ਹਰ ਪਿੰਡ ਦੇ ਲੋਕ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਮੁਕਾਬਲਿਆਂ ’ਚ ਹਿੱਸਾ ਲੈਣ : ਡੀਸੀ ਹਰ ਪਿੰਡ ਦੇ ਨੌਜਵਾਨ, ਮਹਿਲਾਵਾਂ ਤੇ ਬਜ਼ੁਰਗ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਮੁਕਾਬਲਿਆਂ ’ਚ ਹਿੱਸਾ ਲੈਣ: ਡਿਪਟੀ ਕਮਿਸ਼ਨਰ
Publish Date: Wed, 09 Sep 2026 06:52 PM (IST)
Updated Date: Wed, 09 Sep 2026 06:52 PM (IST)
ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਬਲਾਕ ਪੱਧਰੀ ਮੁਕਾਬਲਿਆਂ ਨਾਲ ਸਾਰਿਆਂ ਨੂੰ ਜੋੜਨਾ ਲਾਜ਼ਮੀ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਨੂੰ ਜ਼ਿਲ੍ਹੇ ਵਿਚ ਉਤਸ਼ਾਹ ਅਤੇ ਜੋਸ਼ ਨਾਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਹਰ ਪਿੰਡ ਦੇ ਨੌਜਵਾਨ, ਮਹਿਲਾਵਾਂ, ਬੱਚੇ ਅਤੇ ਬਜ਼ੁਰਗ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਵੱਧ ਤੋਂ ਵੱਧ ਭਾਗ ਲੈਣ। ਡਿਪਟੀ ਕਮਿਸ਼ਨਰ ਨੇ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਨੌਜਵਾਨਾਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਪੈਦਾ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਲਈ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਹਰ ਵਰਗ ਦੀ ਸ਼ਮੂਲੀਅਤ ਯਕੀਨੀ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬਲਾਕ ਪੱਧਰੀ ਮੁਕਾਬਲੇ ਖੇਡ ਪ੍ਰਤਿਭਾ ਨੂੰ ਪਿੰਡ ਪੱਧਰ ਤੋਂ ਉਭਾਰਨ ਦਾ ਮਹੱਤਵਪੂਰਨ ਮੰਚ ਹਨ। ਇਸ ਲਈ ਅਧਿਕਾਰੀਆਂ ਅਤੇ ਖੇਡ ਵਿਭਾਗ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਪਿੰਡਾਂ ਵਿਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਕੇ ਖਿਡਾਰੀਆਂ ਨੂੰ ਇਨ੍ਹਾਂ ਮੁਕਾਬਲਿਆਂ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦੇਸ਼ ਸਿਰਫ਼ ਮੁਕਾਬਲੇ ਕਰਵਾਉਣਾ ਨਹੀਂ, ਬਲਕਿ ਪੰਜਾਬ ਦੇ ਹਰ ਪਿੰਡ ਅਤੇ ਹਰ ਘਰ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਨਾਲ ਜੁੜੇ ਨੌਜਵਾਨ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿੰਦੇ ਹਨ ਅਤੇ ਇੱਕ ਸਿਹਤਮੰਦ ਤੇ ਮਜ਼ਬੂਤ ਸਮਾਜ ਦੀ ਉਸਾਰੀ ਵਿੱਚ ਆਪਣਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਰਪੰਚਾਂ, ਪੰਚਾਇਤਾਂ, ਯੂਥ ਕਲੱਬਾਂ, ਸਪੋਰਟਸ ਕਲੱਬਾਂ, ਸਕੂਲਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚੋਂ ਵੱਧ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮਹਿਲਾਵਾਂ ਅਤੇ ਬਜ਼ੁਰਗਾਂ ਨੂੰ ਵੀ ਉਨ੍ਹਾਂ ਦੀ ਉਮਰ ਅਤੇ ਯੋਗਤਾ ਅਨੁਸਾਰ ਖੇਡ ਗਤੀਵਿਧੀਆਂ ਨਾਲ ਜੋੜਿਆ ਜਾਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 14 ਸਤੰਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 9 ਤੋਂ 11 ਸਤੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਚਮਕੌਰ ਸਾਹਿਬ ਅਤੇ ਰੂਪਨਗਰ ਬਲਾਕਾਂ ਦੇ ਮੁਕਾਬਲੇ ਹੋਣਗੇ, ਜਦਕਿ 12 ਤੋਂ 14 ਸਤੰਬਰ ਤੱਕ ਮੋਰਿੰਡਾ ਅਤੇ ਨੂਰਪੁਰ ਬੇਦੀ ਬਲਾਕਾਂ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਬਾਅਦ 21 ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ।