ਫੁੱਟ ਪਾਊ ਰਾਜਨੀਤੀ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਵਿਰੁੱਧ : ਮਾਨ
ਫੁੱਟ ਪਾਊ ਰਾਜਨੀਤੀ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
Publish Date: Thu, 07 May 2026 05:22 PM (IST)
Updated Date: Fri, 08 May 2026 04:09 AM (IST)

07ਐਨਐਸਆਰ03ਪੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਪ੍ਰਤਿਮਾ ਤੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ। ਪੰਜਾਬੀ ਜਾਗਰਣ 07ਐਨਐਸਆਰ04ਪੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ। ਪੰਜਾਬੀ ਜਾਗਰਣ 07ਐਨਐਸਆਰ05ਪੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਲਾਚੌਰ ਚ ਸ਼ੁਕਰਾਨਾ ਯਾਤਰਾ ਦੀ ਅਗਵਾਈ ਕਰਦੇ ਹੋਏ। ਪੰਜਾਬੀ ਜਾਗਰਣ 07ਐਨਐਸਆਰ06ਪੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ। ਪੰਜਾਬੀ ਜਾਗਰਣ * ਕਿਹਾ, ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਦੋਸ਼ੀ ਨੂੰ ਸਖ਼ਤ ਸਜ਼ਾ ਦੇਵੇਗਾ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਭਰ ’ਚ ਚੱਲ ਰਹੀ ਫੁੱਟ ਪਾਊ ਰਾਜਨੀਤੀ‘ਤੇ ਤਿੱਖਾ ਹਮਲਾ ਬੋਲਦਿਆਂ ਚੇਤਾਵਨੀ ਦਿੱਤੀ ਕਿ ਭਾਈਚਾਰਿਆਂ ਵਿਚ ਟਕਰਾਅ ਪੈਦਾ ਕਰਨ ਲਈ ਘੜੇ ਜਾ ਰਹੇ ਮਨਸੂਬੇ ਦੇਸ਼ ਨੂੰ ਉਨ੍ਹਾਂ ਆਦਰਸ਼ਾਂ ਤੋਂ ਦੂਰ ਧੱਕ ਰਹੇ ਹਨ। ਜਿਨ੍ਹਾਂ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਨੇ ਕੁਰਬਾਨੀਆਂ ਦਿੱਤੀਆਂ ਸਨ। ਸ਼ਹੀਦ-ਏ-ਆਜਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਬਣਾਇਆ ਹੈ, ਜੋ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਦੋਸ਼ੀ ਕਾਨੂੰਨੀ ਖਾਮੀਆਂ ਦਾ ਫਾਇਦਾ ਉਠਾ ਕੇ ਸਜ਼ਾ ਤੋਂ ਨਾ ਬਚ ਸਕੇ। ਮੁੱਖ ਮੰਤਰੀ ਨੇ ਐਕਸ ਤੇ ਲਿੱਖਿਆ ਕਿ ਪਰਮਾਤਮਾ ਦੀ ਅਪਾਰ ਕਿਰਪਾ ਨਾਲ, ਸਾਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਮੌਕਾ ਮਿਲਿਆ ਹੈ, ਜਿਸ ਲਈ ਅਸੀਂ ਗੁਰੂ ਸਾਹਿਬ ਦੇ ਸ਼ੁਕਰਗੁਜ਼ਾਰ ਹਾਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਵਵਿਆਪੀ ਸੰਦੇਸ਼ ਸਾਨੂੰ ‘ਸਰਬੱਤ ਦੇ ਭਲੇ ਦਾ ਮਾਰਗ ਦਿਖਾਉਂਦਾ ਹੈ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰਾਖੀ ਅਤੇ ਜਨਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਡਾ ਕੰਮ ਨਿਰੰਤਰ ਜਾਰੀ ਰਹੇਗਾ। ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਸ. ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਤਾਂ ਆਪਣਾ ਫ਼ਰਜ਼ ਸਮਝਦਿਆਂ ਸਾਡੇ ਮਹਾਨ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲ ਰਹੀ ਹੈ, ਪਰ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਦੇਖਿਆ ਗਿਆ ਆਜ਼ਾਦੀ ਦਾ ਸੁਪਨਾ ਅਜੇ ਵੀ ਅਧੂਰਾ ਹੈ। ਇਹ ਉਹ ਭਾਰਤ ਨਹੀਂ ਹੈ ਜਿਸ ਲਈ ਸਾਡੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਅੱਜ ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਲੋਕਤੰਤਰ ਅਤੇ ਰਾਸ਼ਟਰਵਾਦ ਦੀ ਭਾਵਨਾ ਦੇ ਵਿਰੁੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਅਜਾਈਂ ਨਹੀਂ ਜਾਣ ਦੇਵੇਗੀ। ਉਨ੍ਹਾਂ ਕਿਹਾ ਕਿ ਇੱਕ ਵਿਸ਼ਵ ਪੱਧਰੀ ਅਜਾਇਬ ਘਰ ਬਣਾਇਆ ਜਾ ਰਿਹਾ ਹੈ ਤਾਂ ਜੋ ਦੁਨੀਆ ਭਰ ਦੇ ਲੋਕ ਇਸ ਦਾ ਦੌਰਾ ਕਰਨ ਅਤੇ ਉਨ੍ਹਾਂ ਨੂੰ ਪਤਾ ਲੱਗੇ ਕਿ ਭਾਰਤ ਦੀ ਆਜ਼ਾਦੀ ਤੋਹਫ਼ਿਆਂ ਜਾਂ ਮਿਹਰਬਾਨੀਆਂ ਨਾਲ ਨਹੀਂ, ਸਗੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਵਰਗੇ ਅਨਮੋਲ ਹੀਰਿਆਂ ਦੀਆਂ ਮਹਾਨ ਕੁਰਬਾਨੀਆਂ ਰਾਹੀਂ ਹਾਸਲ ਕੀਤੀ ਗਈ ਸੀ। ਅਕਾਲੀ ਲੀਡਰਸ਼ਿਪ ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਕਦੇ ਵੀ ਅਜਿਹੇ ਕਾਨੂੰਨ ਦਾ ਸਮਰਥਨ ਨਹੀਂ ਕਰੇਗਾ। ਕਿਉਂਕਿ ਉਨ੍ਹਾਂ ਦੇ ਆਪਣੇ ਨਾਮ ਬੇਅਦਬੀ ਦੀਆਂ ਘਟਨਾਵਾਂ ਨਾਲ ਜੁੜੇ ਹੋਏ ਸਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਦਾ ਸਾਥ ਇਹ ਮੰਨ ਕੇ ਦਿੱਤਾ ਕਿ ਉਹ ਬਾਬਾ ਨਾਨਕ ਦੀ ਵਿਰਾਸਤ ਦਾ ਪਾਸਾਰ ਕਰਦੇ ਹਨ, ਪਰ ਉਨ੍ਹਾਂ ਦੇ ਹੀ ਕਾਰਜਕਾਲ ਦੌਰਾਨ ਸੜਕਾਂ ਤੇ ਬਾਬੇ ਨਾਨਕ ਦੀ ਬਾਣੀ ਰੋਲੀ ਗਈ। ਉਨ੍ਹਾਂ ਨੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸ਼ਰਧਾਲੂਆਂ ਤੇ ਪਾਣੀ ਦੀਆਂ ਤੋਪਾਂ ਅਤੇ ਗੋਲੀਆਂ ਚਲਾਉਣ ਦਾ ਹੁਕਮ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਲੋਕਾਂ ਤੋਂ ਹੋਰ ਕੀ ਉਮੀਦ ਕੀਤੀ ਜਾ ਸਕਦੀ ਹੈ? ਜਦੋਂ ਤੋਂ ਇਹ ਕਾਨੂੰਨ ਪਾਸ ਹੋਇਆ ਹੈ, ਪੰਜਾਬ ਵਿਚ ਅਕਾਲੀ ਦਲ ਦਾ ਇੱਕ ਵੀ ਨੇਤਾ ਦਿਖਾਈ ਨਹੀਂ ਦੇ ਰਿਹਾ। ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਉਨ੍ਹਾਂ ਦੇ ਨਾਮ ਸਾਹਮਣੇ ਆ ਸਕਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਲਾਚੌਰ ਚ ਕਿਹਾ ਕਿ ਉਹ ਇਹ ਦੇਖ ਕੇ ਬਹੁਤ ਖੁਸ਼ ਹਨ ਕਿ ਯਾਤਰਾ ਜਿੱਥੇ-ਜਿੱਥੇ ਵੀ ਪਹੁੰਚ ਰਹੀ ਹੈ, ਉੱਥੇ-ਉੱਥੇ ਵੱਡੀ ਗਿਣਤੀ ਵਿਚ ਲੋਕਾਂ ਦੀ ਭਾਗੀਦਾਰੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 2022 ਵਿਚ ਲੋਕਾਂ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾ ਰਹੀ ਹੈ ਅਤੇ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ। ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜੋ ਲੋਕਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ, ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ, 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਸੀਵਰੇਜ ਸਿਸਟਮ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਹਸਪਤਾਲਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ ਅਤੇ ਪੰਜਾਬ ਦਾ ਹਰ ਪਰਿਵਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਪ੍ਰਾਪਤ ਕਰਨ ਦੇ ਯੋਗ ਬਣਿਆ ਹੈ। ਕਿਸਾਨਾਂ ਨੂੰ ਦਿਨ ਵੇਲੇ ਮੁਫ਼ਤ ਬਿਜਲੀ ਮਿਲ ਰਹੀ ਹੈ, ਲਗਭਗ 14000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਨਹਿਰਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ। ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦਾ ਪਾਣੀ ਹਰ ਖੇਤ ਤੱਕ ਪਹੁੰਚੇ।