ਜਾਇਜ਼ ਅਸਲਾ ਲਾਇਸੈਂਸ ਕੀਤੇ ਜਾਣ ਬਹਾਲ, ਨਾਜਾਇਜ਼ ਵਾਲਿਆਂ ਤੇ ਹੋਵੇ ਸਖ਼ਤ ਕਾਰਵਾਈ : ਲਾਲੀ ਜਾਇਜ਼ ਅਸਲਾ ਲਾਇਸੈਸ ਬਹਾਲ ਕੀਤੇ ਜਾਣ ਨਾਜਾਇਜ਼ ਵਾਲਿਆਂ ਤੇ ਹੋਵੇ ਸਖ਼ਤ ਕਾਰਵਾਈ: ਲਾਲੀ
Publish Date: Sat, 17 Oct 2026 04:00 PM (IST)
Updated Date: Sat, 17 Oct 2026 04:03 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਅਤੇ ਸੀਨੀਅਰ ਆਗੂ ਰਾਜੇਸ਼ਵਰ ਲਾਲੀ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਪੰਜਾਬ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਕਰਦਿਆਂ ਸੁਰੱਖਿਆ ਲਈ ਅਸਲਾ ਧਾਰਕਾਂ ਦੇ ਲਾਇਸੈਂਸ ਬਹਾਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਜਾਇਜ਼ ਅਸਲਾ ਲਾਇਸੈਂਸ ਧਾਰਕਾਂ ਨੂੰ ਆਪਣੀ ਸੁਰੱਖਿਆ ਲਈ ਲਾਇਸੈਂਸ ਬਹਾਲ ਕਰਨ ਦੀ ਸਹੂਲਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਨਾਜਾਇਜ਼ ਹਥਿਆਰ ਰੱਖਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਲਾਲੀ ਨੇ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਤੁਰੰਤ ਹਟਾਇਆ ਜਾਵੇ, ਜੋ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ’ਚ ਫੇਲ੍ਹ ਸਾਬਤ ਹੋਏ ਹਨ ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਤੋਂ ਬਾਅਦ ਹਰਗੋਬਿੰਦਪੁਰ ’ਚ ਇੱਕ ਹੋਰ ਨੌਜਵਾਨ ਦੇ ਕਤਲ ’ਤੇ ਚਿੰਤਾ ਪ੍ਰਗਟਾਈ। ਇਨ੍ਹਾਂ ਘਟਨਾਵਾਂ ਨੇ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਸਬੰਧੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਬਿਆਨ ’ਚ ਮੰਗ ਕੀਤੀ ਗਈ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਕਤਲ ਦੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ। ਇਸ ਦੇ ਨਾਲ ਹੀ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ ਗਈ।