ਪੀਐਮ ਕੇਅਰਜ਼ ਸਕੀਮ ਤਹਿਤ ਰਜਿਸਟਰਡ ਬੱਚੇ ਦੇ ਜਨਮ ਦਿਨ ਮੌਕੇ ਏਡੀਸੀ ਨੇ ਕੇਕ ਕੱਟਿਆ ਪੀਐਮ ਕੇਅਰਜ਼ ਸਕੀਮ ਤਹਿਤ ਰਜਿਸਟਰਡ ਬੱਚੇ ਦੇ ਜਨਮ ਦਿਨ ਮੌਕੇ ਏਡੀਸੀ ਨੇ ਕੇਕ ਕੱਟਿਆ
Publish Date: Thu, 05 Nov 2026 04:32 PM (IST)
Updated Date: Thu, 05 Nov 2026 04:32 PM (IST)
ਬੱਚੇ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਪੜ੍ਹਾਈ ਤੇ ਉੱਜਵਲ ਭਵਿੱਖ ਲਈ ਕੀਤਾ ਪ੍ਰੇਰਿਤ, ਤੋਹਫ਼ਾ ਵੀ ਭੇਟ ਕੀਤਾ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਕੋਵਿਡ-19 ਮਹਾਮਾਰੀ ਦੌਰਾਨ ਆਪਣੇ ਮਾਤਾ-ਪਿਤਾ ਦੋਵਾਂ ਨੂੰ ਗੁਆਉਣ ਵਾਲੇ ਬੱਚਿਆਂ ਨੂੰ ਭਾਵਨਾਤਮਕ ਸਹਾਰਾ ਦੇਣ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਪੀ.ਐਮ. ਕੇਅਰਜ਼ ਫਾਰ ਚਿਲਡਰਨ ਸਕੀਮ ਚਲਾਈ ਜਾ ਰਹੀ ਹੈ। ਇਸ ਸਕੀਮ ਤਹਿਤ ਪ੍ਰਭਾਵਿਤ ਬੱਚਿਆਂ ਨੂੰ ਸਿੱਖਿਆ, ਆਰਥਿਕ ਸਹਾਇਤਾ ਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਉਹ ਮੁਸ਼ਕਲ ਹਾਲਾਤਾਂ ਦੇ ਬਾਵਜੂਦ ਆਪਣੀ ਜ਼ਿੰਦਗੀ ’ਚ ਅੱਗੇ ਵਧ ਸਕਣ ਤੇ ਇੱਕ ਬਿਹਤਰ ਭਵਿੱਖ ਦਾ ਨਿਰਮਾਣ ਕਰ ਸਕਣ। ਇਸ ਸਕੀਮ ਤਹਿਤ ਜ਼ਿਲ੍ਹਾ ਰੂਪਨਗਰ ਦੇ ਪਿੰਡ ਨਾਲ ਸਬੰਧਤ ਨਵਤੇਜ਼ ਸਿੰਘ ਵੀ ਰਜਿਸਟਰਡ ਹੈ। ਸਕੀਮ ਦੀਆਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਜਿਹੇ ਬੱਚਿਆਂ ਦੀ ਸਮੇਂ-ਸਮੇਂ ’ਤੇ ਹੌਸਲਾ-ਅਫ਼ਜ਼ਾਈ ਕਰਨਾ ਤੇ ਉਨ੍ਹਾਂ ਨਾਲ ਨਿੱਜੀ ਤੌਰ ’ਤੇ ਸੰਪਰਕ ਬਣਾਈ ਰੱਖਣਾ ਬੇਹੱਦ ਮਹੱਤਵਪੂਰਨ ਹੈ ਤਾਂ ਜੋ ਬੱਚਿਆਂ ਨੂੰ ਇਕੱਲੇਪਣ ਦਾ ਅਹਿਸਾਸ ਨਾ ਹੋਵੇ ਤੇ ਉਹ ਆਪਣੇ ਆਪ ਨੂੰ ਸਮਾਜ ਤੇ ਪ੍ਰਸ਼ਾਸਨ ਦਾ ਹਿੱਸਾ ਮਹਿਸੂਸ ਕਰ ਸਕਣ। ਇਸੇ ਉਦੇਸ਼ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਸਾਲ ’ਚ ਘੱਟੋ-ਘੱਟ ਇੱਕ ਵਾਰ ਅਜਿਹੇ ਬੱਚਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਭਲਾਈ ਤੇ ਤਰੱਕੀ ਸਬੰਧੀ ਜਾਣਕਾਰੀ ਹਾਸਲ ਕੀਤੀ ਜਾਂਦੀ ਹੈ। ਇਸੇ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਡਾ. ਅਕਸ਼ਿਤਾ ਗੁਪਤਾ ਵੱਲੋਂ ਨਵਤੇਜ਼ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਬੱਚੇ ਨਾਲ ਖੁਸ਼ੀ ਦੇ ਪਲ ਸਾਂਝੇ ਕਰਦਿਆਂ ਕੇਕ ਕੱਟ ਕੇ ਉਸ ਦਾ ਜਨਮਦਿਨ ਮਨਾਇਆ ਤੇ ਉਸ ਨੂੰ ਪਿਆਰ ਭਰਿਆ ਤੋਹਫ਼ਾ ਵੀ ਭੇਟ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬੱਚੇ ਨਾਲ ਗੱਲਬਾਤ ਕਰਦਿਆਂ ਉਸ ਦੀ ਪੜ੍ਹਾਈ, ਸਿਹਤ ਤੇ ਰੋਜ਼ਾਨਾ ਜੀਵਨ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ। ਡਾ. ਅਕਸ਼ਿਤਾ ਗੁਪਤਾ ਨੇ ਬੱਚੇ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਸ ਨੂੰ ਮਨ ਲਗਾ ਕੇ ਪੜ੍ਹਾਈ ਕਰਨ, ਆਪਣੇ ਟੀਚੇ ਨਿਰਧਾਰਤ ਕਰਨ ਤੇ ਪੂਰੀ ਮਿਹਨਤ ਤੇ ਲਗਨ ਨਾਲ ਜ਼ਿੰਦਗੀ ’ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜ਼ਿੰਦਗੀ ’ਚ ਆਉਣ ਵਾਲੀਆਂ ਮੁਸ਼ਕਲਾਂ ਦਾ ਹੌਸਲੇ ਨਾਲ ਸਾਹਮਣਾ ਕਰਦਿਆਂ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਿਰੰਤਰ ਯਤਨ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਬੱਚੇ ਦੇ ਉੱਜਵਲ ਤੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਜਿਹੇ ਬੱਚਿਆਂ ਦੀ ਭਲਾਈ, ਸੁਰੱਖਿਆ, ਸਿੱਖਿਆ ਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪੀ.ਐਮ. ਕੇਅਰਜ਼ ਸਕੀਮ ਤਹਿਤ ਯੋਗ ਬੱਚਿਆਂ ਨੂੰ ਪੜ੍ਹਾਈ ਤੇ ਪਾਲਣ-ਪੋਸ਼ਣ ਲਈ ਸਪਾਂਸਰਸ਼ਿਪ ਸਕੀਮ ਅਧੀਨ 4,000 ਰੁਪਏ ਪ੍ਰਤੀ ਮਹੀਨਾ, ਐਕਸ-ਗ੍ਰੇਸ਼ੀਆ ਗਰਾਂਟ, ਉੱਚ ਸਿੱਖਿਆ ਲਈ 20,000 ਰੁਪਏ ਦੀ ਗਰਾਂਟ, ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਤੇ 1,500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਸਮੇਤ ਵੱਖ-ਵੱਖ ਲਾਭ ਮੁਹੱਈਆ ਕਰਵਾਏ ਜਾਂਦੇ ਹਨ ਤਾਂ ਜੋ ਬੱਚਿਆਂ ਦੀ ਸਿੱਖਿਆ ’ਚ ਕੋਈ ਰੁਕਾਵਟ ਨਾ ਆਵੇ ਤੇ ਉਹ ਆਤਮ-ਵਿਸ਼ਵਾਸ ਨਾਲ ਆਪਣੀ ਜ਼ਿੰਦਗੀ ਅੱਗੇ ਵਧਾ ਸਕਣ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਜਿੰਦਰ ਕੌਰ ਤੇ ਵਿਭਾਗ ਦਾ ਸਮੂਹ ਸਟਾਫ਼ ਵੀ ਮੌਜੂਦ ਸੀ।