ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਅੱਜ ਆਨੰਦਪੁਰ ਸਾਹਿਬ ਵਿੱਚ ਹੋ ਗਿਆ ਹੈ, ਜਿੱਥੇ ਮੁੱਖ ਮੰਤਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ 'ਤੇ ਇੱਕ ਸਰਕਾਰੀ ਮਤਾ ਪੇਸ਼ ਕਰਨਗੇ। ਇਹ ਪਹਿਲੀ ਵਾਰ ਹੈ ਕਿ ਵਿਧਾਨ ਸਭਾ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਹੋ ਰਿਹਾ ਹੈ, ਜਿਸਦਾ ਮੁੱਖ ਉਦੇਸ਼ ਗੁਰੂ ਤੇਗ ਬਹਾਦਰ ਜੀ ਦੇ ਸਿਧਾਂਤਾਂ ਅਤੇ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨਾ ਹੈ।

ਜੈ ਸਿੰਘ ਛਿੱਬਰ, ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਅੱਜ ਅਨੰਦਪੁਰ ਸਾਹਿਬ ਵਿੱਚ ਸ਼ੁਰੂ ਹੋ ਗਿਆ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੇ ਸੱਤਾਧਾਰੀ ਪਾਰਟੀ ਦੇ ਵਿਧਾਇਕ ਵਿਸ਼ੇਸ਼ ਸੈਸ਼ਨ ਵਿੱਚ ਹਿੱਸਾ ਲੈਣ ਲਈ ਆਨੰਦਪੁਰ ਸਾਹਿਬ ਪਹੁੰਚ ਗਏ ਹਨ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਜੈਕਾਰਿਆਂ ਨਾਲ ਆਰੰਭ ਹੋਈ।
-ਪੰਜਾਬ ਵਿੱਚ ਸਥਿਤ ਤਿੰਨ ਤਖਤ ਸਾਹਿਬਾਨਾਂ ਤੇ ਗਲਿਆਰਿਆਂ ਨੂੰ ਪਵਿੱਤਰਤਾ ਦਾ ਦਰਜਾ ਦਿੱਤਾ।ਸ਼੍ਰੀ ਅਨੰਦਪੁਰ ਸਾਹਿਬ, ਦਮਦਮਾ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ਸਥਿਤ ਗਲਿਆਰਿਆਂ ਨੂੰ ਪਵਿੱਤਰ ਐਲਾਨਾਂ ਲਈ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਮਤਾ ਪੇਸ਼ ਕੀਤਾ ਜਿਸ ਨੂੰ ਸਰਬ ਸੰਮਤੀ ਨਾਲ ਪਾਸ ਕਰ ਲਿਆ ਗਿਆ।
-ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਚੰਡੀਗੜ੍ਹ ਅਤੇ MP ਅੰਮ੍ਰਿਤਪਾਲ ਸਿੰਘ ਉਤੇ NSA ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੱਸਦੇ ਹੋਏ ਰਿਹਾਈ ਦੀ ਮੰਗ ਕੀਤੀ ।
- ਸਪੀਕਰ ਨੇ ਸੁਖਪਾਲ ਸਿੰਘ ਖਹਿਰਾ ਨੂੰ ਬੋਲਣ ਲਈ ਸਮਾਂ ਨਾ ਦੇਣ ਉੱਤੇ ਕਿਹਾ ਕਿ ਗੁਰੂ ਦੀ ਧਰਤੀ ਉੱਤੇ ਵੀ ਵਿਤਕਰਾ ਕਰਦੇ ਹੋ। ਉਹਨਾਂ ਕਿਹਾ ਕਿ ਪਹਿਲਾ ਬੋਲਣ ਦਾ ਸਮਾਂ ਤਾਂ ਦਿੱਤਾ ਜਾਵੇ। ਖਹਿਰਾ ਨੇ ਕਿਹਾ ਕਿ ਤੁਸੀ ਕੀ ਸੁਨੇਹਾ ਦੇਣਾ ਸੁਨੇਹਾ ਚਾਹੁੰਦੇ ਹੋ। ਇਸ 'ਤੇ ਖਹਿਰਾ ਨੇ ਕਿਹਾ ਕਿ ਮੀਡੀਆ ਨੂੰ ਹਾਈਜੈਕਰ ਲਿਆ ਗਿਆ ਹੈ।
-ਸਪੀਕਰ ਨੇ ਸਾਰੀ ਕਰਵਾਈ ਨੂੰ ਐਕਸਪੰਜ ਕਰਵਾ ਦਿੱਤਾ ਪਰ ਉਹ ਵਿਰੋਧ ਕਰਦੇ ਹੋਏ ਸਦਨ ਵਿੱਚੋ ਵਾਕ ਆਊਟ ਕਰ ਗਏ।
ਇਸਦੇ ਜਵਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਸ਼ੋਰ ਮਚਾਉਣ ਵਾਲਾ, ਰੌਲਾ ਪਾਉਣ ਵਾਲਾ ਨਹੀਂ ਹੈ। ਮਾਨ ਨੇ ਕਿਹਾ ਕਿ ਪਰਮਾਤਮਾ ਇਹਨਾਂ ਨੂੰ ਸੁਮੱਤ ਬਖਸ਼ੇ।
-ਵਿਧਾਨ ਸਭਾ ਵਿੱਚ ਗਾਇਕ ਸਤਿੰਦਰ ਸਰਤਾਜ ਵੀ ਪਹੁੰਚੇ।
-ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁਨੀਸ਼ ਸਿਸੋਦੀਆ ਵੀ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਸਦਨ ਵਿਚ ਮੌਜੂਦ ਹਨ।
-ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰੀ ਮਤੇ ਦਾ ਸਮਰਥਨ ਕਰਦਿਆਂ ਭਾਜਪਾ ਦਾ ਨਾਂ ਲਏ ਬਗੈਰ ਕਿਹਾ ਕਿ ਪੰਜਾਬ ਵਿੱਚ ਰੋਜ਼ ਪੱਥਰ ਸੁੱਟ ਕੇ ਪਾਣੀ ਮਾਪਣ ਦੀ ਕੋਸ਼ਿਸ਼ ਕਿਨ੍ਹਾਂ ਵੱਲੋਂ ਕੀਤੀ ਜਾ ਰਹੀ ਹੈ। ਬੇਸ਼ੱਕ ਪੰਜਾਬ ਯੂਨੀਵਰਸਿਟੀ ਦਾ ਮਾਮਲਾ ਹੋਵੇ ਜਿੱਥੇ ਅਜਿਹੇ ਵਾਈਸ ਚਾਂਸਲਰ ਲਗਾਏ ਜਾ ਰਹੇ ਹਨ ਜੋ ਇੱਥੋਂ ਦੇ ਸੱਭਿਆਚਾਰ ਨੂੰ ਬਦਲਣਾ ਚਾਹੁੰਦੇ ਹਨ, ਉਹ ਇਤਿਹਾਸ ਨੂੰ ਬਦਲਣਾ ਚਾਹੁੰਦੇ ਹਨ।
-ਬਾਜਵਾ ਨੇ ਸਾਰਿਆਂ ਨੂੰ ਕੇਂਦਰ ਸਰਕਾਰ ਦੇ ਇਸ ਰਵੱਈਏ ਦੇ ਖਿਲਾਫ ਇਕਜੁੱਟ ਹੋਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਸਾਡੇ ਸਾਰਿਆਂ ਵਿੱਚ ਮਤਭੇਦ ਹੋ ਸਕਦੇ ਹਨ ਪਰ ਇੱਕ ਹੋ ਕੇ ਹੀ ਇਨ੍ਹਾਂ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਦੇ ਜੀਐਸਟੀ, ਕਦੇ ਯੂਨੀਵਰਸਿਟੀ ਤਾਂ ਕਦੇ ਆਰਡੀਐਫ ਦਾ ਮਾਮਲਾ ਲਿਆ ਕੇ ਸਾਨੂੰ ਪਰਖਿਆ ਜਾ ਰਿਹਾ ਹੈ।
-ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਬਲੀਦਾਨ ਪੂਰੇ ਵਿਸ਼ਵ ਵਿੱਚ ਅਦੁੱਤੀ ਹੈ ਅਤੇ ਉਨ੍ਹਾਂ ਦੇ ਫਲਸਫੇ ਕਾਰਨ ਹੀ ਸਮਾਨਤਾ ਦੀ ਗੱਲ ਸਾਹਮਣੇ ਆਈ। ਬੰਦਾ ਸਿੰਘ ਬਹਾਦਰ ਨੇ ਭੂਮੀਹੀਣਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ। ਮਹਾਰਾਜਾ ਰਣਜੀਤ ਸਿੰਘ ਨੇ ਧਰਮ ਨਿਰਪੱਖ ਰਾਜ ਚਲਾਇਆ ਜਿੱਥੇ ਸਾਰਿਆਂ ਨੂੰ ਪ੍ਰਤੀਨਿਧਤਾ ਦਿੱਤੀ ਗਈ। ਇਹ ਇਸ ਲਈ ਹੋਇਆ ਕਿਉਂਕਿ ਗੁਰੂਆਂ ਦੀ ਧਰਮ ਨਿਰਪੱਖ ਭਾਵਨਾ (ਸਪਿਰਟ) ਸੀ।
-ਹਾਲਾਂਕਿ, ਕੇਂਦਰ ਸਰਕਾਰ ਉੱਤੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀ ਗਈ ਟਿੱਪਣੀ 'ਤੇ ਭਾਜਪਾ ਦੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਰਾਜਨੀਤੀ ਕਰਨ ਲਈ ਕਈ ਹੋਰ ਮੰਚ ਹਨ ਪਰ ਉਹ ਆਪਣੀ ਆਦਤ ਤੋਂ ਬਾਜ਼ ਨਹੀਂ ਆਉਂਦੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸਮੇਂ ਕੇਵਲ ਪੰਡਿਤ ਹੀ ਤਿਲਕ, ਜਨੇਊ ਨਹੀਂ ਪਹਿਨਦੇ ਸਨ ਬਲਕਿ ਉਹ ਸਨਾਤਨ ਦੀ ਪਛਾਣ ਸੀ ਜਿਸ ਦੀ ਰੱਖਿਆ ਲਈ ਗੁਰੂ ਸਾਹਿਬ ਨੇ ਸ਼ਹਾਦਤ ਦਿੱਤੀ। ਇਸ ਲਈ ਉਨ੍ਹਾਂ ਨੂੰ ਹਿੰਦ ਦੀ ਚਾਦਰ ਕਿਹਾ ਗਿਆ। ਬਲੀਦਾਨ ਦੀ ਇਹ ਪਰੰਪਰਾ ਰੁਕੀ ਨਹੀਂ, ਸਗੋਂ ਗੁਰੂ ਪੁੱਤਰਾਂ ਤੱਕ ਗਈ। ਦੁਨੀਆ ਦੇ ਇਤਿਹਾਸ ਵਿੱਚ ਇਸ ਤਰ੍ਹਾਂ ਦੀ ਮਿਸਾਲ ਨਹੀਂ ਮਿਲਦੀ।
-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਮਤਾ ਪੇਸ਼ ਕੀਤਾ।
-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਸਮਾਗਮ ਵਿੱਚ ਸਾਰਿਆਂ ਨੂੰ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਦਾ ਜੈਕਾਰਾ ਬੁਲਇਆ। ਉਹਨਾਂ ਕਿਹਾ ਕਿ ਸਾਡੇ ਉਤੇ ਅਪਾਰ ਬਖਸ਼ਿਸ਼ ਹੋਈ ਹੈ ਕਿ ਭਾਈ ਜੈਤਾ ਜੀ ਯਾਦਗਾਰ ਵਿਖੇ, ਖਾਲਸੇ ਦੇ ਪਵਿੱਤਰ ਖੰਡੇ ਹੇਠ ਗੁਰੂ ਤੇਗ ਬਹਾਦਰ ਪਾਤਸ਼ਾਹ ਦੀ ਇਸ ਸ਼ਹਾਦਤ ਦਾ ਸੁਨੇਹਾ ਸਾਰੀ ਦੁਨੀਆ ਦੇ ਵਿੱਚ ਪਹੁੰਚਾਉਣ ਦੇ ਲਈ ਅਸੀਂ ਸਾਰੇ ਇਥੇ ਇਕੱਤਰ ਹੋਏ ਹਾਂ l
-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਵਿਧਾਨ ਸਭਾ ਵਿੱਚ ਪਹੁੰਚੇ।
-ਜਲੰਧਰ ਦੇ ਵਿਧਾਇਕ ਰਮਨ ਅਰੋੜਾ ਵੀ ਵਿਧਾਨ ਸਭਾ ਸੈਸ਼ਨ ਵਿੱਚ ਪੁੱਜੇ। ਜੇਲ੍ਹ ਵਿੱਚੋਂ ਰਿਹਾਅ ਹੋਣ ਬਾਦ ਅੱਜ ਉਹ ਪਹਿਲੀ ਵਾਰ ਵਿਧਾਨ ਸਭਾ ਦੀ ਕਾਰਵਾਈ ਵਿਚ ਹਿੱਸਾ ਲੈਣ ਪੁੱਜੇ ਹਨ।
-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੀ ਵਿਧਾਨ ਸਭਾ ਵਿੱਚ ਪਹੁੰਚੇ।
-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਸਦਨ ਦੀ ਕਾਰਵਾਈ ਦੇਖਣ ਪੁੱਜੇ।
-ਸਿੱਖਿਆ ਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ, ਵਿਧਾਨ ਸਭਾ ਵਿੱਚ ਨੰਗੇ ਪੈਰੀ ਇਕੱਲੇ ਇਕੱਲੇ ਮੈਂਬਰ ਅਤੇ ਦਰਸ਼ਕ ਕੋਲ ਪੁੱਜ ਕੇ ਉਹਨਾਂ ਦਾ ਹਾਲਚਾਲ ਪੁੱਛ ਰਹੇ ਹਨ ਅਤੇ ਸ਼੍ਰੀ ਅਨੰਦਪੁਰ ਸਾਹਿਬ ਪੁੱਜਣ 'ਤੇ ਸਵਾਗਤ ਕਰ ਰਹੇ ਹਨ।
-ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ, ਲੋਕ ਸਭਾ ਮੈਂਬਰ ਰਾਜਕੁਮਾਰ ਚੱਬੇਵਾਲ ਵੀ ਵਿਧਾਨ ਸਭਾ ਦੀ ਕਾਰਵਾਈ ਦੇਖਣ ਪੁੱਜੇ।
ਦੱਸ ਦੇਈਏ ਕਿ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਦੌਰਾਨ, ਮੁੱਖ ਮੰਤਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ 'ਤੇ ਇੱਕ ਸਰਕਾਰੀ ਮਤਾ ਪੇਸ਼ ਕਰਨਗੇ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਇਸ ਸੈਸ਼ਨ ਦੌਰਾਨ ਕੋਈ ਹੋਰ ਸਰਕਾਰੀ ਕੰਮ ਨਹੀਂ ਕੀਤਾ ਜਾਵੇਗਾ।
ਇਹ ਧਿਆਨ ਦੇਣ ਯੋਗ ਹੈ ਕਿ 25 ਨਵੰਬਰ ਨੂੰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਹੈ। ਇਹ ਸਰਕਾਰੀ ਪੱਧਰ 'ਤੇ ਵੱਡੇ ਪੱਧਰ 'ਤੇ ਮਨਾਈ ਜਾ ਰਹੀ ਹੈ। ਇਸ ਸੰਦਰਭ ਵਿੱਚ, ਗੁਰੂ ਸਾਹਿਬ ਨੂੰ ਸ਼ਰਧਾਂਜਲੀ ਦੇਣ ਲਈ ਆਨੰਦਪੁਰ ਸਾਹਿਬ ਵਿੱਚ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।
ਇਹ ਪਹਿਲੀ ਵਾਰ ਹੈ ਕਿ ਚੰਡੀਗੜ੍ਹ ਤੋਂ ਬਾਹਰ ਵਿਧਾਨ ਸਭਾ ਦਾ ਸੈਸ਼ਨ ਹੋ ਰਿਹਾ ਹੈ। ਇਸ ਮਤੇ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਸਿਧਾਂਤਾਂ ਅਤੇ ਸ਼ਹਾਦਤ ਨੂੰ ਸ਼ਰਧਾਂਜਲੀ ਦੇਣਾ ਹੈ।
ਹਾਲਾਂਕਿ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਸਰਕਾਰ ਇਸ ਮੌਕੇ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਦਰਜਾ ਦੇ ਸਕਦੀ ਹੈ, ਪਰ ਵਿਧਾਨ ਸਭਾ ਦੇ ਏਜੰਡੇ ਵਿੱਚ ਇਸ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ ਹੈ।