ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਦਾਅਵੇ ਤੇ ਇਤਰਾਜ਼ਾਂ ਦੀ ਪ੍ਰਕਿਰਿਆ ਸ਼ੁਰੂ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਦਾਅਵੇ ਤੇ ਇਤਰਾਜ਼ਾਂ ਦੀ ਪ੍ਰਕਿਰਿਆ ਸ਼ੁਰੂ
Publish Date: Thu, 13 Aug 2026 05:16 PM (IST)
Updated Date: Thu, 13 Aug 2026 05:17 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਭਾਰਤੀ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਅਕਤੂਬਰ, 2026 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਲਈ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ 13 ਅਗਸਤ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਗਈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਮਿੰਨੀ ਕਮੇਟੀ ਰੂਮ ਡੀਸੀ ਕੰਪਲੈਕਸ ਵਿਖੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਕੰਮ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਵੋਟਰ ਸੂਚੀ ਬੂਥ ਪੱਧਰੀ ਅਧਿਕਾਰੀਆਂ (ਬੀਐੱਲਓਜ਼), ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈਆਰਓਜ਼) ਅਤੇ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਆਮ ਲੋਕਾਂ ਦੇ ਵੇਖਣ ਲਈ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪੈਂਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ’ਤੇ 16 ਅਗਸਤ 2026 ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਬੀਐੱਲਓਜ਼ ਵੱਲੋਂ ਵੋਟਰਾਂ ਤੋਂ ਵੱਖ-ਵੱਖ ਦਾਅਵੇ ਅਤੇ ਇਤਰਾਜ਼ਾਂ ਨਾਲ ਸਬੰਧਤ ਫਾਰਮ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਫਾਰਮ ਨੰਬਰ-6 ਨਵੀਂ ਵੋਟ ਬਣਾਉਣ ਲਈ, ਫਾਰਮ ਨੰਬਰ-7 ਵੋਟ ਕਟਵਾਉਣ ਸਬੰਧੀ ਅਤੇ ਫਾਰਮ ਨੰਬਰ-8 ਵੋਟਰ ਦੇ ਵੇਰਵਿਆਂ ਵਿਚ ਦਰੁਸਤੀ, ਰਿਹਾਇਸ਼ ਵਿਚ ਤਬਦੀਲੀ, ਡੁਪਲੀਕੇਟ ਵੋਟਰ ਕਾਰਡ ਅਤੇ ਵੋਟਰ ਵਜੋਂ ਮਾਰਕ ਕਰਨ ਸਬੰਧੀ ਅਰਜ਼ੀਆਂ ਲਈ ਵਰਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਾਗਰਿਕ ਘਰ ਬੈਠੇ ਵੀ ਆਨਲਾਈਨ www.voters.eci.gov.in ਅਤੇ ਵੋਟਰ ਹੈਲਪਲਾਈਨ ਮੋਬਾਈਲ ਐਪ ’ਤੇ ਆਪਣਾ ਫਾਰਮ ਭਰ ਸਕਦੇ ਹਨ। ਇਸ ਦੇ ਇਲਾਵਾ ਹੋਰ ਜਾਣਕਾਰੀ ਜਾਂ ਸਹਾਇਤਾ ਲਈ ਟੋਲ-ਫ੍ਰੀ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਜੇਕਰ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣਾ, ਨਾਮ ਕਟਵਾਉਣਾ ਜਾਂ ਕਿਸੇ ਵੇਰਵੇ ਵਿਚ ਦਰੁਸਤੀ ਕਰਵਾਉਣੀ ਹੋਵੇ ਤਾਂ ਨਿਰਧਾਰਤ ਸਮੇਂ ਦੌਰਾਨ ਸਬੰਧਤ ਫਾਰਮ ਭਰ ਕੇ ਆਪਣਾ ਦਾਅਵਾ ਜਾਂ ਇਤਰਾਜ਼ ਪੇਸ਼ ਕਰਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ 16 ਅਗਸਤ ਨੂੰ ਆਪਣੇ ਸਬੰਧਤ ਪੋਲਿੰਗ ਸਟੇਸ਼ਨ ’ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਦਾ ਲਾਭ ਲੈਣ ਅਤੇ ਵੋਟਰ ਸੂਚੀ ਨੂੰ ਦਰੁਸਤ ਤੇ ਅਪਡੇਟ ਕਰਨ ਦੀ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣ। ਇਸ ਮੀਟਿੰਗ ਵਿਚ ਆਪ ਦੇ ਸੰਦੀਪ ਜੋਸ਼ੀ, ਬਸਪਾ ਦੇ ਸਰਦੂਲ ਸਿੰਘ, ਕਾਂਗਰਸ ਦੇ ਭੁਪਿੰਦਰ ਸਿੰਘ, ਭਾਜਪਾ ਦੇ ਹਿੰਮਤ ਸਿੰਘ ਗਿਰਨ, ਸੀਪੀਆਈਐੱਮ ਦੇ ਬਜਿੰਦਰ ਪੰਡਿਤ, ਸ਼੍ਰੋਮਣੀ ਅਕਾਲੀ ਦਲ ਦੇ ਤਰਨਜੀਤ ਸਿੰਘਤੋਂ ਇਲਾਵਾ ਚੋਣ ਤਹਿਸੀਲਦਾਰ ਪਲਵਿੰਦਰ ਸਿੰਘ ਅਤੇ ਹਰਪਾਲ ਸਿੰਘ ਕਲਰਕ ਵੀ ਹਾਜ਼ਰ ਸਨ।