ਟੀਐੰਸਯੂ ਵੱਲੋਂ ਪਾਵਰਕਾਮ ਤੇ ਪੰਜਾਬ ਸਰਕਾਰ ਵਿਰੁੱਧ ਧਰਨਾ ਟੀ.ਐਸ.ਯੂ. ਵੱਲੋਂ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਧਰਨਾ
Publish Date: Fri, 21 Aug 2026 05:59 PM (IST)
Updated Date: Fri, 21 Aug 2026 06:00 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਪੰਜਾਬ ਦੇ ਸੱਦੇ ’ਤੇ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਬਿਜਲੀ ਕਾਮਿਆਂ ਵੱਲੋਂ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਮੰਗਾਂ ਪ੍ਰਤੀ ਅੜੀਅਲ ਵਤੀਰੇ ਵਿਰੁੱਧ ਜ਼ੋਰਦਾਰ ਧਰਨਾ ਦਿੱਤਾ ਗਿਆ। ਧਰਨੇ ਦੀ ਪ੍ਰਧਾਨਗੀ ਮੰਡਲ ਪ੍ਰਧਾਨ ਤਰਸੇਮ ਲਾਲ, ਪੈਨਸ਼ਨਰ ਐਸ਼ੋਸ਼ੀਏਸ਼ਨ ਦੇ ਪ੍ਰਧਾਨ ਭਾਗ ਸਿੰਘ ਭਾਉਵਾਲ ਅਤੇ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕੀਤੀ। ਬੁਲਾਰਿਆਂ ਨੇ ਮੰਗ ਕੀਤੀ ਕਿ ਬਿਜਲੀ ਐਕਟ 2003 ਅਤੇ ਬਿਜਲੀ ਸੋਧ ਬਿੱਲ 2025 ਰੱਦ ਕੀਤੇ ਜਾਣ। ਆਊਟਸੋਰਸਡ ਠੇਕਾ ਕਾਮਿਆਂ ਨੂੰ ਮਹਿਕਮੇ ਵਿੱਚ ਲੈਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਨਿਯੁਕਤੀ ਪੱਤਰ ਦਿੱਤੇ ਜਾਣ। ਆਰ.ਟੀ.ਐੱਮ. ਤੋਂ ਪ੍ਰਮੋਟ ਹੋਏ ਏ.ਐੱਲ.ਐੱਮ. ਅਤੇ ਏ.ਐੱਸ.ਐੱਸ.ਏ. ਕਾਮਿਆਂ ਨੂੰ ਬਿਨਾਂ ਸ਼ਰਤ 35400 ਰੁਪਏ ਦਾ ਸਕੇਲ ਲਾਗੂ ਕੀਤਾ ਜਾਵੇ। 17/7/2020 ਦਾ ਪੱਤਰ ਰੱਦ ਕਰਕੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੀ ਬਜਾਏ ਪੰਜਾਬ ਸਰਕਾਰ ’ਤੇ ਪਾਵਰਕੌਮ ਮੈਨੇਜਮੈਂਟ ਦੇ ਸਕੇਲ ਦਿੱਤੇ ਜਾਣ। ਆਗੂਆਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 18 ਫ਼ੀਸਦੀ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਅਤੇ ਸੇਵਾ ਸ਼ਰਤਾਂ ਵਿੱਚ ਤਬਦੀਲੀਆਂ ਦਾ ਅਮਲ ਬੰਦ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਬਿਜਲੀ ਕਾਮਿਆਂ ਨੂੰ ਨਿਜੀਕਰਨ ਦੀ ਨੀਤੀ ਤਹਿਤ ਜਬਰੀ ਮੋਬਾਈਲ ਫੋਨ ਦੇਣ ਦੀ ਨੀਤੀ ਰੱਦ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਮਹਿਕਮਿਆਂ ਦੀਆਂ ਜਥੇਬੰਦੀਆਂ 27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਜਾ ਰਹੀਆਂ ਹਨ ਅਤੇ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨੂੰ ਵੀ ਇਸ ਸੰਘਰਸ਼ ਵਿੱਚ ਇੱਕਮੁੱਠਤਾ ਪ੍ਰਗਟਾਉਣੀ ਚਾਹੀਦੀ ਹੈ। ਧਰਨੇ ਨੂੰ ਸੂਬਾ ਕੈਸ਼ੀਅਰ ਸੰਤੋਖ ਸਿੰਘ, ਸਰਕਲ ਕੈਸ਼ੀਅਰ ਰਾਮਕਿਸਨ ਸਿੰਘ ਬੈਂਸ, ਜਸਵਿੰਦਰ ਸਿੰਘ, ਗੁਰਚਰਨ ਸਿੰਘ, ਹਰਦੇਵ ਸਿੰਘ, ਬਲਵੰਤ ਸਿੰਘ ਲੋਦੀਪੁਰ, ਹਰਪ੍ਰੀਤ ਸਿੰਘ, ਮਨਮੋਹਣ ਸਿੰਘ, ਹਰਭਜਨ ਸਿੰਘ, ਪ੍ਰੀਤਮ ਸਿੰਘ, ਬਲਵਿੰਦਰ ਸਿੰਘ ਅਤੇ ਬਲਵੀਰ ਸਿੰਘ ਨੇ ਸੰਬੋਧਨ ਕੀਤਾ। ਸਟੇਜ ਦੀ ਕਾਰਵਾਈ ਡਵੀਜ਼ਨ ਸਕੱਤਰ ਜਰਨੈਲ ਸਿੰਘ ਨੇ ਨਿਭਾਈ।