ਡਾ. ਦਲਜੀਤ ਸਿੰਘ ਚੀਮਾ ਨੇ ਹੋਲਾ-ਮਹੱਲਾ ਮੌਕੇ ਦਿੱਤੀ ਮੁਬਾਰਕਬਾਦ, ਧਰਮ ਪਰਿਵਰਤਨ ਸਬੰਧੀ ਦਿੱਤੇ ਬਿਆਨ 'ਤੇ ਸ਼ਾਹ ਨੂੰ ਘੇਰਿਆ
ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਧਰਮ ਪਰਿਵਰਤਨ ਸਬੰਧੀ ਦਿੱਤੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਡਾ. ਚੀਮਾ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੋਂ ਇਤਿਹਾਸਕ ਤੌਰ 'ਤੇ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਡਟ ਕੇ ਆਵਾਜ਼ ਉਠਾਈ ਗਈ ਸੀ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸਿਰਫ਼ ਬਿਆਨਾਂ ਤਕ ਸੀਮਤ ਰਹਿਣ ਦੀ ਬਜਾਏ ਅਜਿਹੇ ਢੰਗ ਦੇ ਠੋਸ ਕਦਮ ਚੁੱਕਣੇ ਚਾਹੀਦੇ ਹਨ, ਜਿਨ੍ਹਾਂ ਨਾਲ ਇਸ ਬਿਰਤੀ 'ਤੇ ਪ੍ਰਭਾਵਸ਼ਾਲੀ ਰੋਕ ਲਗ ਸਕੇ।
Publish Date: Mon, 02 Mar 2026 03:00 PM (IST)
Updated Date: Mon, 02 Mar 2026 04:04 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ੍ਰੀ ਆਨੰਦਪੁਰ ਸਾਹਿਬ : ਹੋਲੇ-ਮਹੱਲੇ ਦੇ ਪਾਵਨ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਮੂਹ ਪੰਜਾਬੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਿੱਖ ਕੌਮ ਦੀ ਸੂਰਬੀਰਤਾ, ਆਤਮਿਕ ਅਡੋਲਤਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ, ਜੋ ਸਮਾਜ ਨੂੰ ਸੱਚ ਅਤੇ ਨਿਆਂ ਦੇ ਰਸਤੇ ‘ਤੇ ਅਡਿੱਗ ਰਹਿਣ ਦਾ ਸੰਦੇਸ਼ ਦਿੰਦਾ ਹੈ।
ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਧਰਮ ਪਰਿਵਰਤਨ ਸਬੰਧੀ ਦਿੱਤੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਡਾ. ਚੀਮਾ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੋਂ ਇਤਿਹਾਸਕ ਤੌਰ 'ਤੇ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਡਟ ਕੇ ਆਵਾਜ਼ ਉਠਾਈ ਗਈ ਸੀ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸਿਰਫ਼ ਬਿਆਨਾਂ ਤਕ ਸੀਮਤ ਰਹਿਣ ਦੀ ਬਜਾਏ ਅਜਿਹੇ ਢੰਗ ਦੇ ਠੋਸ ਕਦਮ ਚੁੱਕਣੇ ਚਾਹੀਦੇ ਹਨ, ਜਿਨ੍ਹਾਂ ਨਾਲ ਇਸ ਬਿਰਤੀ 'ਤੇ ਪ੍ਰਭਾਵਸ਼ਾਲੀ ਰੋਕ ਲਗ ਸਕੇ।
ਇਸ ਦੇ ਨਾਲ ਹੀ ਉਨ੍ਹਾਂ ਈਰਾਨ ਤੇ ਇਜ਼ਰਾਇਲ 'ਚ ਬਣੇ ਤਣਾਅ ਭਰੇ ਹਾਲਾਤ 'ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਉੱਥੇ ਫਸੇ ਪੰਜਾਬੀਆਂ ਅਤੇ ਹੋਰ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਲਈ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸੰਬੰਧਤ ਦੂਤਘਰਾਂ ਨਾਲ ਰਾਬਤਾ ਕਾਇਮ ਕਰ ਕੇ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਤਰੀਕੇ ਨਾਲ ਦੇਸ਼ ਵਾਪਸ ਲਿਆਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਵੀ ਮੌਜੂਦ ਸਨ।