ਨਗਾਰਿਆਂ ਦੀ ਚੋਟ ਨਾਲ ਹੋਈ ਹੋਲੇ ਮਹੱਲੇ ਦੀ ਆਰੰਭਤਾ
ਨਗਾਰਿਆਂ ਦੀ ਚੋਟ ਨਾਲ ਹੋਈ ਹੋਲੇ ਮਹੱਲੇ ਦੀ ਆਰੰਭਤਾ
Publish Date: Fri, 27 Feb 2026 06:32 PM (IST)
Updated Date: Fri, 27 Feb 2026 06:34 PM (IST)

ਚਾਰ ਮਾਰਚ ਤੱਕ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾਵੇਗਾ ਹੋਲਾ ਮਹੱਲਾ ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ਼੍ਰੀ ਅਨੰਦਪੁਰ ਸਾਹਿਬ : ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਖਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੂਰੀਆਂ ਧਾਰਮਿਕ ਰਹੁ ਰੀਤਾਂ ਅਨੁਸਾਰ ਮਨਾਇਆ ਜਾ ਰਿਹਾ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲੇ ਮਹੱਲੇ ਦੀ ਆਰੰਭਤਾ ਗੁਰਦੁਆਰਾ ਕਿਲ੍ਹਾਂ ਅਨੰਦਗੜ੍ਹ ਸਾਹਿਬ ਵਿਖੇ ਬੀਤੀ ਰਾਤ 12 ਵਜੇ ਬੜੀ ਸ਼ਾਨੋ ਸ਼ੌਕਤ ਨਾਲ ਨਗਾਰਿਆਂ ਦੀ ਚੋਟ ਅਤੇ ਜੈਕਾਰਿਆਂ ਦੀ ਗੂੰਜ ਵਿਚ ਪੁਰਾਤਨ ਰਵਾਇਤਾਂ ਅਨੁਸਾਰ ਕੀਤੀ ਗਈ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਗੁਰਦੁਆਰਾ ਕਿਲ੍ਹਾਂ ਅਨੰਦਗੜ੍ਹ ਸਾਹਿਬ ਵਿਖੇ ਰਾਤ ਦੇ ਦੀਵਾਨ ਸਜਾਏ ਗਏ, ਜਿੱਥੇ ਗੁਰੂ ਘਰ ਦੇ ਕੀਰਤਨੀਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਜੈਕਾਰਿਆਂ ਦੀ ਗੂੰਜ ਅਤੇ ਨਗਾਰਿਆਂ ਦੀ ਧੁਨ ਨਾਲ ਪੂਰਾ ਮਾਹੌਲ ਖਾਲਸਾਈ ਰੰਗ ਵਿਚ ਰੰਗਿਆ ਹੋਇਆ ਦਿੱਖਾਈ ਦਿੱਤਾ। ਹੋਲਾ ਮਹੱਲਾ ਦੇ ਰਸਮੀ ਆਗਾਜ਼ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੋਲਾ, ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਕਾਰ ਸੇਵਾ ਭੂਰੀ ਵਾਲਿਆਂ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਕਸ਼ਮੀਰ ਸਿੰਘ, ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ, ਗੁਰਦੁਆਰਾ ਸ਼ਹੀਦੀ ਬਾਗ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਗੁਰਦੇਵ ਸਿੰਘ, ਸ਼੍ਰੋਮਣੀ ਕਮੇਟੀ ਦੀ ਐਗਜੈਕਟਿਵ ਕਮੇਟੀ ਦੇ ਮੈਂਬਰ ਡਾਕਟਰ ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਅਤੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਸਮੇਤ ਹੋਰ ਸ਼ਖਸੀਅਤਾਂ ਹਾਜ਼ਰ ਸਨ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰਾਂ ਅਤੇ ਸੰਤ ਮਹਾਂਪੁਰਸ਼ਾਂ ਵੱਲੋਂ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਅਪੀਲ ਕੀਤੀ ਗਈ ਕਿ ਸੰਗਤਾਂ ਵੱਡੀ ਗਿਣਤੀ ਵਿਚ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਹੋਲਾ ਮਹੱਲਾ ਖਾਲਸਾਈ ਰਵਾਇਤਾਂ ਅਨੁਸਾਰ ਮਨਾਉਣ। ਪੁਰਾਤਨ ਰਵਾਇਤ ਮੁਤਾਬਕ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੂੰ ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਧਨੋਲਾ ਅਤੇ ਹਾਜ਼ਰ ਸਮੂਹ ਸ਼ਖਸੀਅਤਾਂ ਵੱਲੋਂ ਦਸਤਾਰਬੰਦੀ ਕਰਕੇ ਸਨਮਾਨਿਤ ਵੀ ਕੀਤਾ ਗਿਆ। ਹੋਲੇ ਮਹੱਲੇ ਦੀ ਆਰੰਭਤਾ ਦੀ ਅਰਦਾਸ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ। ਇਸ ਤੋਂ ਬਾਅਦ ਸਮੂਹ ਸੰਤ ਮਹਾਂਪੁਰਸ਼ਾਂ ਵੱਲੋਂ ਪੁਰਾਤਨ ਨਗਾਰਿਆਂ ਉੱਤੇ ਚੋਟ ਲਗਾ ਕੇ ਜੈਕਾਰਿਆਂ ਦੀ ਗੂੰਜ ਵਿਚ ਤਿਉਹਾਰ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਨ ਵੱਲੋਂ ਐਸ ਡੀ ਐਮ ਕਮ ਮੇਲਾ ਅਫਸਰ ਸੁਖਪਾਲ ਸਿੰਘ, ਬਾਬਾ ਤੀਰਥ ਸਿੰਘ, ਬਾਬਾ ਜਰਨੈਲ ਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਰਹੀਆਂ। ਪੂਰਾ ਇਲਾਕਾ ਖਾਲਸਾਈ ਰੂਹਾਨੀਅਤ ਅਤੇ ਜੋਸ਼ ਨਾਲ ਗੂੰਜਦਾ ਨਜ਼ਰ ਆਇਆ।