ਜੀਨੀਅਸ ਸਕੂਲ ’ਚ ਤਿੰਨ ਰੋਜ਼ਾ ਵਰਕਸ਼ਾਪ ਜੀਨੀਅਸ ਸਕੂਲ ਵਿਖੇ ਤਿੰਨ ਰੋਜ਼ਾ ਵਰਕਸ਼ਾਪ ਦਾ ਆਯੋਜਨ
Publish Date: Fri, 20 Nov 2026 05:44 PM (IST)
Updated Date: Fri, 20 Nov 2026 05:46 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਦੇ ਸਹਿਯੋਗ ਨਾਲ 17 ਤੋਂ 19 ਨਵੰਬਰ 2026 ਤੱਕ ਮਾਨਸਿਕ ਸਿਹਤ ਤੇ ਵਿਦਿਆਰਥੀਆਂ ਦੀ ਭਲਾਈ ਸਬੰਧੀ ਤਿੰਨ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ‘ਸਕੂਲਾਂ ’ਚ ਮਾਨਸਿਕ ਸਿਹਤ ਰਾਹੀਂ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣਾ ਤੇ ਮਾਨਸਿਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਦਾ ਹੱਲ’ ਪਹਿਲਕਦਮੀ ਤਹਿਤ ਕਰਵਾਈ ਗਈ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ, ਭਾਵਨਾਤਮਕ ਤੰਦਰੁਸਤੀ ਤੇ ਤਣਾਅ ਨਾਲ ਨਜਿੱਠਣ ਦੇ ਸਿਹਤਮੰਦ ਤਰੀਕਿਆਂ ਬਾਰੇ ਜਾਗਰੂਕ ਕਰਨਾ ਸੀ। ਇਸ ਪ੍ਰੋਗਰਾਮ ’ਚ ਜਮਾਤ ਸੱਤਵੀਂ ਤੋਂ ਨੌਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਆਪਣੀਆਂ ਭਾਵਨਾਵਾਂ ਖੁੱਲ੍ਹ ਕੇ ਪ੍ਰਗਟ ਕਰਨ, ਆਪਸੀ ਗੱਲਬਾਤ ਨੂੰ ਉਤਸ਼ਾਹਿਤ ਕਰਨ ਤੇ ਜੀਵਨ ਪ੍ਰਤੀ ਸਕਾਰਾਤਮਕ ਸੋਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਵਰਕਸ਼ਾਪ ਦੇ ਉਦਘਾਟਨੀ ਸਮਾਰੋਹ ਮੌਕੇ ਸਕੂਲ ਵੱਲੋਂ ਡਾ. ਪ੍ਰੀਤਮ ਸੰਧੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਰੋਤ ਵਿਅਕਤੀਆਂ ਅੰਜੂ ਬਿੰਦਰਾ, ਸ਼ੰਭਵੀ ਨੇਗੀ ਤੇ ਜੀਵਨ ਜੋਤੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਮਾਨਸਿਕ ਤੰਦਰੁਸਤੀ ਬਣਾਈ ਰੱਖਣ ਤੇ ਭਾਵਨਾਤਮਕ ਮੁਸ਼ਕਲਾਂ ਨਾਲ ਨਜਿੱਠਣ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਝਿਜਕ ਦੇ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਨ, ਭਰੋਸੇਯੋਗ ਦੋਸਤਾਂ ਤੋਂ ਸਹਿਯੋਗ ਲੈਣ, ਆਪਣੇ ਵਿਚਾਰਾਂ ਨੂੰ ਲਿਖਣ ਦੀ ਆਦਤ ਪਾਉਣ ਤੇ ਸਕਾਰਾਤਮਕ ਗਤੀਵਿਧੀਆਂ ’ਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਮਝਾਇਆ ਕਿ ਆਪਣੀਆਂ ਸਮੱਸਿਆਵਾਂ ਨੂੰ ਮਨ ’ਚ ਦਬਾ ਕੇ ਰੱਖਣ ਦੀ ਬਜਾਏ ਉਨ੍ਹਾਂ ਬਾਰੇ ਖੁੱਲ੍ਹ ਕੇ ਗੱਲ ਕਰਨੀ ਚਾਹੀਦੀ ਹੈ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਭੁਪਿੰਦਰ ਸਿੰਘ ਜੀ ਤੇ ਗੁਨਵੰਤ ਕੌਰ ਨੇ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਮਾਨਸਿਕ ਤੇ ਭਾਵਨਾਤਮਕ ਸਿਹਤ ਵੱਲ ਧਿਆਨ ਦੇਣਾ ਸਮੇਂ ਦੀ ਮੁੱਖ ਲੋੜ ਹੈ। ਸਕੂਲ ਦੇ ਪ੍ਰਿੰਸੀਪਲ ਆਰ ਭੁਵਨਾ ਨੇ ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਤੇ ਸਮੂਹ ਸਰੋਤ ਵਿਅਕਤੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਿਹਤਮੰਦ, ਖੁਸ਼ਹਾਲ ਤੇ ਭਾਵਨਾਤਮਕ ਤੌਰ ’ਤੇ ਸੰਤੁਲਿਤ ਜੀਵਨ ਜਿਊਣ ਲਈ ਸਹੀ ਦਿਸ਼ਾ ਪ੍ਰਦਾਨ ਕਰਦੇ ਹਨ।