ਸ੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਨੂੰ ਲੈ ਕੇ ਹਲਕਾ ਨਿਵਾਸੀਆਂ ’ਚ ਖੁਸ਼ੀ ਦੀ ਲਹਿਰ : ਸੰਧੂ ਸ੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਨੂੰ ਲੈ ਕੇ ਹਲਕਾ ਨਿਵਾਸੀਆਂ ਵਿਚ ਖੁਸ਼ੀ ਦੀ ਲਹਿਰ: ਸੰਧੂ
Publish Date: Tue, 24 Nov 2026 06:11 PM (IST)
Updated Date: Tue, 24 Nov 2026 06:13 PM (IST)
ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ : ਸ੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਗਠਜੋੜ ਨੂੰ ਲੈ ਕੇ ਸਮੂਹ ਪੰਜਾਬੀਆਂ ’ਚ ਭਾਰੀ ਉਤਸ਼ਾਹ ਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਹਰਮੋਹਣ ਸਿੰਘ ਸੰਧੂ ਨੇ ਆਪਣੇ ਮੁੱਖ ਦਫ਼ਤਰ ਮੋਰਿੰਡਾ ਵਿਖੇ ਆਯੋਜਿਤ ਇੱਕ ਅਹਿਮ ਮੀਟਿੰਗ ਦੌਰਾਨ ਕੀਤਾ। ਸੰਧੂ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਪੰਥ, ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਇੱਕੋ-ਇੱਕ ਖੇਤਰੀ ਪਾਰਟੀ ਹੈ, ਜੋ ਹਮੇਸ਼ਾ ਪੰਜਾਬ ਦੀ ਸੱਭਿਆਚਾਰਕ ਪਛਾਣ, ਕਿਸਾਨਾਂ ਦੇ ਹੱਕਾਂ, ਪੰਜਾਬੀ ਮਾਂ-ਬੋਲੀ, ਗੁਰੂ ਘਰਾਂ ਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ-ਭਾਜਪਾ ਦੀ ਇਹ ਸਾਂਝ ਸਿਰਫ਼ ਸੱਤਾ ਹਾਸਲ ਕਰਨ ਲਈ ਨਹੀਂ, ਸਗੋਂ ਪੰਜਾਬ ਦੀ ਤਰੱਕੀ, ਕਿਸਾਨਾਂ ਦੀ ਭਲਾਈ ਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਇੱਕ ਸਾਂਝਾ ਸੰਕਲਪ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ, ਮਹਿਲਾਵਾਂ, ਨੌਜਵਾਨਾਂ, ਗਰੀਬ ਪਰਿਵਾਰਾਂ ਤੇ ਸਮਾਜ ਦੇ ਪੱਛੜੇ ਵਰਗਾਂ ਲਈ ਕਈ ਲੋਕ-ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਸਿੱਧਾ ਲਾਭ ਪੰਜਾਬ ਦੇ ਲੋਕਾਂ ਨੂੰ ਵੀ ਮਿਲਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਤੇ ਪੰਜਾਬ ਵਿੱਚ ਅਕਾਲੀ-ਭਾਜਪਾ ਦੀ ਡਬਲ ਇੰਜਣ ਸਰਕਾਰ ਬਣਨ ਨਾਲ ਹੀ ਸੂਬੇ ਨੂੰ ਮੁੜ ਵਿਕਾਸ, ਰੁਜ਼ਗਾਰ, ਕਿਸਾਨੀ ਖੁਸ਼ਹਾਲੀ ਤੇ ਸਮਾਜਿਕ ਤਰੱਕੀ ਦੇ ਰਾਹ ’ਤੇ ਤੋਰਿਆ ਜਾ ਸਕਦਾ ਹੈ। ਉਨ੍ਹਾਂ ਸਮੂਹ ਹਲਕਾ ਨਿਵਾਸੀਆਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ ਤੇ ਵਪਾਰੀ ਵਰਗ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਮੁੜ ਸ੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਲਿਆਉਣ, ਤਾਂ ਜੋ ਸੂਬੇ ਨੂੰ ਵੱਧ ਤੋਂ ਵੱਧ ਕੇਂਦਰੀ ਫੰਡ, ਵੱਡੇ ਪ੍ਰੋਜੈਕਟ ਤੇ ਲੋਕ-ਭਲਾਈ ਸਕੀਮਾਂ ਦਾ ਲਾਭ ਮਿਲ ਸਕੇ। ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਵਾਗਡੋਰ ਦਿੱਲੀ ਤੋਂ ਚਲਾਈ ਗਈ ਹੈ, ਜਿਸ ਕਾਰਨ ਸੂਬੇ ਦੇ ਸਰੋਤਾਂ ਤੇ ਖ਼ਜ਼ਾਨੇ ਦੀ ਰੱਜ ਕੇ ਲੁੱਟ ਹੋਈ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਸਮੇਂ ਪੰਜਾਬ ਦੇ ਲੋਕ ‘ਆਪ’ ਆਗੂਆਂ ਤੋਂ ਇਹ ਹਿਸਾਬ ਜ਼ਰੂਰ ਮੰਗਣਗੇ ਕਿ ਵਿਕਾਸ, ਰੁਜ਼ਗਾਰ, ਸਿੱਖਿਆ, ਸਿਹਤ ਤੇ ਨਸ਼ਾ ਮੁਕਤੀ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਨੇ ਸੂਬੇ ਦੇ ਬੁਨਿਆਦੀ ਮਸਲਿਆਂ ਦੇ ਹੱਲ ਲਈ ਅਸਲ ’ਚ ਕੀ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹਰ ਵਰਗ ਤੇ ਹਰ ਪਰਿਵਾਰ ਦੇ ਹਿੱਤਾਂ ਦੀ ਸੱਚੀ ਰਖਵਾਲੀ ਕਰ ਸਕਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਨੰਬਰਦਾਰ ਜਗਵਿੰਦਰ ਸਿੰਘ ਪੰਮੀ, ਯੂਥ ਆਗੂ ਪਰਮਿੰਦਰ ਸਿੰਘ ਬਿੱਟੂ ਕੰਗ, ਸਰਪੰਚ ਦਵਿੰਦਰ ਸਿੰਘ ਮਝੈਲ, ਸਰਕਲ ਪ੍ਰਧਾਨ ਹਰਪ੍ਰੀਤ ਸਿੰਘ ਸੰਗਤਪੁਰਾ, ਸਰਕਲ ਕਾਈਨੌਰ ਦੇ ਪ੍ਰਧਾਨ ਬਲਜੀਤ ਸਿੰਘ ਅਰਨੋਲੀ, ਸੁੱਖਾ ਯੂ.ਕੇ., ਅਮਨ ਸੰਧੂ, ਗੁਰਜਸ਼ਨ ਸਿੰਘ ਤੇ ਗੁਰਬਾਜ ਸਿੰਘ ਸਮੇਤ ਕਈ ਵਰਕਰ ਹਾਜ਼ਰ ਸਨ।