ਚੋਣਾਂ ਅਮਨ-ਪੂਰਵਕ ਸੰਪੰਨ ਹੋਣ ’ਤੇ ਹਰਜੋਤ ਬੈਂਸ ਵੱਲੋਂ ਵੋਟਰਾਂ ਦਾ ਧੰਨਵਾਦ
ਚੋਣਾਂ ਅਮਨ-ਪੂਰਵਕ ਸੰਪੰਨ ਹੋਣ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੋਟਰਾਂ ਦਾ ਧੰਨਵਾਦ
Publish Date: Sun, 31 May 2026 04:21 PM (IST)
Updated Date: Mon, 01 Jun 2026 04:03 AM (IST)

ਪੰਜਾਬੀ ਜਾਗਰਣ ਟੀਮ, ਨੰਗਲ : ਸਥਾਨਕ ਨਗਰ ਕੌਂਸਲ ਚੋਣਾਂ ਅਮਨ-ਪੂਰਵਕ ਸੰਪੰਨ ਹੋਣ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ, ਸ਼੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦੇ ਇਲਾਕਾ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਵੱਡੀ ਗਿਣਤੀ ਵਿੱਚ ਵੋਟਿੰਗ ਕਰਕੇ ਲੋਕਤੰਤਰ ਨੂੰ ਮਜ਼ਬੂਤ ਬਣਾਇਆ ਹੈ। ਕੈਬਨਿਟ ਮੰਤਰੀ ਨੇ ਸਾਰੇ ਵੋਟਰਾਂ ਨੂੰ ਸਤਿ ਸ਼੍ਰੀ ਅਕਾਲ ਕਹਿੰਦੇ ਹੋਏ ਉਨ੍ਹਾਂ ਦੇ ਪਿਆਰ ਅਤੇ ਸਹਿਯੋਗ ਲਈ ਅਭਾਰ ਪ੍ਰਗਟਾਇਆ। ਉਨ੍ਹਾਂ ਨੇ ਕਿਹਾ ਕਿ ਨੰਗਲ ਵਾਸੀਆਂ ਵੱਲੋਂ ਆਮ ਆਦਮੀ ਪਾਰਟੀ ਨੂੰ 7 ਕੌੰਸਲਰ ਦੇ ਕੇ ਜੋ ਭਰੋਸਾ ਦਿੱਤਾ ਗਿਆ ਹੈ, ਉਹ ਉਨ੍ਹਾਂ ਲਈ ਬਹੁਤ ਵੱਡੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜਲਦ ਹੀ ਕੌਂਸਲ ਬਣਾਉਣ ਵੱਲ ਵਧੇਗੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਬੈਂਸ ਨੇ ਕਿਹਾ ਕਿ ਜਦੋਂ ਉਹ ਧੰਨਵਾਦ ਯਾਤਰਾ ਦੌਰਾਨ ਲੋਕਾਂ ਵਿੱਚ ਗਏ ਤਾਂ ਮਾਵਾਂ, ਭੈਣਾਂ ਅਤੇ ਨੌਜਵਾਨਾਂ ਦੀਆਂ ਅੱਖਾਂ ਵਿੱਚ ਉਮੀਦਾਂ ਅਤੇ ਵਿਸ਼ਵਾਸ ਦੇਖ ਕੇ ਉਹ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਇਹ ਪਿਆਰ ਅਤੇ ਸਨੇਹ ਹੀ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਾ ਹੈ ਅਤੇ ਉਹ ਲੋਕਾਂ ਦੀ ਹਰ ਉਮੀਦ ਨੂੰ ਪੂਰਾ ਕਰਨ ਲਈ ਵਚਨਬੱਧ ਹਨ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ, ਨੰਗਲ ਅਤੇ ਕੀਰਤਪੁਰ ਸਾਹਿਬ ਤਿੰਨਾਂ ਥਾਵਾਂ ’ਤੇ ਆਮ ਆਦਮੀ ਪਾਰਟੀ ਨੇ ਆਪਣੇ ਸਿੰਬਲ ’ਤੇ ਚੋਣਾਂ ਲੜੀਆਂ ਅਤੇ ਵਿਰੋਧੀ ਪਾਰਟੀਆਂ ਨੇ ਇਕੱਠੇ ਹੋ ਕੇ ਮੁਕਾਬਲਾ ਕੀਤਾ। ਉਨ੍ਹਾਂ ਕਿਹਾ ਕਿ ਕਈ ਵਾਰਡਾਂ ਵਿੱਚ ਵਿਰੋਧੀਆਂ ਨੇ ਇਕੱਠੇ ਹੋ ਕੇ ਵੋਟਾਂ ਟ੍ਰਾਂਸਫਰ ਕਰਨ ਦੀ ਕੋਸ਼ਿਸ਼ ਕੀਤੀ, ਫਿਰ ਵੀ ਲੋਕਾਂ ਨੇ ਆਪ ਦੇ ਹੱਕ ਵਿੱਚ ਫੈਸਲਾ ਦਿੱਤਾ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਪਿਛਲੇ ਸਮੇਂ ਦੌਰਾਨ ਕੀਤੇ ਵਿਕਾਸ ਕਾਰਜਾਂ ਦੇ ਨਤੀਜੇ ਵਜੋਂ ਪਾਰਟੀ ਨੂੰ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਕੀਰਤਪੁਰ ਸਾਹਿਬ ਵਿੱਚ ਵੀ ਅਜ਼ਾਦ ਉਮੀਦਵਾਰਾਂ ਦੇ ਬਾਵਜੂਦ ਆਮ ਆਦਮੀ ਪਾਰਟੀ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਬੈਂਸ ਨੇ ਕਿਹਾ ਕਿ ਤਿੰਨਾਂ ਸ਼ਹਿਰਾਂ ਵਿੱਚ ਪਾਰਟੀ ਦੀ ਕੌਂਸਲ ਬਣ ਰਹੀ ਹੈ, ਜੋ ਲੋਕਾਂ ਦੇ ਭਰੋਸੇ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ ਪਾਰਟੀ ਦੀ ਨਹੀਂ ਸਗੋਂ ਹਰ ਉਸ ਨਾਗਰਿਕ ਦੀ ਹੈ ਜਿਸਨੇ ਇਮਾਨਦਾਰ ਰਾਜਨੀਤੀ ’ਤੇ ਮੋਹਰ ਲਗਾਈ ਹੈ। ਵਿਰੋਧੀਆਂ ’ਤੇ ਨਿਸ਼ਾਨਾ ਸਾਧਦੇ ਹੋਏ ਬੈਂਸ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ ਗਲਤ ਤਰੀਕਿਆਂ ਨਾਲ ਚੋਣਾਂ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਸਾਫ-ਸੁਥਰੀ ਅਤੇ ਮੈਰਿਟ ਦੇ ਆਧਾਰ ’ਤੇ ਚੋਣ ਲੜੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਕਿਸੇ ਨਾਲ ਧੱਕਾ ਨਹੀਂ ਕੀਤਾ ਅਤੇ ਨਾ ਹੀ ਕਿਸੇ ਦੇ ਕਾਗਜ਼ ਰੱਦ ਕਰਵਾਏ। ਉਨ੍ਹਾਂ ਦਾਅਵਾ ਕੀਤਾ ਕਿ ਆਪ ਦੀ ਸਿਆਸਤ ਸਿਰਫ ਕੰਮ ਅਤੇ ਵਿਕਾਸ ਦੀ ਸਿਆਸਤ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਨੰਗਲ ਦੇ ਦਿਲ ਨੂੰ ਜਿੱਤਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਅੰਤ ’ਚ ਉਨ੍ਹਾਂ ਸਾਰੇ ਇਲਾਕਾ ਵਾਸੀਆਂ ਦਾ ਦੁਬਾਰਾ ਧੰਨਵਾਦ ਕੀਤਾ ਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।