ਧਾਰਮਿਕ ਅਸਥਾਨਾਂ ਨੂੰ ਸਿਆਸੀ ਅਖਾੜਾ ਬਣਾਉਣਾ ਮੰਦਭਾਗਾ : ਆਹਲੂਵਾਲੀਆ ਧਾਰਮਿਕ ਅਸਥਾਨਾਂ ਨੂੰ ਸਿਆਸੀ ਅਖਾੜਾ ਬਣਾਉਣਾ ਬੇਹੱਦ ਮੰਦਭਾਗਾ: ਆਹਲੂਵਾਲੀਆ
Publish Date: Mon, 12 Oct 2026 05:04 PM (IST)
Updated Date: Mon, 12 Oct 2026 05:05 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਦਿੱਲੀ ਵਿਖੇ ਬੀਤੇ ਦਿਨੀਂ ਆਮ ਆਦਮੀ ਪਾਰਟੀ ਅਤੇ ਕੋਕਰੈਚ ਪਾਰਟੀ ਦੇ ਵਰਕਰਾਂ ਵੱਲੋਂ ਧਰਨਾ-ਪ੍ਰਦਰਸ਼ਨ ਦੌਰਾਨ ਸ੍ਰੀ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਜਾ ਕੇ ਰੋਸ ਪ੍ਰਦਰਸ਼ਨ ਕਰਨ ਦੇ ਮਾਮਲੇ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕੌਸਲਰ ਹਰਮਿੰਦਰ ਪਾਲ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਅਤੇ ਮਰਿਆਦਾ ਦਾ ਸਤਿਕਾਰ ਕਰਨਾ ਹਰੇਕ ਨਾਗਰਿਕ ਅਤੇ ਸਿਆਸੀ ਪਾਰਟੀ ਦੀ ਨੈਤਿਕ ਜ਼ਿੰਮੇਵਾਰੀ ਹੈ। ਕਿਸੇ ਵੀ ਸਿਆਸੀ ਮਕਸਦ ਲਈ ਧਾਰਮਿਕ ਅਸਥਾਨਾਂ ਨੂੰ ਪ੍ਰਦਰਸ਼ਨ ਦਾ ਕੇਂਦਰ ਬਣਾਉਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰਦੁਆਰਾ ਬੰਗਲਾ ਸਾਹਿਬ ਸਿੱਖ ਧਰਮ ਦੇ ਸਭ ਤੋਂ ਸਤਿਕਾਰਯੋਗ ਅਸਥਾਨਾਂ ਵਿੱਚੋਂ ਇੱਕ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ। ਇਹ ਪਵਿੱਤਰ ਅਸਥਾਨ ਸੇਵਾ, ਸਿਮਰਨ, ਨਿਮਰਤਾ, ਮਨੁੱਖਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦਾ ਹੈ। ਅਜਿਹੇ ਅਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਣਾ ਹਰ ਉਸ ਵਿਅਕਤੀ ਦਾ ਫ਼ਰਜ਼ ਹੈ ਜੋ ਧਾਰਮਿਕ ਆਸਥਾ ਅਤੇ ਸਮਾਜਿਕ ਸਦਭਾਵਨਾ ਵਿਚ ਵਿਸ਼ਵਾਸ ਰੱਖਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਵਿਰੋਧ ਪ੍ਰਦਰਸ਼ਨ ਕਰਨਾ ਹਰ ਕਿਸੇ ਦਾ ਅਧਿਕਾਰ ਹੈ, ਪਰ ਇਸ ਅਧਿਕਾਰ ਦੀ ਵਰਤੋਂ ਕਰਦਿਆਂ ਧਾਰਮਿਕ ਭਾਵਨਾਵਾਂ ਅਤੇ ਮਰਿਆਦਾਵਾਂ ਦਾ ਖ਼ਿਆਲ ਰੱਖਣਾ ਵੀ ਓਨਾ ਹੀ ਜ਼ਰੂਰੀ ਹੈ। ਸਿਆਸੀ ਪਾਰਟੀਆਂ ਨੂੰ ਆਪਣੀਆਂ ਮੰਗਾਂ ਅਤੇ ਵਿਰੋਧ ਦਰਜ ਕਰਵਾਉਣ ਲਈ ਢੁੱਕਵੇਂ ਸਥਾਨਾਂ ਦੀ ਚੋਣ ਕਰਨੀ ਚਾਹੀਦੀ ਹੈ, ਨਾ ਕਿ ਅਜਿਹੇ ਧਾਰਮਿਕ ਅਸਥਾਨਾਂ ਨੂੰ ਸਿਆਸੀ ਗਤੀਵਿਧੀਆਂ ਦਾ ਕੇਂਦਰ ਬਣਾਉਣਾ ਚਾਹੀਦਾ ਹੈ, ਜਿੱਥੇ ਲੋਕ ਸ਼ਰਧਾ ਅਤੇ ਸ਼ਾਂਤੀ ਨਾਲ ਮੱਥਾ ਟੇਕਣ ਲਈ ਆਉਂਦੇ ਹਨ। ਉਨ੍ਹਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਨੂੰ ਸਿਆਸਤ ਤੋਂ ਉੱਪਰ ਰੱਖਣ ਅਤੇ ਅਜਿਹੀਆਂ ਕਾਰਵਾਈਆਂ ਤੋਂ ਗੁਰੇਜ਼ ਕਰਨ, ਜਿਨ੍ਹਾਂ ਨਾਲ ਕਿਸੇ ਵੀ ਧਰਮ ਦੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਣ ਦਾ ਖ਼ਦਸ਼ਾ ਹੋਵੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਧਾਰਮਿਕ ਮਰਿਆਦਾਵਾਂ ਦਾ ਸਤਿਕਾਰ ਕਰਨਾ ਸਮੇਂ ਦੀ ਮੁੱਖ ਲੋੜ ਹੈ।