ਅਭੀ ਰਾਣਾ, ਨੰਗਲ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਾਰਜਕਾਰੀ ਕਮੇਟੀ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਅੱਜ ਨਗਰ ਕੌਂਸਲ ਨੰਗਲ ਦਫ਼ਤਰ ਵਿਖੇ ਸ਼ਮੂਲੀਅਤ ਕੀਤੀ।

ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ 2021 ਵਿਚ ਮਨਾਇਆ ਜਾ ਰਿਹਾ ਹੈ, ਜਿਸ ਸਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਸ ਰਾਹੀਂ ਵਿਚਾਰ ਵਟਾਂਦਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਸ੍ਰੀ ਗੁਰੂ ਤੇਗ ਬਹਾਦਾਰ ਜੀ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨਾਂ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਆਲੇ ਦੁਆਲੇ ਦਾ ਵਿਕਾਸ ਕਰਵਾਉਣ ਦਾ ਮੁੱਦਾ ਉਠਾਇਆ ਹੈ।

ਸ੍ਰੀ ਅਨੰਦਪੁਰ ਸਾਹਿਬ ਦਾ ਰਿੰਗ ਰੋਡ, ਬਾਈਪਾਸ, ਸੀਵਰੇਜ ਅਤੇ ਕੀਰਤਪੁਰ ਸਾਹਿਬ ਤੋਂ ਸ਼ਾਹਪੁਰ ਤਕ ਪੁਲ ਦਾ ਨਿਰਮਾਣ ਅਤੇ ਆਲੇ ਦੁਆਲੇ ਦੇ ਗੁਰੂ ਸਾਹਿਬ ਨਾਲ ਸਬੰਧਤ ਅਸਥਾਨਾਂ ਦੇ ਵਿਕਾਸ ਦੀ ਮੰਗ ਕੀਤੀ ਹੈ। ਭਾਈ ਜੈਤਾ ਜੀ ਦੀ ਯਾਦਗਾਰ ਨੂੰ ਮੁਕੰਮਲ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਗੁਰੂ ਨਗਰੀ ਦੇ ਹੋਰ ਕਈ ਪ੍ਰਾਜੈਕਟਾਂ ਬਾਰੇ ਵਿਚਾਰਾਂ ਹੋਈਆਂ। ਉਨ੍ਹਾਂ ਉਮੀਦ ਜਤਾਈ ਕਿ ਸਰਕਾਰ ਜਲਦੀ ਹੀ ਇਨ੍ਹਾਂ ਪ੍ਰਾਜੈਕਟਾਂ ਨੂੰ ਮਨਜੂਰੀ ਆਉਣ ਤੇ ਅਮਲ ਵਿਚ ਲਿਆਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ 150 ਪਿੰਡਾਂ ਵਿਚ ਨੌਵੇਂ ਪਾਤਸ਼ਾਹ ਜਾਂਦੇ ਸਨ, ਉਨ੍ਹਾਂ ਦੇ ਵਿਕਾਸ ਲਈ ਇਕ-ਇਕ ਕਰੋੜ ਦੇਣ ਦੀ ਵੀ ਮੰਗ ਚੁੱਕੀ ਗਈ ਹੈ।

ਰਾਣਾ ਕੇਪੀ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਅਪ੍ਰਰੈਲ-ਮਈ 2021 ਦੌਰਾਨ ਸੂਬਾ ਪੱਧਰ 'ਤੇ ਮਨਾਏ ਜਾਣ ਵਾਲੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਦਾ ਲੋਗੋ ਵਰਚੂਅਲ ਢੰਗ ਨਾਲ ਜਾਰੀ ਕੀਤਾ ਹੈ। ਮੁੱਖ ਮੰਤਰੀ ਨੇ ਸੁਝਾਅ ਦਿੱਤਾ ਹੈ ਕਿ ਦੇਸ਼ ਦੇ ਧਰਮ ਨਿਰਪੱਖ ਢਾਂਚੇ ਨੂੰ ਵੇਖਦੇ ਹੋਏ 'ਹਿੰਦ ਦੀ ਚਾਦਰ' ਦੇ ਸਾਲ ਭਰ ਚੱਲਣ ਵਾਲੇ ਜਸ਼ਨਾਂ ਨੂੰ 'ਸਰਬ ਧਰਮ' ਵਰ੍ਹੇ ਵਜੋਂ ਸਮਰਪਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵਰਚੂਅਲ ਮੀਟਿੰਗ ਦੌਰਾਨ ਇਹ ਵੀ ਤੈਅ ਕੀਤਾ ਗਿਆ ਕਿ ਮੁੱਖ ਪ੍ਰੋਗਰਾਮ 23 ਅਪ੍ਰੈਲ, 2021 ਨੂੰ ਸ਼ੁਰੂ ਹੋ ਕੇ 1 ਮਈ ਨੂੰ ਸ਼ਾਨਦਾਰ ਢੰਗ ਨਾਲ ਸਮਾਪਤ ਹੋਵੇ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਡਾ ਇਹ ਸੁਝਾਅ ਵੀ ਮਨਜ਼ੂਰ ਕਰ ਲਿਆ ਕਿ ਗੁਰੂ ਸਾਹਿਬ ਨਾਲ ਜੁੜੇ ਦੋ ਕਸਬਿਆਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਲਈ ਵੱਖਰੇ ਤੌਰ 'ਤੇ ਵਿਕਾਸ ਪ੍ਰਾਜੈਕਟ ਅਤੇ ਫੰਡ ਦਾ ਪ੍ਰਬੰਧ ਕੀਤਾ ਜਾਵੇ।