ਗੈਰ ਕਾਨੂੰਨੀ ਮਾਈਨਿੰਗ ਖ਼ਿਲਾਫ਼ ਆਵਾਜ਼ ਉਠਾਉਣ ‘ਤੇ ਕਾਮਰੇਡ ਸੁਰਜੀਤ ਸਿੰਘ ਢੇਰ ਗ੍ਰਿਫਤਾਰ
ਗੈਰ ਕਾਨੂੰਨੀ ਮਾਈਨਿੰਗ ਖ਼ਿਲਾਫ਼ ਆਵਾਜ਼ ਉਠਾਉਣ ‘ਤੇ ਕਾਮਰੇਡ ਸੁਰਜੀਤ ਸਿੰਘ ਢੇਰ ਗ੍ਰਿਫਤਾਰ
Publish Date: Tue, 31 Mar 2026 04:24 PM (IST)
Updated Date: Tue, 31 Mar 2026 04:28 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਇਲਾਕੇ ਵਿਚ ਲੰਮੇ ਸਮੇਂ ਤੋਂ ਚੱਲ ਰਹੀ ਗੈਰ ਕਾਨੂੰਨੀ ਮਾਈਨਿੰਗ ਦੇ ਮਾਮਲੇ ਨੇ ਇਕ ਵਾਰ ਫਿਰ ਤੀਬਰ ਰੂਪ ਧਾਰ ਲਿਆ ਹੈ। ਸੱਤਲੁਜ ਦਰਿਆ ਅਤੇ ਸਵਾਂ ਨਦੀ ਵਿਚ ਡੀਸਿਲਟਿੰਗ ਦੇ ਨਾਂ ‘ਤੇ ਵੱਡੇ ਪੱਧਰ ‘ਤੇ ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹੋਏ ਮਾਈਨਿੰਗ ਕੀਤੀ ਜਾ ਰਹੀ ਹੈ, ਜਦਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਇਸ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੋਈ ਹੈ। ਇਸ ਦੇ ਬਾਵਜੂਦ ਮਾਈਨਿੰਗ ਮਾਫੀਆ ਬੇਖੌਫ਼ ਹੋ ਕੇ ਕੰਮ ਕਰ ਰਿਹਾ ਹੈ, ਜਿਸ ਕਾਰਨ ਇਲਾਕੇ ਦੇ ਵਾਤਾਵਰਨ ਅਤੇ ਕੁਦਰਤੀ ਸਾਧਨਾਂ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ। ਇਸ ਮਸਲੇ ਨੂੰ ਲੈ ਕੇ ਇਲਾਕਾ ਸੰਘਰਸ਼ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ ਸੀ। ਪਰ ਇਸ ਤੋਂ ਪਹਿਲਾਂ ਹੀ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਕਿਸਾਨ ਆਗੂ ਕਾਮਰੇਡ ਸੁਰਜੀਤ ਸਿੰਘ ਢੇਰ ਨੂੰ ਅੱਜ ਤੜਕਸਾਰ ਉਨ੍ਹਾਂ ਦੇ ਘਰ ਤੋਂ ਚੁੱਕ ਕੇ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਚ ਬੰਦ ਕਰ ਦਿੱਤਾ। ਜਾਣਕਾਰੀ ਅਨੁਸਾਰ, ਸੰਘਰਸ਼ ਕਮੇਟੀ ਵੱਲੋਂ ਪਹਿਲਾਂ ਵੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਨੂੰ ਮੰਗ ਪੱਤਰ ਸੌਂਪੇ ਜਾ ਚੁੱਕੇ ਹਨ, ਪਰ ਇਸ ਦੇ ਬਾਵਜੂਦ ਗੈਰ ਕਾਨੂੰਨੀ ਮਾਈਨਿੰਗ ਰੁਕਣ ਦੀ ਬਜਾਏ ਹੋਰ ਤੇਜ਼ੀ ਨਾਲ ਜਾਰੀ ਹੈ। ਕਮੇਟੀ ਦਾ ਕਹਿਣਾ ਹੈ ਕਿ ਮਾਈਨਿੰਗ ਮਾਫੀਆ ਨੂੰ ਕਿਸੇ ਦਾ ਡਰ ਨਹੀਂ ਅਤੇ ਉਹ ਬੇਰੋਕਟੋਕ ਮਾਈਨਿੰਗ ਕਰ ਰਹੇ ਹਨ। ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਇਸ ਗੈਰ ਕਾਨੂੰਨੀ ਗਤੀਵਿਧੀ ਨਾਲ ਜਿੱਥੇ ਸਰਕਾਰੀ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ, ਉੱਥੇ ਹੀ ਇਲਾਕੇ ਦਾ ਵਾਤਾਵਰਨ ਵੀ ਤਬਾਹ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਜ਼ਮੀਨ ਖਿਸਕ ਰਹੀ ਹੈ, ਕਿਸਾਨਾਂ ਦੀਆਂ ਕੀਮਤੀ ਜ਼ਮੀਨਾਂ ਪਾਣੀ ਹੇਠਾਂ ਜਾ ਰਹੀਆਂ ਹਨ ਅਤੇ ਕੁਦਰਤੀ ਸੰਤੁਲਨ ਖ਼ਤਰੇ ਵਿਚ ਪੈ ਗਿਆ ਹੈ। ਉਨ੍ਹਾਂ ਦੱਸਿਆ ਕਿ ਕਈ ਥਾਵਾਂ ‘ਤੇ 100 ਫੁੱਟ ਤੋਂ ਵੀ ਵੱਧ ਗਹਿਰਾਈ ਤੱਕ ਗੈਰ ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਹੈ, ਜੋ ਕਿ ਕਾਨੂੰਨੀ ਅਤੇ ਵਾਤਾਵਰਣਕ ਮਿਆਰਾਂ ਦੀ ਸਿੱਧੀ ਉਲੰਘਣਾ ਹੈ। ਕਮੇਟੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ‘ਚ ਤੁਰੰਤ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।