- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੂਪਨਗਰ, ਨੰਗਲ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਹਰ ਰੋਜ਼ ਲਗਪਗ ਹਜਾਰਾਂ ਲੋਕ ਰੁਜ਼ਗਾਰ, ਕਾਰੋਬਾਰ, ਉਦਯੋਗਿਕ ਕੰਮਾਂ, ਸਿੱਖਿਆ ਅਤੇ ਹੋਰ ਜ਼ਰੂਰੀ ਕਾਰਜਾਂ ਲਈ ਹਿਮਾਚਲ ਪ੍ਰਦੇਸ਼ ਜਾਂਦੇ ਹਨ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿਚ ਆਉਣ ਵਾਲੇ ਸੈਲਾਨੀਆਂ, ਵਪਾਰਕ ਆਵਾਜਾਈ ਅਤੇ ਜ਼ਰੂਰੀ ਸਪਲਾਈ ਦਾ ਇੱਕ ਵੱਡਾ ਹਿੱਸਾ ਵੀ ਪੰਜਾਬ ਦੇ ਇਸੇ ਖੇਤਰ ਰਾਹੀਂ ਗੁਜਰਦਾ ਹੈ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਰਾਜ ਮੰਤਰੀ ਹਰਸ਼ ਮਲਹੋਤਰਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਰਾਸ਼ਟਰੀ ਰਾਜਮਾਰਗਾਂ ’ਤੇ ਲਗਾਏ ਗਏ ਐਂਟਰੀ ਟੈਕਸ ਦੇ ਗੰਭੀਰ ਮੁੱਦੇ ਨੂੰ ਵਿਸਥਾਰਪੂਰਵਕ ਕੇਂਦਰੀ ਮੰਤਰੀ ਦੇ ਧਿਆਨ ਵਿਚ ਲਿਆਂਦਾ।
ਇਸ ਮੌਕੇ ਅਜੈਵੀਰ ਸਿੰਘ ਲਾਲਪੁਰਾ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਹ ਸਿਰਫ਼ ਐਂਟਰੀ ਟੈਕਸ ਦਾ ਮਾਮਲਾ ਨਹੀਂ, ਸਗੋਂ ਇਸ ਦਾ ਸਿੱਧਾ ਅਸਰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਲੱਖਾਂ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ, ਵਪਾਰਕ ਗਤੀਵਿਧੀਆਂ ਅਤੇ ਆਪਸੀ ਸਮਾਜਿਕ ਸਬੰਧਾਂ ’ਤੇ ਪੈਂਦਾ ਹੈ। ਉਨ੍ਹਾਂ ਕਿਹਾ ਕਿ ਰੂਪਨਗਰ, ਨੰਗਲ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਹਰ ਰੋਜ਼ ਲਗਪਗ ਹਜਾਰਾਂ ਲੋਕ ਰੁਜ਼ਗਾਰ, ਕਾਰੋਬਾਰ, ਉਦਯੋਗਿਕ ਕੰਮਾਂ, ਸਿੱਖਿਆ ਅਤੇ ਹੋਰ ਜ਼ਰੂਰੀ ਕਾਰਜਾਂ ਲਈ ਹਿਮਾਚਲ ਪ੍ਰਦੇਸ਼ ਜਾਂਦੇ ਹਨ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿਚ ਆਉਣ ਵਾਲੇ ਸੈਲਾਨੀਆਂ, ਵਪਾਰਕ ਆਵਾਜਾਈ ਅਤੇ ਜ਼ਰੂਰੀ ਸਪਲਾਈ ਦਾ ਇੱਕ ਵੱਡਾ ਹਿੱਸਾ ਵੀ ਪੰਜਾਬ ਦੇ ਇਸੇ ਖੇਤਰ ਰਾਹੀਂ ਗੁਜਰਦਾ ਹੈ। ਅਜਿਹੇ ਵਿਚ ਰਾਸ਼ਟਰੀ ਰਾਜਮਾਰਗਾਂ ’ਤੇ ਵਾਧੂ ਟੋਲ ਲਗਾਉਣਾ ਨਾ ਤਾਂ ਲੋਕ ਹਿੱਤ ਵਿਚ ਹੈ ਅਤੇ ਨਾ ਹੀ ਦੇਸ਼ ਦੀ ਏਕਤਾ ਅਤੇ ਆਰਥਿਕ ਵਿਕਾਸ ਦੀ ਭਾਵਨਾ ਦੇ ਅਨੁਕੂਲ ਹੈ।
ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਦੇ ਇਸ ਫੈਸਲੇ ਨਾਲ ਦੋਵੇਂ ਰਾਜਾਂ ਦੇ ਆਮ ਨਾਗਰਿਕਾਂ, ਵਪਾਰੀਆਂ, ਉਦਯੋਗਪਤੀਆਂ ਅਤੇ ਯਾਤਰੀਆਂ ਨੂੰ ਬਿਨ੍ਹਾਂ ਕਾਰਨ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਲੋਕ ਹਿੱਤ ਦੇ ਮੁੱਦੇ ’ਤੇ ਕੇਂਦਰ ਸਰਕਾਰ ਵੱਲੋਂ ਜਲਦ ਤੋਂ ਜਲਦ ਪ੍ਰਭਾਵਸ਼ਾਲੀ ਦਖਲ ਦਿੱਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ।
ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਮਾਮਲਾ : ਮਲਹੋਤਰਾ
ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਨੇ ਲਾਲਪੁਰਾ ਵੱਲੋਂ ਚੁੱਕੇ ਗਏ ਇਸ ਮੁੱਦੇ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਲੋਕਾਂ ਦੇ ਹਿੱਤਾਂ ਨਾਲ ਜੁੜੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਦੇ ਸੰਕਲਪ ਅਨੁਸਾਰ ਕੇਂਦਰ ਸਰਕਾਰ ਹਮੇਸ਼ਾ ਲੋਕ ਹਿੱਤ ਨੂੰ ਪਹਿਲ ਦਿੰਦੀ ਹੈ ਅਤੇ ਇਸ ਮਾਮਲੇ ਵਿਚ ਵੀ ਨਿਆਂਸੰਗਤ ਅਤੇ ਉਚਿਤ ਹੱਲ੍ਹ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਅਜੈਵੀਰ ਲਾਲਪੁਰਾ ਨੇ ਕੇਂਦਰੀ ਮੰਤਰੀ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਦੇ ਸਕਾਰਾਤਮਕ ਦਖਲ ਨਾਲ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਲੱਖਾਂ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਦੋਵੇਂ ਰਾਜਾਂ ਵਿਚਕਾਰ ਆਵਾਜਾਈ, ਵਪਾਰ ਅਤੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤੀ ਮਿਲੇਗੀ।