- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਲਜ਼ਾਰ ਸਿੰਘ ਅਤੇ ਬਿਕਰਮਜੀਤ ਸਿੰਘ ਦੇ ਮਾਮਲਿਆਂ ਦੀ ਜਾਂਚ ਵੀ ਸੀਬੀਆਈ ਨੂੰ ਸੌਂਪੀ ਜਾਵੇ: ਅਜੈਵੀਰ ਸਿੰਘ ਲਾਲਪੁਰਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਨੇ ਪੰਜਾਬ ’ਚ ਨਸ਼ਿਆਂ ਦੇ ਗੰਭੀਰ ਮਸਲੇ ਅਤੇ ਨਸ਼ਿਆਂ ਨਾਲ ਸਬੰਧਤ ਮਾਮਲਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਮੰਗ ਕੀਤੀ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਦੀ ਤਰ੍ਹਾਂ ਸੰਗਰੂਰ ਦੇ ਗੁਲਜ਼ਾਰ ਸਿੰਘ ਅਤੇ ਬਟਾਲਾ ਦੇ ਬਿਕਰਮਜੀਤ ਸਿੰਘ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਵੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪੀ ਜਾਵੇ, ਤਾਂ ਜੋ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ ਅਤੇ ਸੱਚਾਈ ਸਾਹਮਣੇ ਆ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦਾ ਮੁੱਦਾ ਸਿਰਫ਼ ਸਿਆਸੀ ਬਹਿਸ ਤੱਕ ਸੀਮਤ ਨਹੀਂ ਹੈ, ਸਗੋਂ ਇਹ ਪੰਜਾਬ ਦੀ ਨੌਜਵਾਨ ਪੀੜ੍ਹੀ, ਪਰਿਵਾਰਾਂ ਅਤੇ ਸੂਬੇ ਦੇ ਭਵਿੱਖ ਨਾਲ ਜੁੜਿਆ ਹੋਇਆ ਗੰਭੀਰ ਮਸਲਾ ਹੈ। ਉਨ੍ਹਾਂ ਕਿਹਾਕ ਨਸ਼ਿਆਂ ਕਾਰਨ ਕਈ ਪਰਿਵਾਰ ਉਜੜ ਰਹੇ ਹਨ ਅਤੇ ਮਾਪਿਆਂ ਦੇ ਸੁਪਨੇ ਟੁੱਟ ਰਹੇ ਹਨ। ਅਜਿਹੇ ਹਾਲਾਤ ’ਚ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਹਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਠੋਸ ਕਦਮ ਚੁੱਕੇ।
ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਮਾਮਲੇ ’ਚ ਸੀਬੀਆਈ ਜਾਂਚ ਸ਼ੁਰੂ ਹੋਣ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ ਹੁਣ ਗੁਲਜ਼ਾਰ ਸਿੰਘ ਅਤੇ ਬਿਕਰਮਜੀਤ ਸਿੰਘ ਦੇ ਮਾਮਲਿਆਂ ਦੀ ਵੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਜੇਕਰ ਪੰਜਾਬ ਸਰਕਾਰ ਇਨ੍ਹਾਂ ਮਾਮਲਿਆਂ ’ਚ ਜਾਂਚ ਸੀਬੀਆਈ ਨੂੰ ਨਹੀਂ ਸੌਂਪਦੀ, ਤਾਂ ਭਾਜਪਾ ਵੱਲੋਂ ਨਿਆਂ ਪ੍ਰਾਪਤੀ ਲਈ ਕਾਨੂੰਨੀ ਰਾਹ ਅਖਤਿਆਰ ਕਰਨ ਦੀ ਸੰਭਾਵਨਾ ’ਤੇ ਵੀ ਵਿਚਾਰ ਕੀਤਾ ਜਾਵੇਗਾ।
ਲਾਲਪੁਰਾ ਨੇ ਕਿਹਾ ਕਿ ਪੰਜਾਬ ਦੇ ਵੱਖ ਵੱਖ ਇਲਾਕਿਆਂ ’ਚ ਨਸ਼ਾ ਤਸਕਰੀ ਦੇ ਨੈੱਟਵਰਕ ਅਤੇ ਇਸ ਨੂੰ ਮਿਲਣ ਵਾਲੀ ਕਥਿਤ ਸਿਆਸੀ ਤੇ ਪ੍ਰਸ਼ਾਸਨਿਕ ਸਰਪ੍ਰਸਤੀ ਬਾਰੇ ਉੱਠ ਰਹੇ ਸਵਾਲਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਜਾਂਚ ਦਾ ਮਕਸਦ ਸਿਰਫ਼ ਛੋਟੇ ਤਸਕਰਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਜੇਕਰ ਕਿਸੇ ਵੀ ਪੱਧਰ ’ਤੇ ਨਸ਼ਾ ਮਾਫੀਆ ਨੂੰ ਸਹਿਯੋਗ ਦੇਣ ਦੇ ਸਬੂਤ ਮਿਲਦੇ ਹਨ, ਤਾਂ ਸਬੰਧਤ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ’ਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਸਾਂਝਾ ਕਰਨਾ ਇਸ ਗੱਲ ਦਾ ਸੰਕੇਤ ਹੈ ਕਿ ਨਸ਼ਿਆਂ ਦਾ ਮਸਲਾ ਸਿਰਫ਼ ਸਿਆਸੀ ਬਿਆਨਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ। ਪੀੜਤ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣਨਾ, ਉਨ੍ਹਾਂ ਨੂੰ ਇਨਸਾਫ਼ ਦਿਵਾਉਣਾ ਅਤੇ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨਾ ਸਮੇਂ ਦੀ ਮੁੱਖ ਲੋੜ ਹੈ।