿਲਮ ਨੂੰ ਰੋਕਣਾ ਠੀਕ ਨਹੀਂ।
ਸੂਬੇ ਵਿੱਚ ਇਸ ਵੇਲੇ ਕੋਈ ਬਿਜਲੀ ਕੱਟ ਨਹੀਂ : ਸੌਂਦ
ਬਿਜਲੀ ਸਪਲਾਈ ਬਾਰੇ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਕੋਈ ਬਿਜਲੀ ਕੱਟ ਨਹੀਂ ਲੱਗ ਰਿਹਾ। ਉਨ੍ਹਾਂ ਦੱਸਿਆ ਕਿ 26 ਤੋਂ 28 ਜੂਨ ਤੱਕ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਵੱਧ ਹੋਣ ਕਾਰਨ ਤਿੰਨ ਦਿਨ ਕੁਝ ਕੱਟ ਲਗਾਏ ਗਏ ਸਨ, ਪਰ ਹੁਣ ਕਿਸਾਨਾਂ ਨੂੰ 18 ਘੰਟਿਆਂ ਤੋਂ ਵੱਧ ਬਿਜਲੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਨਰੇਗਾ ਮੁਲਾਜ਼ਮਾਂ ਨਾਲ 7 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਸਕਾਰਾਤਮਕ ਨਤੀਜੇ ਆਉਣ ਦੀ ਉਮੀਦ ਹੈ। ਰੂਪਨਗਰ ਥਰਮਲ ਪਲਾਂਟ ਦੇ ਕੱਚੇ ਕਾਮਿਆਂ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਸਰਕਾਰੀ ਪ੍ਰਣਾਲੀ ਵਿੱਚ ਲਿਆਉਣ ਦੀ ਪ੍ਰਕਿਰਿਆ 'ਤੇ ਕੰਮ ਕਰ ਰਹੀ ਹੈ।
ਇਸ ਤੋਂ ਇਲਾਵਾ ਪਿੰਡਾਂ ਵਿੱਚ ਖੇਡ ਸਟੇਡੀਅਮ, ਛੱਪੜਾਂ ਦੀ ਸਫ਼ਾਈ ਅਤੇ ਰੁੱਖ ਲਗਾਉਣ ਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਦਿਨੇਸ਼ ਚੱਢਾ, ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਸਤਿੰਦਰ ਕੌਰ ਸਮੇਤ ਹੋਰ ਆਗੂ ਵੀ ਹਾਜ਼ਰ ਸਨ।