ਵੋਟਰ ਸੂਚੀਆਂ ਦੀ ਸੁਧਾਈ ਦਾ ਕਾਰਜ ਮਿੱਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ : ਕੋਮਲ ਮਿੱਤਲ ਵਿਸ਼ੇਸ਼ ਸੰਖੇਪ ਸੁਧਾਈ ਮੁਹਿੰਮ-2027 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਦਾ ਕਾਰਜ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤਾ ਜਾਵੇ - ਕੋਮਲ ਮਿੱਤਲ
Publish Date: Thu, 12 Nov 2026 07:14 PM (IST)
Updated Date: Thu, 12 Nov 2026 07:18 PM (IST)
ਡਿਪਟੀ ਕਮਿਸ਼ਨਰ ਨੇ ਚੋਣ ਪ੍ਰਕਿਰਿਆ ਬਾਰੇ ਦਿੱਤੀ ਜਾਣਕਾਰੀ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ 2027 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਮੁਹਿੰਮ-2027 (ਸਪੈਸ਼ਲ ਸਮਰੀ ਰਿਵੀਜ਼ਨ-2027) ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਵੋਟਰ ਸੂਚੀਆਂ ਦੀ ਸੁਧਾਈ, ਚੋਣ ਪ੍ਰਕਿਰਿਆ ਤੇ ਨਿਰਧਾਰਤ ਸਮਾਂ-ਸਾਰਣੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 01 ਜਨਵਰੀ 2027 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾ ਰਹੀ ਹੈ ਤੇ ਇਸ ਸਬੰਧੀ ਮੁੱਢਲੀ ਵੋਟਰ ਸੂਚੀ 12 ਨਵੰਬਰ 2026 ਨੂੰ ਪ੍ਰਕਾਸ਼ਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਤੇ ਗਲਤੀ ਰਹਿਤ ਬਣਾਉਣਾ ਹੈ ਤਾਂ ਜੋ ਕੋਈ ਵੀ ਯੋਗ ਨਾਗਰਿਕ ਆਪਣੀ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿਚ ਕੁੱਲ 5,32,551 ਵੋਟਰ ਦਰਜ ਹਨ। ਇਨ੍ਹਾਂ ’ਚ 2,74,235 ਪੁਰਸ਼, 2,58,304 ਮਹਿਲਾਵਾਂ ਤੇ 12 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਹਲਕਾ ਵਾਰ ਵੇਰਵੇ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ’ਚ 1,80,417, ਰੂਪਨਗਰ ’ਚ 1,69,377 ਤੇ ਸ੍ਰੀ ਚਮਕੌਰ ਸਾਹਿਬ (ਅਨੁਸੂਚਿਤ ਜਾਤੀ) ਵਿਚ 1,82,757 ਵੋਟਰ ਦਰਜ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਚੋਣਾਂ ਕਰਵਾਉਣ ਲਈ ਕੁੱਲ 712 ਪੋਲਿੰਗ ਸਟੇਸ਼ਨ ਨਿਰਧਾਰਤ ਕੀਤੇ ਗਏ ਹਨ, ਜਿਨ੍ਹਾਂ ’ਚ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ 239, ਰੂਪਨਗਰ ਵਿਚ 236 ਤੇ ਸ੍ਰੀ ਚਮਕੌਰ ਸਾਹਿਬ ਹਲਕੇ ਵਿਚ 237 ਪੋਲਿੰਗ ਸਟੇਸ਼ਨ ਹਨ। ਇਨ੍ਹਾਂ ਪੋਲਿੰਗ ਸਟੇਸ਼ਨਾਂ ਦੇ ਕੁੱਲ 529 ਸਥਾਨ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 18 ਤੋਂ 19 ਸਾਲ ਉਮਰ ਵਰਗ ਦੇ ਨੌਜਵਾਨਾਂ ਤੇ ਪਹਿਲੀ ਵਾਰ ਵੋਟਰ ਬਣਨ ਦੇ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਿਹੜੇ ਨਾਗਰਿਕ 01 ਜਨਵਰੀ, 01 ਅਪ੍ਰੈਲ, 01 ਜੁਲਾਈ ਤੇ 01 ਅਕਤੂਬਰ ਨੂੰ ਯੋਗਤਾ ਉਮਰ ਪੂਰੀ ਕਰਦੇ ਹਨ, ਉਹ ਵੀ ਨਿਯਮਾਂ ਅਨੁਸਾਰ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਵੋਟਰ ਆਪਣੀ ਵੋਟ ਬਣਵਾਉਣ, ਵੇਰਵਿਆਂ ਵਿਚ ਸੋਧ ਕਰਵਾਉਣ ਜਾਂ ਹੋਰ ਲੋੜੀਂਦੀ ਜਾਣਕਾਰੀ ਲਈ www.voters.eci.gov.in ਪੋਰਟਲ ਤੇ ਵੋਟਰ ਹੈਲਪਲਾਈਨ ਮੋਬਾਈਲ ਐਪ ਦੀ ਵਰਤੋਂ ਕਰ ਸਕਦੇ ਹਨ। ਇਸ ਸਬੰਧੀ 1950 ਟੋਲ ਫ੍ਰੀ ਨੰਬਰ ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਸ਼ੇਸ਼ ਸੰਖੇਪ ਸੁਧਾਈ ਮੁਹਿੰਮ-2027 ਦੀ ਸਮਾਂ-ਸਾਰਣੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਦਾਅਵੇ ਤੇ ਇਤਰਾਜ਼ 12 ਨਵੰਬਰ ਤੋਂ 11 ਦਸੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ। ਇਸ ਸਬੰਧੀ ਵਿਸ਼ੇਸ਼ ਮੁਹਿੰਮ ਦੇ ਦਿਨ 14 ਨਵੰਬਰ (ਸ਼ਨੀਵਾਰ), 15 ਨਵੰਬਰ (ਐਤਵਾਰ) ਤੇ 29 ਨਵੰਬਰ 2026 (ਐਤਵਾਰ) ਨਿਰਧਾਰਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਣ ਵਾਲੇ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 12 ਨਵੰਬਰ ਤੋਂ 28 ਦਸੰਬਰ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ 01 ਦਸੰਬਰ ਤੋਂ 20 ਦਸੰਬਰ ਤੱਕ ਫਾਰਮਾਂ ਦੀ ਮੁੜ ਜਾਂਚ ਤੇ 24 ਦਸੰਬਰ ਤੋਂ 29 ਦਸੰਬਰ ਤੱਕ ਅੰਤਿਮ ਵੋਟਰ ਸੂਚੀ ਦੀਆਂ ਤਸਵੀਰਾਂ ਸਮੇਤ ਤੇ ਬਿਨਾਂ ਤਸਵੀਰਾਂ ਵਾਲੀਆਂ ਪੀ.ਡੀ.ਐੱਫ. ਫਾਈਲਾਂ ਤਿਆਰ ਕਰਨ ਦਾ ਕਾਰਜ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ ਦੀਆਂ ਕਈ ਕਾਪੀਆਂ ਛਾਪਣ ਤੇ ਸਬੰਧਤ ਕਾਰਵਾਈ 29 ਦਸੰਬਰ 2026 ਤੋਂ 02 ਜਨਵਰੀ 2027 ਤੱਕ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੰਤਿਮ ਵੋਟਰ ਸੂਚੀ ਦਾ ਪ੍ਰਕਾਸ਼ਨ 04 ਜਨਵਰੀ 2027 ਨੂੰ ਕੀਤਾ ਜਾਵੇਗਾ। ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ ਅੰਤਿਮ ਵੋਟਰ ਸੂਚੀ ਸਬੰਧੀ ਮੀਟਿੰਗ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਲੋਕਤੰਤਰੀ ਪ੍ਰਕਿਰਿਆ ’ਚ ਸਰਗਰਮ ਸਹਿਯੋਗ ਦੇਣ ਤੇ ਆਪੋ-ਆਪਣੇ ਖੇਤਰਾਂ ’ਚ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਲਈ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਸਹੀ ਤੇ ਅਪਡੇਟ ਕੀਤੀ ਵੋਟਰ ਸੂਚੀ ਸੁਤੰਤਰ, ਨਿਰਪੱਖ ਤੇ ਪਾਰਦਰਸ਼ੀ ਚੋਣ ਪ੍ਰਣਾਲੀ ਦੀ ਮਜ਼ਬੂਤ ਨੀਂਹ ਹੈ। ਇਸ ਤੋਂ ਇਲਾਵਾ ਮੀਟਿੰਗ ’ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੀ.ਏ.ਟੀ.) ਦੀ ਪਹਿਲੇ ਪੱਧਰ ਦੀ ਜਾਂਚ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੀਟਿੰਗ ’ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਅਕਸ਼ਿਤਾ ਗੁਪਤਾ, ਆਮ ਆਦਮੀ ਪਾਰਟੀ ਵੱਲੋਂ ਸੰਦੀਪ ਜੋਸ਼ੀ, ਭਾਰਤੀ ਜਨਤਾ ਪਾਰਟੀ ਵੱਲੋਂ ਜਰਨੈਲ ਸਿੰਘ ਭਾਉਵਾਲ, ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਸੀ.ਪੀ.ਐੱਮ. ਵੱਲੋਂ ਕਾਮਰੇਡ ਗੁਰਦੇਵ ਸਿੰਘ ਬਾਗੀ, ਚੋਣ ਤਹਿਸੀਲਦਾਰ ਪਲਵਿੰਦਰ ਸਿੰਘ ਸ਼ਾਮਲ ਹੋਏ।