ਪਿੰਡ ਚੰਦਪੁਰ ਬੇਲਾ ਵਿਖੇ 26 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਨਵਾਂ ਪੁੱਲ : ਹਰਜੋਤ ਸਿੰਘ ਬੈਂਸ

ਕਿਹਾ, ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਨੁਕਸਾਨੇ ਪੁਲ਼ਾ ਨੂੰ ਮੁੜ ਕੀਤਾ ਜਾ ਰਿਹਾ ਮਜ਼ਬੂਤ
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਚੰਦਪੁਰ ਬੇਲਾ ਵਿਖੇ 26 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਸਟੀਲ ਦਾ ਪੁੱਲ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਹਲਕੇ ਵਿੱਚ ਕਰੀਬ 60 ਕਰੋੜ ਰੁਪਏ ਦੀ ਲਾਗਤ ਨਾਲ ਹੋਰ ਨਵੇਂ ਪੁੱਲਾਂ ਦੇ ਨਿਰਮਾਣ ਨੂੰ ਵੀ ਮਨਜ਼ੂਰੀ ਮਿਲੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਸੰਬੰਧੀ ਵੱਡੀ ਸਹੂਲਤ ਮਿਲੇਗੀ ਅਤੇ ਦਰਜਨਾਂ ਪਿੰਡਾਂ ਦੀ ਕਨੈਕਟੀਵਿਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪਹਿਲੀ ਵਾਰ ਹਲਕੇ ਵਿੱਚ ਨਵੇਂ ਪੁੱਲਾਂ ਦਾ ਨਿਰਮਾਣ ਵੱਡੇ ਪੱਧਰ ’ਤੇ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੁੱਲਾਂ ਦੀ ਉਸਾਰੀ ਜ਼ਿਆਦਾਤਰ ਕਾਰ ਸੇਵਾ ਵਾਲੇ ਮਹਾਂਪੁਰਖਾਂ ਵੱਲੋਂ ਹੀ ਕੀਤੀ ਜਾਂਦੀ ਰਹੀ, ਜਦਕਿ ਪਿਛਲੀਆਂ ਸਰਕਾਰਾਂ ਨੇ ਪੁੱਲਾਂ ਅਤੇ ਸੜਕਾਂ ਦੇ ਵਿਕਾਸ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਬੇਲਿਆਂ ਦੇ ਪਿੰਡਾਂ ਵਿੱਚ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ’ਤੇ ਇਸ ਦੇ ਨਾਲ ਹੀ ਕਰੀਬ 100 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਨਵੇਂ ਪੁੱਲਾਂ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਉਨ੍ਹਾਂ ਹੋਰ ਦੱਸਿਆ ਕਿ ਚੰਦਪੁਰ ਬੇਲਾ ਵਿਖੇ 26 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪੁੱਲ ਬਣੇਗਾ ਜਿਸ ਦਾ ਕੰਮ ਜਲਦ ਸ਼ੁਰੂ ਕਰਵਾਇਆ ਜਾਵੇਗਾ, ਜਦਕਿ ਸ਼ਾਹਪੁਰ ਬੇਲਾ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪੁੱਲ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬੇਲਾ ਧਿਆਨੀ ਤੋਂ ਅਜੋਲੀ ਤੱਕ 17 ਕਰੋੜ ਰੁਪਏ, ਪਿੰਡ ਨੱਕੀਆਂ ਵਿਖੇ 5 ਕਰੋੜ ਰੁਪਏ ਅਤੇ ਪਿੰਡ ਪਿੰਗਵੜੀ ਵਿੱਚ 6 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਪੁੱਲ ਬਣਾਏ ਜਾਣਗੇ। ਅਗੰਮਪੁਰ ਪੁੱਲ ਦੀ ਪ੍ਰੋਟੈਕਸ਼ਨ ਲਈ 6 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਵੀ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਕੈਬਨਿਟ ਮੰਤਰੀ ਨੇ ਵਿਰੋਧੀ ਧਿਰ ਦੇ ਆਗੂਆਂ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਦੱਸਣ ਕਿ ਆਪਣੇ ਕਾਰਜਕਾਲ ਦੌਰਾਨ ਹਲਕੇ ਵਿੱਚ ਕਿਹੜਾ ਨਵਾਂ ਪੁੱਲ ਜਾਂ ਸੜਕ ਬਣਾਈ ਗਈ।
ਉਨ੍ਹਾਂ ਕਿਹਾ ਕਿ ਵਿਰੋਧ ਕਰਨ ਦੀ ਬਜਾਏ ਲੋਕਾਂ ਨੂੰ ਇਹ ਵੀ ਦੱਸਿਆ ਜਾਣਾ ਚਾਹੀਦਾ ਹੈ ਕਿ ਪਿਛਲੇ ਸਮੇਂ ਵਿੱਚ ਹਲਕੇ ਦੇ ਵਿਕਾਸ ਲਈ ਉਨ੍ਹਾਂ ਨੇ ਹਲਕੇ ਵਿੱਚ ਕਿਹੜਾ ਨਵਾਂ ਪ੍ਰੋਜੈਕਟ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਐਲਗਰਾਂ ਪੁੱਲ ਦੀ ਮੁਰੰਮਤ ਲਈ ਸੰਬੰਧਿਤ ਮਹਿਕਮੇ ਵੱਲੋਂ ਪਹਿਲੀ ਵਾਰ 2012 ਵਿੱਚ ਉਸ ਵੇਲੇ ਦੀ ਸਰਕਾਰ ਨੂੰ ਚਿੱਠੀ ਭੇਜੀ ਗਈ ਸੀ ਅਤੇ 2021 ਤੱਕ ਲਗਾਤਾਰ ਯਾਦ ਦਿਵਾਇਆ ਜਾਂਦਾ ਰਿਹਾ, ਪ੍ਰੰਤੂ ਇਸ ਮਾਮਲੇ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਹੁਣ ਮੌਜੂਦਾ ਸਰਕਾਰ ਵੱਲੋਂ ਉਸ ਪੁੱਲ ਨੂੰ ਮਜ਼ਬੂਤ ਕਰਨ ਲਈ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਅੰਤ ਵਿੱਚ ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਜਿਹੜੇ ਕੰਮ ਅਜੇ ਬਾਕੀ ਹਨ, ਉਹ ਵੀ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ ’ਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ।
ਕੈਪਸ਼ਨ: ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ।