ਪੈਟਰੋਲ ਤੇ ਡੀਜ਼ਲ ਦੇ ਵਧੇ ਰੇਟਾਂ ਖ਼ਿਲਾਫ਼ ਆਟੋ ਵਰਕਰਾਂ ਨੇ ਕੀਤਾ ਮੁਜ਼ਾਹਰਾ
ਪੈਟਰੋਲ ਤੇ ਡੀਜ਼ਲ ਦੇ ਰੇਟ ਵਧਾਉਣ ਵਿਰੋਧ 'ਚ ਆਟੋ ਵਰਕਰਾਂ ਨੇ ਕੀਤਾ ਮੁਜ਼ਾਹਰਾ
Publish Date: Sat, 16 May 2026 04:26 PM (IST)
Updated Date: Sun, 17 May 2026 04:01 AM (IST)

ਮੁਕੇਸ਼ ਬਿੱਟੂ, ਪੰਜਾਬੀ ਜਾਗਰਣ, ਨਵਾਂਸ਼ਹਿਰ : ਨਿਊ ਆਟੋ ਵਰਕਰ ਯੂਨੀਅਨ (ਇਫਟੂ) ਨਵਾਂਸ਼ਹਿਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਵਿਰੁੱਧ ਮੁਜ਼ਾਹਰਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਪੁਨੀਤ ਕੁਮਾਰ ਕਲੇਰ, ਗੁਰਪ੍ਰੀਤ ਸਿੰਘ ਗੋਪੀ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਮਲਜੀਤ ਸਨਾਵਾ, ਪ੍ਰਧਾਨ ਕਿਰਨਜੀਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਤੀਜੇ ਦਿਨ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਕਾਰਪੋਰੇਟਾਂ ਦੀਆਂ ਤਿਜੌਰੀਆਂ ਭਰਨ ਦਾ ਕੰਮ ਕਰ ਰਹੀ ਹੈ ਅਤੇ ਆਮ ਲੋਕਾਂ ਦੀਆਂ ਜੇਬਾਂ ਕੱਟ ਰਹੀ ਹੈ। ਜਦਕਿ ਪ੍ਰਧਾਨ ਮੰਤਰੀ ਜਨਤਾ ਨੂੰ ਆਪਣੀਆਂ ਲੋੜਾਂ ਦੀ ਪੂਰਤੀ ਵਿਚ ਕਟੌਤੀ ਕਰਨ ਦੇ ਮਸ਼ਵਰੇ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ ਵਿਚ ਵਾਧੇ ਨਾਲ ਨਿੱਤ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਹੋਰ ਵੀ ਅਸਮਾਨੀ ਚੜ੍ਹ ਜਾਣਗੀਆਂ। ਜਿਸ ਨਾਲ ਲੋਕਾਂ ਨੂੰ ਆਪਣਾ ਗੁਜ਼ਾਰਾ ਕਰਨਾ ਹੋਰ ਵੀ ਮੁਸ਼ਕਿਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ ਵਧਣ ਨਾਲ ਟਰਾਂਸਪੋਰਟ ਧੰਦੇ ਨਾਲ ਜੁੜੇ ਲੋਕ ਹੋਰ ਵੀ ਪਰੇਸ਼ਾਨ ਹੋ ਜਾਣਗੇ। ਵੱਖ-ਵੱਖ ਆਗੂਆਂ ਵੱਲੋਂ ਤੇਲ ਅਤੇ ਗੈਸ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਵਾਪਸ ਲੈਣ ਅਤੇ ਆਮ ਵਸਤਾਂ ਦੀਆਂ ਕੀਮਤਾਂ ਨੂੰ ਵੱਧਣ ਤੋਂ ਰੋਕਣ ਦੀ ਮੰਗ ਕੀਤੀ ਗਈ। ਇਸ ਮੌਕੇ ਕਮਲਜੀਤ ਸਿੰਘ, ਬਲਿਹਾਰ ਸਿੰਘ, ਪ੍ਰੇਮ ਸਿੰਘ ਸ਼ਹਾਬਪੁਰ, ਸੁਰਿੰਦਰ ਮੀਰਪੁਰੀ ਤੇ ਹੋਰ ਮੌਜੂਦ ਸਨ।