ਸੁਖਰਾਮ ਬਾਗ ਵੈਲਫੇਅਰ ਸੁਸਾਇਟੀ ਵੱਲੋਂ ਪ੍ਰਭਾਤ ਫੇਰੀ ਦਾ ਸਵਾਗਤ
ਸੁਖਰਾਮ ਬਾਗ ਵੈਲਫੇਅਰ ਸੁਸਾਇਟੀ ਰੋਪੜ ਵੱਲੋਂ ਪ੍ਰਭਾਤ ਫੇਰੀ ਦਾ ਕੀਤਾ ਸਵਾਗਤ
Publish Date: Fri, 20 Nov 2026 04:10 PM (IST)
Updated Date: Fri, 20 Nov 2026 04:13 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੱਢੀ ਗਈ ਪ੍ਰਭਾਤ ਫੇਰੀ ਦਾ ਸੁਖਰਾਮ ਬਾਗ ਵੈਲਫੇਅਰ ਸੁਸਾਇਟੀ ਰੂਪਨਗਰ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪ੍ਰਭਾਤ ਫੇਰੀ ਦੌਰਾਨ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਸ਼ਬਦ ਸੁਣਾ ਕੇ ਨਿਹਾਲ ਕੀਤਾ ਗਿਆ। ਇਸ ਮੌਕੇ ਸੁਖਰਾਮ ਬਾਗ ਵੈਲਫੇਅਰ ਸੁਸਾਇਟੀ ਵੱਲੋਂ ਸੰਗਤਾਂ ਲਈ ਚਾਹ ਤੇ ਗਰਮਾ-ਗਰਮ ਜਲੇਬੀਆਂ ਦਾ ਲੰਗਰ ਵੀ ਲਗਾਇਆ ਗਿਆ, ਜਿਸ ਦਾ ਸੰਗਤਾਂ ਨੇ ਆਨੰਦ ਮਾਣਿਆ। ਇਸ ਮੌਕੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਸੱਚਾਈ, ਇਮਾਨਦਾਰੀ, ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਸੁਸਾਇਟੀ ਦੇ ਮੈਂਬਰਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ’ਚ ਅਪਣਾ ਕੇ ਆਪਸੀ ਭਾਈਚਾਰਕ ਸਾਂਝ, ਪਿਆਰ ਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵੱਲੋਂ ਪ੍ਰਭਾਤ ਫੇਰੀ ’ਚ ਸ਼ਾਮਲ ਸਮੂਹ ਸੰਗਤਾਂ ਦਾ ਧੰਨਵਾਦ ਵੀ ਕੀਤਾ ਗਿਆ।